ਪਠਾਨਕੋਟ: ਜ਼ਿਲ੍ਹੇ ਦੇ ਪਿੰਡ ਨੰਗਲ ਦੇ ਲੋਕਾਂ ਨੇ ਅੱਜ ਇੱਕਠੇ ਹੋ ਕੇ ਤਾਰਾਗੜ੍ਹ ਥਾਣੇ ਦੇ ਬਾਹਰ ਸੜਕ ’ਤੇ ਜਾਮ ਲਗਾ ਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਨਾਬਾਲਗ ਲੜਕੀ ਨੂੰ ਇੱਕ ਲੜਕੇ ਵੱਲੋਂ ਅਗਵਾ ਕਰ ਲਿਆ ਗਿਆ ਹੈ, ਜਿਸ 'ਤੇ ਪੁਲਿਸ ਵੱਲੋਂ ਕੋਈ ਸਖ਼ਤ ਕਾਰਵਾਈ ਨਾ ਕੀਤੇ ਜਾਣ ਕਾਰਨ ਉਨ੍ਹਾਂ ਵਿੱਚ ਰੋਸ ਹੈ, ਉਨ੍ਹਾਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਲੜਕੀ ਨੂੰ ਜਲਦੀ ਤੋਂ ਜਲਦੀ ਵਾਪਸ ਲਿਆਂਦਾ ਜਾਵੇ।
ਪੀੜਤ ਪਰਿਵਾਰ ਨੇ ਰੋਡ ਜਾਮ ਕਰ ਦਿੱਤਾ: ਦੂਜੇ ਪਾਸੇ ਪੁਲੀਸ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਪੀੜਤ ਪਰਿਵਾਰ ਨੇ ਰੋਡ ਜਾਮ ਕਰ ਦਿੱਤਾ ਅਤੇ ਸੜਕ ਉੱਤੇ ਲੋਕਾਂ ਨੇ ਧਰਨਾ ਲਗਾ ਦਿੱਤਾ। ਸਥਾਨਕ ਲੋਕਾਂ ਨੇ ਇਕੱਠੇ ਹੋ ਕੇ ਤਾਰਾਗੜ੍ਹ ਥਾਣੇ ਦੇ ਬਾਹਰ ਸੜਕ ’ਤੇ ਜਾਮ ਲਾ ਦਿੱਤਾ ਅਤੇ ਪੁਲੀਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਧਰਨੇ ਵਿੱਚ ਕਾਂਗਰਸ ਦੀ ਬੁਲਾਰਾ ਟੀਨਾ ਚੌਧਰੀ ਵੀ ਪੁੱਜੀ, ਜਿਨ੍ਹਾਂ ਨੇ ਪੀੜਤ ਪਰਿਵਾਰ ਨਾਲ ਧਰਨੇ ’ਤੇ ਬੈਠ ਕੇ ਪ੍ਰਦਰਸ਼ਨ ਕੀਤਾ।
10 ਦਿਨਾਂ ਤੋਂ ਅਗਵਾ: ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਨਬਾਲਿਗ ਲੜਕੀ ਨੂੰ ਇੱਕ ਲੜਕੇ ਵੱਲੋਂ ਪਿਛਲੇ ਕਰੀਬ 10 ਦਿਨਾਂ ਤੋਂ ਅਗਵਾ ਕੀਤਾ ਗਿਆ ਹੈ ਅਤੇ ਪੁਲਿਸ ਨੇ ਇੰਨੇ ਗੰਭੀਰ ਮਾਮਲੇ ਵਿੱਚ ਹੁਣ ਤੱਕ ਕੋਈ ਵੀ ਠੋਸ ਕਾਰਵਾਈ ਨਹੀਂ ਕੀਤੀ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ ਦੀ ਨਿਕੰਮੀ ਕਾਰਗੁਜ਼ਾਰੀ ਦੇ ਚੱਲਦੇ ਅੱਜ ਉਨ੍ਹਾਂ ਨੇ ਰੋਡ ਜਾਮ ਕੀਤਾ ਹੈ। ਪੀੜਤ ਪਰਿਵਾਰ ਨੇ ਜਲਦ ਤੋਂ ਜਲਦ ਲੜਕੀ ਨੂੰ ਸਹੀ ਸਲਾਮਤ ਵਾਪਿਸ ਲਿਆਉਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: Manisha Gulati removed: ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਕੀਤਾ ਲਾਂਭੇ
ਕਾਰਵਾਈ ਦਾ ਭਰੋਸਾ: ਇਸ ਸਬੰਧੀ ਜਦੋਂ ਡੀ.ਐਸ.ਪੀ ਸੁਮੇਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਸੀ ਕਿ ਨਾਬਾਲਗ ਲੜਕੀ ਨੂੰ ਵਰਗਲਾ ਕੇ ਭਜਾਉਣ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾਵੇ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਹਰ ਸੰਭਵ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਾਬਾਲਗ ਲੜਕੀ ਨੂੰ ਕਾਬੂ ਕਰਨ ਲਈ ਪੁਲਿਸ ਪੂਰੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਬਹੁਤ ਜਲਦ ਮੁਲਜ਼ਮ ਨੂੰ ਕਾਬੂ ਕਰਕੇ ਕੁੜੀ ਨੂੰ ਘਰ ਵਾਪਿਸ ਲਿਆਂਦਾ ਜਾਵੇਗਾ।