ਪਠਾਨਕੋਟ: ਦਿੱਲੀ ਵਿੱਚ ਕੇਂਦਰੀ ਜਾਂਚ ਏਜੰਸੀ ਨੇ ਜਾਂਚ ਤੋਂ ਬਾਅਦ ਦਿੱਲੀ ਦੇ ਉੱਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੂੰ ਸ਼ਰਾਬ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰੀ 'ਤੇ ਬੋਲਦੇ ਹੋਏ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮਨੀਸ਼ ਸਿਸੋਦੀਆ ਨੂੰ 5 ਮਹੀਨੇ ਦੀ ਜਾਂਚ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਹ ਭ੍ਰਿਸ਼ਟਾਚਾਰ 'ਚ ਸ਼ਾਮਲ ਪਾਏ ਗਏ ਹਨ, ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਚਿਹਰਾ ਹੁਣ ਸਭ ਦੇ ਸਾਹਮਣੇ ਆ ਗਿਆ ਹੈ।
ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ 'ਚ ਗਲਤਾਨ: ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ 'ਤੇ ਬੋਲਦੇ ਹੋਏ ਅਸ਼ਵਨੀ ਸ਼ਰਮਾ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ 'ਚ ਗਲਤਾਨ ਹੈ। ਉਨ੍ਹਾਂ ਕਿਹਾ ਮਨੀਸ਼ ਸਿਸੋਦੀਆ ਨੂੰ ਸੀ.ਬੀ.ਆਈ ਨੇ ਸ਼ਰਾਬ ਨੀਤੀ ਘਪਲੇ 'ਚ ਗ੍ਰਿਫਤਾਰ ਕੀਤਾ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਚਿਹਰਾ ਹੁਣ ਲੋਕਾਂ ਦੇ ਸਾਹਮਣੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਰੌਲਾ ਕਿਉਂ ਪਾ ਰਹੀ ਹੈ, ਇਹ ਦੇਸ਼ ਦੇ ਸੰਵਿਧਾਨ ਨਾਲ ਕੰਮ ਕਰੇਗੀ ਅਤੇ ਅਦਾਲਤ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਕਰ ਦੇਵੇਗੀ।
ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ 'ਤੇ ਵੱਡੇ ਸਵਾਲ: ਦੂਜੇ ਪਾਸੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਗੋਇੰਦਵਾਲ ਜੇਲ੍ਹ ਵਿੱਚ ਹੋਈ ਗੈਂਗ ਵਾਰ ਨੇ ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ 'ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਅਸ਼ਵਨੀ ਸ਼ਰਮਾ ਮੁਤਾਬਿਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਡੀ ਸ਼ਾਨ ਨਾਲ ਕਹਿ ਰਹੇ ਹਨ ਕਿ ਸੂਬੇ ਦੀ ਕਾਨੂੰਨ ਵਿਵਸਥਾ ਬੁਲਕੁਲ ਸਹੀ ਹੈ, ਉਨ੍ਹਾਂ ਕਿਹਾ ਕਿ ਜੇਕਰ ਇਹ ਕਾਨੂੰਨ ਵਿਵਸਥਾ ਠੀਕ ਹੈ ਤਾਂ ਸਰਕਾਰ ਨੂੰ ਰੱਬ ਦਾ ਡਰ ਰੱਖਣਾ ਚਾਹੀਦਾ ਹੈ। ਅਸ਼ਵਨੀ ਸ਼ਰਮਾ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਦਿਆਂ ਕਿਹਾ ਕਿ ਅੱਜ ਵੀ ਪੰਜਾਬ ਵਿੱਚ ਇੱਕ ਸਾਬਕਾ ਚੇਅਰਮੈਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ ਅਤੇ ਭਗਵੰਤ ਮਾਨ ਆਪਣੇ ਆਕਾਵਾਂ ਨੂੰ ਖੁਸ਼ ਕਰਨ ਲਈ ਦਿੱਲੀ ਵਿੱਚ ਬੈਠਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਪਹਿਲਾਂ ਆਪਣਾ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਭਗਵੰਤ ਮਾਨ ਨੂੰ ਇਹ ਵੀ ਸਮਝਣ ਦੀ ਲੋੜ ਹੈ ਕਿ ਅੱਜ ਕੇਂਦਰੀ ਜਾਂਚ ਏਜੰਸੀ ਨੇ ਕਿਸੇ ਸਿੱਖਿਆ ਮੰਤਰੀ ਨੂੰ ਨਹੀਂ ਸਗੋਂ ਸ਼ਰਾਬ ਨੀਤੀ ਕਰਕੇ ਭ੍ਰਿਸ਼ਟਾਚਾਰ ਵਿੱਚ ਗਲਤਾਨ ਸ਼ਖ਼ਸ ਨੂੰ ਚੁੱਕਿਆ ਹੈ। ਉਨ੍ਹਾਂ ਕਿਹਾ ਪੰਜਾਬ ਦੇ ਮੁੱਖ ਮੰਤਰੀ ਕੇਜਰੀਵਾਲ ਦੇ ਪਿੱਛੇ ਲੱਗ ਕੇ ਅੱਖਾਂ ਬੰਦ ਕਰਕੇ ਭ੍ਰਿਸ਼ਟਾਰੀਆਂ ਦਾ ਸਾਥ ਦੇ ਰਹੇ ਨੇ ਜਦ ਕਿ ਉਨ੍ਹਾਂ ਨੂੰ ਕਰੱਪਸ਼ਨ ਖ਼ਿਲਾਫ਼ ਆਪਣੀ ਜ਼ੀਰੋ ਟਾਲਰੈਂਸ ਦੀ ਨੀਤੀ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ।
ਇਹ ਵੀ ਪੜ੍ਹੋ: Gatka Training To Punjab Police : ਪੰਜਾਬ ਪੁਲਿਸ ਨੂੰ ਖਾਸ ਟ੍ਰੇਨਿੰਗ, ਹੁਣ ਹਿੰਸਕ ਭੀੜ ਦਾ ਇੰਝ ਸਾਹਮਣਾ ਕਰੇਗੀ ਪੰਜਾਬ ਪੁਲਿਸ