ਪਠਾਨਕੋਟ: ਭਾਜਪਾ ਵੱਲੋਂ ਸ਼ਹਿਰ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਪੱਖ 'ਚ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ 'ਚ ਬਾਈਕ ਰੈਲੀ ਕੱਢੀ ਗਈ ਅਤੇ ਲੋਕਾਂ ਨੂੰ ਨਾਗਰਿਕਤਾ ਸੋਧ ਬਿੱਲ ਬਾਰੇ ਜਾਗਰੂਕ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਬਾਈਕ ਰੈਲੀ ਲੋਕਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਬਾਰੇ ਜਾਗਰੂਕ ਕਰਨ ਲਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਕੈਪਟਨ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਸੀਏਏ ਦੇ ਵਿਰੁੱਧ ਜੋ ਪ੍ਰਸਤਾਵ ਪਾਸ ਕੀਤਾ ਗਿਆ ਹੈ, ਉਹ ਗ਼ਲਤ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਦਾ ਦਿਨ ਪੰਜਾਬ ਦੀ ਰਾਜਨੀਤੀ ਲਈ ਕਾਲਾ ਦਿਨ ਸੀ। ਉਨ੍ਹਾਂ ਕਿਹਾ ਕਿ ਵਿਰੋਧੀ ਦਲ ਇਸ ਕਾਨੂੰਨ ਦਾ ਵਿਰੋਧ ਕਰ ਰਾਜਨੀਤਕ ਰੋਟੀਆਂ ਸੇਕ ਰਹੇ ਹਨ।
ਉਨ੍ਹਾਂ ਨਾਗਰਿਕਤਾ ਸੋਧ ਕਾਨੂੰਨ ਬਾਰੇ ਬੋਲਦਿਆਂ ਕਿਹਾ ਕਿ ਪਾਕਿਸਤਾਨ ਤੇ ਹੋਰਨਾਂ ਦੇਸ਼ਾਂ 'ਚ ਜਿਹੜੇ ਲੋਕਾਂ ਨੂੰ ਧਾਰਮਿਕ ਪੱਖੋਂ ਪਰੇਸ਼ਾਨ ਕੀਤਾ ਜਾਂਦਾ ਹੈ, ਜੇਕਰ ਉਹ ਭਾਰਤ ਨਹੀਂ ਆਉਣਗੇ ਤਾਂ ਕਿੱਥੇ ਜਾਣਗੇ। ਉਨ੍ਹਾਂ ਕਿਹਾ ਕਿ ਪੀਐਮ ਮੋਦੀ ਨੇ ਆਪਣੇ ਭਾਸ਼ਣ ਦੌਰਾਨ ਕਈ ਵਾਰ ਇਹ ਗੱਲ ਦੁਹਰਾਈ ਹੈ, ਕਿ ਨਾਗਰਿਕਤਾ ਸੋਧ ਕਾਨੂੰਨ, ਨਾਗਰਿਕਤਾ ਦੇਣ ਲਈ ਬਣਾਇਆ ਗਿਆ ਹੈ, ਨਾ ਕਿ ਲੈਣ ਲਈ।
ਇਸ ਤੋਂ ਇਲਾਵਾ ਸਾਬਕਾ ਮੰਤਰੀ ਮਾਸਟਰ ਮੋਹਨ ਲਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ, ਉਨ੍ਹਾਂ ਦੇ ਨਿੱਜੀ ਵਿਚਾਰ ਮੁਤਾਬਕ ਭਾਜਪਾ ਨੂੰ ਅਕਾਲੀਆਂ ਤੋਂ ਵੱਖ ਹੋ ਕੇ ਚੋਣ ਲੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ 'ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਹਿਮਾਚਲ 'ਚ ਭਾਜਪਾ ਤਿੰਨ ਸੀਟਾਂ ਤੋਂ ਵਧ ਸਰਕਾਰ ਬਣਾ ਸਕਦੀ ਹੈ ਤਾਂ ਪੰਜਾਬ ਚ ਕਿਉਂ ਨਹੀਂ। ਇੰਝ ਹੀ ਹਰਿਆਣਾ 'ਚ ਭਾਜਪਾ ਕਦੀ ਚਾਰ ਸੀਟਾਂ 'ਤੇ ਨਹੀਂ ਵਧੀ ਸੀ ਪਰ ਮੌਜੂਦਾ ਸਮੇਂ 'ਚ ਹਰਿਆਣਾ ਅੰਦਰ ਭਾਜਪਾ ਸਰਕਾਰ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਉਹ ਬਾਕੀ ਸੂਬਿਆਂ 'ਚ ਚੋਣਾਂ ਲੜ ਕੇ ਆਪਣੀ ਸਰਕਾਰ ਬਣਾ ਸਕਦੇ ਹਨ ਤਾਂ ਪੰਜਾਬ ਵਿੱਚ ਕਿਉਂ ਨਹੀਂ।