ਮੋਗਾ: 27 ਫਰਵਰੀ ਤੋਂ 1 ਮਾਰਚ 2022 ਤੱਕ ਨੈਸ਼ਨਲ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ 1 ਲੱਖ 7 ਹਜ਼ਾਰ 59 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਹਰੀਸ਼ ਨਈਅਰ ਨੇ ਸਿਹਤ ਵਿਭਾਗ ਮੋਗਾ ਵੱਲੋਂ ਨੈਸ਼ਨਲ ਪਲਸ ਪੋਲੀਓ ਰਾਊਂਡ ਲਈ ਗਠਿਤ ਜ਼ਿਲ੍ਹਾ ਟਾਸਕ ਫੋਰਸ ਦੀ ਕਮੇਟੀ ਦੀ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਹਰਚਰਨ ਸਿੰਘ, ਸਿਵਲ ਸਰਜਨ ਮੋਗਾ ਡਾ. ਹਿਤਿੰਦਰ ਕਲੇਰ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਮਿਤੀ 27 ਫਰਵਰੀ ਨੂੰ 513 ਬੂਥਾਂ 'ਤੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ 28 ਫਰਵਰੀ ਤੇ 1 ਮਾਰਚ ਨੂੰ ਸਿਹਤ ਵਿਭਾਗ ਦੀਆਂ 876 ਟੀਮਾਂ ਵੱਲੋ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ, ਤਾਂ ਜੋ 0 ਤੋਂ 5 ਸਾਲ ਦੀ ਉਮਰ ਦਾ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹੇ।
ਇਸ ਮੌਕੇ ਸਿਵਲ ਸਰਜਨ ਮੋਗਾ ਡਾ. ਹਿਤਿੰਦਰ ਕੌਰ ਕਲੇਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਪੋਲੀਓ ਖਾਤਮਾ ਮੁਹਿੰਮ ਦੌਰਾਨ ਜ਼ਿਲ੍ਹੇ ਅੰਦਰ ਵੱਖ-ਵੱਖ ਬਲਾਕਾਂ ਅਤੇ ਸ਼ਹਿਰੀ ਖੇਤਰ ਵਿੱਚ ਟੀਮਾਂ ਨੂੰ ਲਾਮਬੰਦ ਕੀਤਾ ਗਿਆ ਹੈ, ਤਾਂ ਜੋ ਹਰ ਬੱਚੇ ਤੱਕ ਪੋਲੀਓ ਰਹਿਤ ਬੂੰਦਾਂ ਪਹੁੰਚ ਸਕਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਜਨਤਕ ਥਾਵਾਂ 'ਤੇ 21 ਟਰਾਂਜ਼ਿਟ ਟੀਮਾਂ ਵੱਲੋਂ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਲੋੜੀਦੀਆਂ ਮੋਬਾਇਲ ਟੀਮਾਂ ਲਗਾਈਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਇਸ ਮਕਸਦ ਲਈ 266 ਸੁਪਰਵਾਈਜ਼ਰ ਲਗਾਏ ਗਏ ਹਨ। ਉਨ੍ਹਾਂ ਆਮ ਲੋਕਾਂ ਅਤੇ ਸਮਾਜ ਸੇਵੀ ਸੰਸਥਾਂਵਾਂ ਨੂੰ ਇਸ ਮੁਹਿੰਮ ਦੌਰਾਨ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।
ਇਹ ਵੀ ਪੜ੍ਹੋ: ਪਿੰਡ ਦੇ ਲੋਕਾਂ ਦੀ ਨਸ਼ਾ ਵੇਚਣ ਵਾਲਿਆਂ ਨੂੰ ਚਿਤਾਵਨੀ, ਕਿਹਾ ਨਹੀਂ ਸੁਧਰੇ ਤਾਂ...