ਪਠਾਨਕੋਟ: ਸਰਕਾਰ ਵੱਲੋਂ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਦੇ ਲਈ ਕਈ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ। ਇਸ ਤਹਿਤ ਪਠਾਨਕੋਟ ਦੇ ਫੂਡ ਸੇਫ਼ਟੀ ਵਿਭਾਗ ਵੱਲੋਂ ਖਾਣ ਪੀਣ ਦੀਆਂ ਦੁਕਾਨਾਂ 'ਤੇ ਨਜ਼ਰ ਰੱਖੀ ਜਾ ਰਹੀ ਹੈ।
ਵਿਭਾਗ ਵੱਲੋਂ ਪੈਂਫਲੇਟ ਛਪਵਾ ਕੇ ਦੁਕਾਨਾ 'ਤੇ ਵੰਡੇ ਵੀ ਜਾ ਰਹੇ ਹਨ ਅਤੇ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਜੇਕਰ ਉਹ ਦੁਕਾਨਾਂ 'ਤੇ ਜਾਂਦੇ ਹਨ ਤਾਂ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਉਹ ਖੁਦ ਵੀ ਕਰਨ ਅਤੇ ਦੁਕਾਨਦਾਰ ਨੂੰ ਵੀ ਇਸ ਦੀ ਨਸੀਹਤ ਦੇਣ।
ਇਸ ਬਾਰੇ ਫੂਡ ਸੇਫਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਪੰਨੂੰ ਦੇ ਨਾਲ ਜਦੋਂ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਸਾਡੇ ਵਿਭਾਗ ਵੱਲੋਂ ਦੁਕਾਨਦਾਰਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਖ਼ਾਸਕਰ ਖਾਣ ਪੀਣ ਵਾਲੀਆਂ ਦੁਕਾਨਾਂ 'ਤੇ ਕੰਮ ਕਰ ਰਹੇ ਦੁਕਾਨਦਾਰਾਂ ਨੂੰ ਹਦਾਇਤਾਂ ਕੀਤੀਆ ਹਨ ਕਿ ਉਹ ਆਪਣਾ ਕੋਰੋਨਾ ਟੈਸਟ ਕਰਵਾਉਣ।
ਲੋਕਾਂ ਨੂੰ ਜਾਗਰੂਕ ਕਰਨ ਲਈ ਵਿਭਾਗ ਵਲੋਂ ਪੈਂਫਲੇਟ ਵੀ ਵੰਡੇ ਜਾ ਰਹੇ ਹਨ। ਇਸ ਦੇ ਬਾਵਜੂਦ ਵੀ ਜੇਕਰ ਕੋਈ ਦੁਕਾਨਦਾਰ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਉਸ ਉੱਪਰ ਕਾਰਵਾਈ ਕੀਤੀ ਜਾਵੇਗੀ।