ਮੋਗਾ : ਆਏ ਦਿਨ ਸੂਬਾ ਸਰਕਾਰ ਵੱਲੋਂ ਸੜਕ ਸੁਰੱਖਿਆ ਤੇ ਕਾਨੂੰਨ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਇੰਨ ਬਿੰਨ ਲਾਗੂ ਕਰਾਉਣ ਦੇ ਲਈ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ। ਇਸੇ ਤਹਿਤ ਮੋਗਾ ਵਿਖੇ ਜਿਥੇ ਟਰੈਫਿਕ ਮੁਲਾਜ਼ਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਅਤੇ ਲੋਕਾਂ ਦੇ ਚਲਾਨ ਕੱਟੇ ਉਥੇ ਹੀ ਮੌਕੇ 'ਤੇ ਪਹੁੰਚੇ ਤਹਿਸੀਲਦਾਰ ਵੱਲੋਂ ਵੀ ਮੋਗਾ ਦੇ ਲੋਹਾਰਾ ਚੌਕ ਵਿਖੇ ਟ੍ਰੈਫਿਕ ਪੁਲਿਸ ਮੁਲਾਜ਼ਮਾਂ ਦੇ ਨਾਲ ਸਪੈਸ਼ਲ ਨਾਕਾ ਲਾ ਕੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਅਤੇ ਆਉਂਣ ਜਾਣ ਵਾਲੇ ਵਹੀਕਲਾਂ ਦੀ ਚੈਕਿੰਗ ਕੀਤੀ ਗਈ।
ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਾਲਾਨ ਕੱਟੇ ਗਏ: ਇਸ ਸਬੰਧੀ ਜਾਣਕਾਰੀ ਦਿੰਦਿਆਂ ਤਹਿਸੀਲਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਵੱਖ-ਵੱਖ ਵ੍ਹੀਕਲਾਂ ਤੇ ਆਉਣ-ਜਾਣ ਵਾਲੀਆਂ ਬੱਸਾਂ ਦੀ ਬਰੀਕੀ ਨਾਲ ਚੈਕਿੰਗ ਕੀਤੀ ਗਈ ਤੇ ਬਿਨਾਂ ਕਾਗਜ਼ਾਤ, 2 ਪਹੀਆ ਵਾਹਨ 'ਤੇ ਟਿ੍ੱਪਲ ਸਵਾਰੀ, ਬਿਨਾਂ ਨੰਬਰ ਪਲੇਟ ਆਦਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਾਲਾਨ ਕੱਟੇ ਗਏ। ਉਨ੍ਹਾਂ ਕਿਹਾ ਕਿ ਸੜਕ ਹਾਦਸਿਆਂ ਦੌਰਾਨ ਹੋ ਰਹੀਆਂ ਮੌਤਾਂ ਨੂੰ ਘੱਟ ਕਰਨ ਲਈ ਹਰੇਕ ਵਿਅਕਤੀ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਸਮੇਂ-ਸਮੇਂ 'ਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ : 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਵੱਲੋਂ ਵਾਹਨ ਚਲਾਉਣ ਤੋਂ ਰੋਕਿਆ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਨਸ਼ੇ ਦਾ ਸੇਵਨ ਕਰ ਕੇ ਵਾਹਨ ਚਲਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਟ੍ਰੈਫਿਕ ਪੁਲਿਸ ਵੱਲੋਂ ਸਮੇਂ-ਸਮੇਂ 'ਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਜਾਂਦਾ ਹੈ, ਇਸ ਦੇ ਬਾਵਜੂਦ ਵੀ ਲੋਕ ਆਪਣੇ ਵਾਹਨਾਂ ਦੇ ਕਾਗਜ਼ਾਤ ਪੂਰੇ ਨਹੀਂ ਰੱਖਦੇ। ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਲਗਾਤਾਰ ਜਾਰੀ ਰਹੇਗੀ ਤੇ ਆਵਾਜਾਈ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਕਲਰਕ ਨੀਰਜ ਭੱਲਾ, ਸੁਖਦੀਪ ਸ਼ਰਮਾ, ਕਾਂਸਟੇਬਲ ਅਮਨਦੀਪ, ਐੱਸਆਈ ਜਗਦੇਵ ਸਿੰਘ ਆਦਿ ਹਾਜ਼ਰ ਸਨ।
ਤੁਹਾਡੇ ਬੱਚੇ ਤੁਹਾਡਾ ਇੰਤਜਾਰ ਕਰ ਰਹੇ ਹੁੰਦੇ: ਤਹਿਸੀਲਦਾਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੜਕ ਸੁਰੱਖਿਆ ਤੇ ਕਾਨੂੰਨ ਦੀਆਂ ਹਦਾਇਤਾਂ ਦਿਤੀਆਂ ਜਾਂਦੀਆਂ ਹਨ ਉਹ ਤੇ ਧਿਆਨ ਦਿੱਤੋ ਜਾਵੇ ਕਿਊ ਕਿ ਤੁਹਾਡੇ ਘਰ ਵਿਚ ਵੀ ਤੁਹਾਡੀ ਮਾਂ ਤੁਹਾਡੇ ਬੱਚੇ ਤੁਹਾਡਾ ਇੰਤਜਾਰ ਕਰ ਰਹੇ ਹੁੰਦੇ ਹਨ ।