ਪਠਾਨਕੋਟ: ਹਲਕਾ ਭੋਆ ਦੇ ਪਿੰਡ ਸਰਨਾ ਵਿੱਚ ਲੋਕ ਸਭਾ ਉਮੀਦਵਾਰ ਸੁਨੀਲ ਜਾਖੜ ਦੇ ਹੱਕ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਪ੍ਰਚਾਰ ਕੀਤਾ। ਕੈਪਟਨ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੇ ਅਗਲੇ ਮੁੱਖ ਮੰਤਰੀ ਸੁਨੀਲ ਜਾਖੜ ਬਣ ਸਕਦੇ ਹਨ।
ਕੈਪਟਨ ਨੇ ਭਾਜਪਾ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਨ੍ਹਾਂ ਵਲੋਂ ਕੀਤੇ ਗਿਆ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ, ਤੇ ਨਾਂ ਹੀ ਕਿਸਾਨਾਂ ਦੇ ਕਰਜ਼ੇ ਮਾਫ਼ ਕੀਤੇ ਗਏ ਹਨ।
ਕੈਪਟਨ ਨੇ ਕਿਹਾ ਕਿ ਸਾਡੀ ਸਰਕਾਰ ਵਲੋਂ ਨੌਜਵਾਨਾਂ ਲਈ ਰੁਜ਼ਗਾਰ, ਕਿਸਾਨਾਂ ਦੀ ਫ਼ਸਲ ਦਾ ਸਹੀ ਮੁੱਲ ਅਤੇ ਇਲਾਵਾ ਹੋਰ ਬਹੁਤ ਕੁਝ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਪਹਿਲਾਂ ਰੁਜ਼ਗਾਰ ਮਿਲਣਾ ਚਾਹੀਦਾ ਹੈ, ਜਿਸ ਲਈ ਇੰਡਸਟਰੀਆਂ ਲਗਾਈਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਜ਼ਿਆਦਾਤਰ ਇਲਾਕੇ ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਲੱਗਦੇ ਹਨ। ਕੇਂਦਰ ਸਰਕਾਰ ਨੂੰ ਇਸ ਬਾਰੇ ਸੋਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੜੀਆਂ ਹੀ ਤਾਕਤਾਂ ਪੰਜਾਬ ਨੂੰ ਤੋੜਨਾ ਚਾਹੁੰਦੀਆਂ ਹਨ ਪਰ ਅਸੀਂ ਸਭ ਇਕ ਹਾਂ।