ਮੋਗਾ: ਪੰਜਾਬ ਸਰਕਾਰ, ਮਾਣਯੋਗ ਸੁਪਰੀਮ ਕੋਰਟ ਅਤੇ ਗ੍ਰੀਨ ਟ੍ਰਿਬਿਊਨਲ ਨੇ ਪਰਾਲੀ ਸਾੜਨ 'ਤੇ ਪਬੰਧੀ ਲਗਾਕੇ ਦਿੱਤੀ ਅਤੇ ਪਰਾਲੀ ਸਾੜਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਵੀ ਦਿੱਤੇ ਹਨ। ਪੰਜਾਬ ਸਰਕਾਰ ਨੇ ਸੂਬੇ ਵਿਚ ਪਰਾਲੀ ਸਾੜਣ ਦੀ ਪ੍ਰਥਾ ਨੂੰ ਪੂਰੀ ਤਰ੍ਹਾਂ ਨੱਥ ਪਾਉਣ ਲਈ ਮੋਗਾ ਜ਼ਿਲ੍ਹੇ ਦੇ ਪਿੰਡ ਖੋਸਾ ਪਾਂਡੋ ਵਿੱਚ 250 ਏਕੜ ਬਾਇਓ ਕਲਚਰ ਵਿਧੀ ਦੀ ਸ਼ੁਰੂਆਤ ਕੀਤੀ ਗਈ ਤਾਂ ਜੋ ਪਰਾਲੀ ਨੂੰ ਖੇਤਾਂ ਵਿੱਚ ਨਸ਼ਟ ਕੀਤਾ ਜਾ ਸਕੇ।
ਬੁੱਧਵਾਰ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਖੋਸਾ ਪਾਂਡੋ ਵਿੱਚ ਸੰਤ ਗੁਰਮੀਤ ਸਿੰਘ ਖੋਸਾ ਵਾਲਿਆਂ ਦੀ ਅਗਵਾਈ ਵਿੱਚ 250 ਏਕੜ ਬਾਇਓ ਕਲਚਰ ਵਿਧੀ ਰਾਹੀਂ ਝੋਨੇ ਦੀ ਪਰਾਲੀ ਖੇਤਾਂ ਵਿੱਚ ਨਸ਼ਟ ਕਰਨ ਦੀ ਸ਼ੁਰੂਆਤ ਕੀਤੀ ਗਈ। ਨਾਲ ਹੀ ਸੰਤ ਗੁਰਮੀਤ ਸਿੰਘ ਖੋਸਾ ਨੇ ਪਿੰਡ ਦੇ ਕਿਸਾਨਾਂ ਲਈ 1.5 ਕਰੋੜ ਰੁਪਏ ਦੀ ਲਾਗਤ ਦੇ ਖੇਤੀ ਸੰਦ ਤਿਆਰ ਕਰਵਾਏ ਹਨ।
ਇਸ ਮੌਕੇ ਖੇਤੀਬਾੜੀ ਮੁੱਖ ਅਫ਼ਸਰ ਬਲਵਿੰਦਰ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਸਰਕਾਰ ਨੇ ਬਾਇਓ ਕਲਚਰ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਵਿਧੀ ਨਾਲ ਇਸ ਵਾਰ 250 ਏਕੜ ਕਿਸਾਨਾਂ ਦੀ ਜ਼ਮੀਨ ਵਿੱਚ ਪਰਾਲੀ ਖ਼ਤਮ ਕਰਨ ਦੀ ਵਿਧੀ ਅਪਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਿਧੀ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ ਉਥੇ ਹੀ ਫਸਲ ਦਾ ਝਾੜ ਵੀ ਵੱਧ ਨਿਕਲਦਾ ਹੈ। ਉਨ੍ਹਾਂ ਕਿਹਾ ਕਿ ਤਿੰਨ ਜ਼ਿਲ੍ਹਿਆਂ ਵਿੱਚ ਇਸ ਵਾਰ ਇਹ ਵਿਧੀ ਸ਼ੁਰੂ ਕੀਤੀ ਗਈ ਹੈ।