ਪਠਾਨਕੋਟ: ਆਪਣੀ ਮੰਗਾਂ ਨੂੰ ਲੈ ਕੇ ਬੈਂਕ ਮੁਲਾਜ਼ਮ ਸ਼ੁੱਕਰਵਾਰ ਤੋਂ 2 ਦਿਨ ਦੀ ਹੜਤਾਲ 'ਤੇ ਹਨ। ਬੈਂਕ ਹੜਤਾਲ ਦਾ ਅਸਰ ਭਾਰਤੀ ਸਟੇਟ ਬੈਂਕ ਦੇ ਨਾਲ-ਨਾਲ ਕਈ ਹੋਰ ਬੈਂਕਾਂ ਨੂੰ ਪੈ ਰਿਹਾ ਹੈ। ਪਠਾਨਕੋਟ ਦੇ ਢਾਂਗੂ ਰੋਡ 'ਤੇ ਸਥਿਤ ਐੱਸਬੀਆਈ ਦੀ ਬ੍ਰਾਂਚ ਦੇ ਬਾਹਰ ਬੈਂਕ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ। ਦੂਜੇ ਪਾਸੇ ਇਸ ਪ੍ਰਦਰਸ਼ਨ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਜ਼ਿਕਰਯੋਗ ਹੈ ਕਿ ਭਾਰਤੀ ਬੈਂਕ ਯੂਨੀਅਨ ਨੇ ਆਪਣੀਆਂ ਮੰਗਾਂ ਨਾ ਪੂਰੀਆਂ ਹੋਣ 'ਤੇ ਹੜਤਾਲ 'ਤੇ ਜਾਣ ਦਾ ਐਲਾਨ ਕੀਤਾ ਸੀ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਬੈਂਕ ਹੜਤਾਲ 'ਤੇ ਜਾ ਰਹੇ ਹਨ, ਇਸ ਬਾਰੇ ਉਨ੍ਹਾਂ ਨੂੰ ਕੋਈ ਸੂਚਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਬੈਂਕ ਵੱਲੋਂ ਵੀ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ, ਜਿਸ ਕਾਰਨ ਉਨ੍ਹਾਂ ਬਹੁਤ ਹੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਬੈਂਕ ਮੁਲਾਜ਼ਮਾਂ ਨੇ ਕਿਹਾ ਕਿ 2017 ਤੋਂ ਉਹ ਆਪਣੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ। ਪਰ, ਸਰਕਾਰ ਵੱਲੋਂ ਵੀ ਉਨ੍ਹਾਂ ਦੀ ਮੰਗਾਂ 'ਤੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਕਾਰਨ ਉਨ੍ਹਾਂ ਨੂੰ ਹੜਤਾਲ 'ਤੇ ਜਾਣਾ ਪਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਹੁਣ ਵੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ 'ਚ ਉਨ੍ਹਾਂ ਦਾ ਪ੍ਰਦਰਸ਼ਨ ਹੋਰ ਤੇਜ਼ ਹੋਵੇਗਾ।