ਪਠਾਨਕੋਟ: ਮਸ਼ਹੂਰ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਬੀਤੇ ਦਿਨੀਂ ਹੋਏ ਕਤਲ ਕਾਰਨ ਜਿੱਥੇ ਪੂਰੀ ਦੁਨੀਆ ਸੋਗ ਵਿੱਚ ਹੈ, ਉੱਥੇ ਹੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਕਈ ਸਵਾਲ ਖੜ੍ਹੇ ਹੋ ਗਏ ਹਨ। ਸੂਬੇ ਦੀਆਂ ਵਿਰੋਧੀ ਪਾਰਟੀਆਂ ਵੱਲੋਂ ਭਗਵੰਤ ਮਾਨ ਸਰਕਾਰ ਉੱਪਰ ਵੱਡੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।
ਪਠਾਨਟੋਕ ਦੇ ਭੋਆ ਵਿੱਚ ਕਾਂਗਰਸ ਵੱਲੋਂ ਮਾਨ ਸਰਕਾਰ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਤੋਂ ਰਾਜਸਭਾ ਮੈਂਬਰ ਰਾਘਵ ਚੱਢਾ ਦਾ ਪੁਤਲਾ ਫੂਕਿਆ ਗਿਆ ਹੈ ਅਤੇ ਜੰਮਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਹੈ। ਸਾਬਕਾ ਕਾਂਗਰਸ ਵਿਧਾਇਕ ਜੋਗਿੰਦਰ ਪਾਲ ਵੱਲੋਂ ਸੂਬੇ ਦੀ ਵਿਗੜਦੀ ਜਾ ਰਹੀ ਕਾਨੂੰਨ ਵਿਵਸਥਾ ਨੂੰ ਲੈਕੇ ਕਈ ਸਵਾਲ ਚੁੱਕੇ ਜਾ ਰਹੇ ਹਨ। ਸਾਬਕਾ ਵਿਧਾਇਕ ਨੇ ਕਿਹਾ ਕਿ ਸਰਕਾਰ ਵੱਲੋਂ ਮੂਸੇਵਾਲਾ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਗਈ ਜਿਸ ਤੋਂ ਬਾਅਦ ਉਸ ਉੱਪਰ ਹਮਲਾ ਹੋਇਆ ਅਤੇ ਘਟਨਾ ਵਿੱਚ ਮਾਪਿਆਂ ਦਾ ਇਕਲੌਤਾ ਪੁੱਤ ਮਾਰਿਆ ਗਿਆ ਜਿਸਦੀ ਜ਼ਿੰਮੇਵਾਰ ਸਰਕਾਰ ਹੈ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦੋਂ ਤੋਂ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਉਸ ਸਮੇਂ ਤੋਂ ਹੀ ਪੰਜਾਬ ਦੇ ਹਾਲਾਤ ਮਾੜੇ ਹੁੰਦੇ ਜਾ ਰਹੇ ਹਨ ਜਿਸ ਉੱਪਰ ਸਰਕਾਰ ਨੂੰ ਧਿਆਨ ਦੇਣ ਦੀ ਜ਼ਰੂਰਤ ਹੈ। ਇਸਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਹੈ ਕਿ ਸਰਕਾਰ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ ਕਿਉਂਕਿ ਸਰਕਾਰ ਚਲਾਉਣ ਮਾਨ ਸਰਕਾਰ ਦੇ ਵਸ ਦੀ ਗੱਲ ਨਹੀਂ ਹੈ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪੰਜਾਬ ਵਿੱਚ ਗਰਮਾਇਆ VIP ਸੁਰੱਖਿਆ ਦਾ ਮੁੱਦਾ