ਮੋਗਾ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਬਕਾ ਖੇਤੀਬਾੜੀ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਤੋਤਾ ਸਿੰਘ ਪਾਰਟੀ ਲਈ ਜ਼ੋਰਾਂ-ਸ਼ੋਰਾਂ ਨਾਲ ਪ੍ਰਚਾਰ ਕਰ ਰਹੇ ਹਨ। ਵਰਕਰਾਂ ਨਾਲ ਮੀਟਿੰਗਾਂ ਕਰ ਰਹੇ ਹਨ। ਸਾਬਕਾ ਸਰਕਾਰ ਦੀਆਂ ਤਰੀਫਾਂ ਦੇ ਕਸੀਦੇ ਪੜ੍ਹ ਰਹੇ ਹਨ, ਪਰ ਅਫ਼ਸੋਸ ਉਹ ਇਸ ਗੱਲ ਤੋਂ ਅਣਜਾਣ ਹਨ ਕਿ ਅਕਾਲੀ ਦਲ ਕਿਹੜੇ ਮੁੱਦਿਆਂ ਨੂੰ ਲੈ ਕੇ ਚੋਣ ਲੜੇਗਾ।
ਮੋਗਾ 'ਚ ਤੋਤਾ ਸਿੰਘ ਨੇ ਇੱਕ ਵੱਡੇ ਇਕੱਠ ਨੂੰ ਸੰਬੋਧਨ ਕੀਤਾ। ਇਸ ਦੌਰਾਨ ਜਦੋਂ ਉਨ੍ਹਾਂ ਮੀਡੀਆ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਤੋਂ ਪਾਰਟੀ ਦੇ ਮੱਦਿਆਂ ਬਾਰੇ ਸਵਾਲ ਪੁੱਛਿਆ ਗਿਆ। ਪਹਿਲਾਂ ਤਾਂ ਤੋਤਾ ਸਿੰਘ ਜਵਾਬ ਲੱਭਣ ਲੱਗੇ ਬਾਅਦ 'ਚ ਉਨ੍ਹਾਂ ਮੈਨੀਫੇਸਟੋ ਦਾ ਨਾਂਅ ਲੈ ਕੇ ਗੱਲ ਤੋਂ ਖਹਿੜਾ ਹੀ ਛੁਡਾ ਲਿਆ। ਉਨ੍ਹਾਂ ਕਿਹਾ ਕਿ ਪਾਰਟੀ ਦੇ ਮੈਨੀਫੇਸਟੋ 'ਚ ਹੀ ਸਾਰੇ ਮੁੱਦਿਆਂ ਦਾ ਜ਼ਿਕਰ ਕੀਤਾ ਜਾਵੇਗਾ।
ਤੋਤਾ ਸਿੰਘ ਨੇ ਪੰਜਾਬ ਸਰਕਾਰ 'ਤੇ ਵੀ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਆਪਣਾ ਕੋਈ ਵਾਅਦਾ ਪੂਰਾ ਨਹੀਂ ਕੀਤਾ ਹੈ।