ਮੋਗਾ: ਪੰਜਾਬੀ ਸਾਹਿਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਉੱਘੇ ਲੇਖਕ ਜਸਵੰਤ ਸਿੰਘ ਕੰਵਲ ਦਾ 100 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਜਸਵੰਤ ਸਿੰਘ ਕੰਵਲ ਦਾ ਅੰਤਿਸ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਢੁੱਡੀਕੇ ਵਿਖੇ ਕੀਤਾ ਗਿਆ। ਜਸਵੰਤ ਸਿੰਘ ਕੰਵਲ ਦੀ ਮੌਤ 'ਤੇ ਜਥੇਦਾਰ ਤੋਤਾ ਸਿੰਘ ਨੇ ਦੁੱਖ ਜ਼ਾਹਿਰ ਕਰਦਿਆਂ ਉਨ੍ਹਾਂ ਦੇ ਫ਼ਾਨੀ ਸੰਸਾਰ ਤੋਂ ਚਲੇ ਜਾਣ ਨੂੰ ਪੰਜਾਬੀ ਸਾਹਿਤ ਦਾ ਬਹੁਤ ਵੱਡਾ ਘਾਟਾ ਦੱਸਿਆ।
ਉਨ੍ਹਾਂ ਕਿਹਾ ਕਿ ਜਸਵੰਤ ਸਿੰਘ ਕੰਵਲ ਨਾਲ ਉਨ੍ਹਾਂ ਦੇ ਬਹੁਤ ਪੁਰਾਣੇ ਤੇ ਪਰਿਵਾਰਕ ਸਬੰਧ ਸਨ ਜਿਸ ਕਰਕੇ ਉਹ ਅਕਸਰ ਉਨ੍ਹਾਂ ਨੂੰ ਸੇਧ ਦਿੰਦੇ ਰਹਿੰਦੇ ਸਨ। ਉਨ੍ਹਾਂ ਦੇ ਜਾਣ ਨਾਲ ਪੰਜਾਬੀ ਸਾਹਿਤ ਜਗਤ ਨੂੰ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਦੇ ਅੰਤਿਮ ਸਸਕਾਰ ਮੌਕੇ ਸਾਹਿਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹੋਰ ਕਲਾ ਪ੍ਰੇਮੀ ਵੀ ਉੱਥੇ ਸ਼ਾਮਿਲ ਸਨ।
ਦੱਸ ਦਈਏ, ਜਸਵੰਤ ਸਿੰਘ ਕੰਵਲ ਦਾ ਜਨਮ ਪਿੰਡ ਢੁੱਡੀਕੇ ਵਿਖੇ ਸਿੰਘ 27 ਜੂਨ 1919 ਨੂੰ ਹੋਇਆ ਸੀ। ਉਨ੍ਹਾਂ ਨੇ ਆਪਣੀਆਂ ਲਿਖਤਾਂ ਅਤੇ ਨਾਵਲਾਂ ਰਾਹੀਂ ਪੰਜਾਬ ਅਤੇ ਪੰਜਾਬੀਅਤ ਦਾ ਦਰਦ ਲੋਕਾਂ ਸਾਹਮਣੇ ਪੇਸ਼ ਕੀਤਾ। ਪੰਜਾਬੀ ਸਾਹਿਤ ਜਗਤ ਵਿੱਚ ਉਨ੍ਹਾਂ ਦਾ ਨਾਂਅ ਬੜੇ ਅਦਬ ਤੇ ਸਤਿਕਾਰ ਨਾਲ ਲਿਆ ਜਾਂਦਾ ਹੈ।
ਜਸਵੰਤ ਸਿੰਘ ਕੰਵਲ ਦੇ ਅਕਾਲ ਚਲਾਣ 'ਤੇ ਸਮੁੱਚੇ ਸਾਹਿਤ ਜਗਤ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਬੇਸ਼ੱਕ ਉਹ 100 ਸਾਲ ਦੀ ਉਮਰ ਭੋਗ ਕੇ ਅਕਾਲ ਚਲਾਣਾ ਕਰ ਗਏ ਪਰ ਪੰਜਾਬੀ ਸਾਹਿਤ ਤੇ ਪੰਜਾਬੀਅਤ ਨੂੰ ਇੱਕ ਬਹੁਤ ਵੱਡਾ ਝਟਕਾ ਲੱਗਿਆ ਹੈ।