ਪਠਾਨਕੋਟ: ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਪਠਾਨਕੋਟ ਦੇ ਕਾਂਗਰਸ ਪਾਰਟੀ ਦੇ ਵਿੱਚ ਰਹਿ ਚੁੱਕੇ ਸਾਬਕਾ ਵਿਧਾਇਕ ਅਸ਼ੋਕ ਸ਼ਰਮਾ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ।
ਅਸ਼ੋਕ ਸ਼ਰਮਾ ਸ਼੍ਰੋਮਣੀ ਅਕਾਲੀ ਦਲ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਚੰਡੀਗੜ੍ਹ ਜਾ ਕੇ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ 'ਤੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਮਿੰਟੂ ਅਤੇ ਜ਼ਿਲ੍ਹਾ ਅਬਜ਼ਰਬਰ ਗੁਰਬਚਨ ਸਿੰਘ ਬੱਬੇਹਾਲੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਜਦੋਂ ਉਹ ਅੱਜ ਪਠਾਨਕੋਟ ਪੁੱਜੇ ਤਾਂ ਪਠਾਨਕੋਟ ਨਿਵਾਸੀਆਂ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ।
ਸਾਬਕਾ ਵਿਧਾਇਕ ਅਸ਼ੋਕ ਸ਼ਰਮਾ ਨੇ ਕਿਹਾ ਕਿ ਉਹ ਪਿਛਲੇ ਚਾਰ ਸਾਲ ਤੋਂ ਰਾਜਨੀਤੀ ਤੋਂ ਦੂਰ ਸਨ ਪਰ ਹੁਣ ਸੋਚ ਸਮਝ ਕੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਦਾਮਨ ਫੜਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪਠਾਨਕੋਟ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਮਿੰਟੂ ਨੇ ਉਨ੍ਹਾਂ ਦਾ ਪਾਰਟੀ ਦੇ ਵਿੱਚ ਆਉਣ 'ਤੇ ਨਿੱਘਾ ਸੁਆਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਉਨ੍ਹਾਂ ਦਾ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ।