ਪਠਾਨਕੋਟ : ਲੋਕ ਸਭਾ ਚੋਣਾਂ ਦੌਰਾਨ ਚੋਣ ਜ਼ਾਬਤਾ ਲਾਗੂ ਕੀਤੇ ਜਾਣ ਤੋਂ ਬਾਅਦ ਪੁਲਿਸ ਵੱਲੋਂ ਲਗਾਤਾਰ ਗੈਰ-ਕਾਨੂੰਨੀ ਕਾਰਵਾਈ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਰਕਮ ਅਤੇ ਨਾਜ਼ਾਇਜ ਸ਼ਰਾਬ ਦੀ ਵਰਤੋਂ ਨੂੰ ਰੋਕਣ ਦੀ ਪੂਰੀ ਕੋਸ਼ਿਸ਼ ਜਾਰੀ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਆਬਕਾਰੀ ਵਿਭਾਗ ਦੇ ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅੰਮ੍ਰਿਤਸਰ-ਪਠਾਨਕੋਟ ਹਾਈਵੇਅ 'ਤੇ ਟੋਲ ਪਲਾਜ਼ਾ ਦੇ ਨੇੜੇ ਦੋ ਗੁਦਾਮਾਂ ਦੇ ਵਿੱਚ ਭਾਰੀ ਗਿਣਤੀ 'ਚ ਸ਼ਰਾਬ ਰੱਖੀ ਗਈ ਹੈ। ਜਦ ਉਨ੍ਹਾਂ ਨੇ ਜ਼ਿਲ੍ਹਾ ਪੁਲਿਸ ਦੇ ਨਾਲ ਗੋਦਾਮਾਂ ਦੀ ਚੈਕਿੰਗ ਕੀਤੀ ਤਾਂ ਉਥੋਂ ਭਾਰੀ ਮਾਤਰਾ ਵਿੱਚ ਨਜ਼ਾਇਜ ਸ਼ਰਾਬ ਦੀਆਂ ਪੇਟੀਆਂ ਬਰਾਮਦ ਕੀਤੀਆਂ ਗਈਆਂ।
ਇਸ ਬਾਰੇ ਪੁਲਿਸ ਅਧਿਕਾਰੀ ਐਸ.ਐਚ.ਓ ਵਿਸ਼ਵਨਾਥ ਨੇ ਦੱਸਿਆ ਕਿ ਇਹ ਕਾਰਵਾਈ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਹੈ। ਜਲਦ ਹੀ ਇਨ੍ਹਾਂ ਗੋਦਾਮਾਂ ਦੇ ਮਾਲਿਕ ਬਾਰੇ ਪਤਾ ਕਰਕੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।