ਪਠਾਨਕੋਟ: ਬਠਿੰਡਾ 'ਚ ਹਮਲੇ ਅਤੇ ਵਿਸਾਖੀ ਦੇ ਤਿਉਹਾਰ ਨੂੰ ਲੈ ਕੇ ਪਠਾਨਕੋਟ ਪੁਲਿਸ ਨੇ ਪਠਾਨਕੋਟ ਰੇਲਵੇ ਸਟੇਸ਼ਨ ਉਤੇ ਚੌਕਸੀ ਨਾਲ ਨਫਰੀ ਵਧਾ ਦਿੱਤੀ ਹੈ। ਪੰਜਾਬ ਪੁਲਿਸ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਵਿਖੇ ਸਵਾਰੀਆਂ ਦੇ ਸਾਮਾਨ ਦੀ ਚੈਕਿੰਗ ਕਰ ਰਹੀ ਹੈ। ਉਥੇ ਹੀ ਜੇਕਰ ਕੋਈ ਸ਼ੱਕੀ ਵਿਅਕਤੀ ਮਿਲਦਾ ਹੈ ਤਾਂ ਉਸ ਦੀ ਸ਼ਨਾਖਤ ਵੀ ਕੀਤੀ ਜਾ ਰਹੀ ਹੈ, ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਕੋਈ ਵਾਰਦਾਤ ਨੂੰ ਅੰਜਾਮ ਨਾ ਦੇ ਸਕੇ।
ਪਠਾਨਕੋਟ ਵਿਖੇ ਵੱਖ-ਵੱਖ ਥਾਵਾਂ ਉਤੇ ਚਲਾਈ ਸਰਚ ਮੁਹਿੰਮ : ਤੁਹਾਨੂੰ ਦੱਸ ਦੇਈਏ ਕਿ ਪਠਾਨਕੋਟ, ਜੋ ਕਿ ਬਹੁਤ ਹੀ ਸੰਵੇਦਨਸ਼ੀਲ ਜ਼ਿਲ੍ਹਾ ਹੈ, ਇੱਥੇ 2016 'ਚ ਏਅਰ ਬੇਸ 'ਤੇ ਅੱਤਵਾਦੀ ਹਮਲਾ ਹੋਇਆ ਸੀ, ਜਿਸ ਕਾਰਨ ਪੁਲਿਸ ਵਿਸਾਖੀ ਦੇ ਤਿਉਹਾਰ ਨੂੰ ਲੈ ਕੇ ਕਾਫੀ ਗੰਭੀਰ ਹੈ। ਪੁਲਿਸ ਵਿਭਾਗ ਪੂਰੀ ਤਰ੍ਹਾਂ ਅਲਰਟ 'ਤੇ ਹੈ ਅਤੇ ਹੁਣ ਜਿੱਥੇ ਬਠਿੰਡਾ 'ਚ ਹੋਏ ਹਮਲੇ ਨੂੰ ਲੈ ਕੇ ਪੰਜਾਬ ਪੁਲਿਸ ਪੂਰੀ ਤਰ੍ਹਾਂ ਸਰਗਰਮ ਹੈ, ਉਥੇ ਹੀ ਪਠਾਨਕੋਟ 'ਚ ਵੀ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਵੱਖ-ਵੱਖ ਥਾਵਾਂ 'ਤੇ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : Amritsar News: ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਉਤੇ ਲੱਗੇ ਅੰਮ੍ਰਿਤਪਾਲ ਸਿੰਘ ਦੇ ਪੋਸਟਰ, ਸੂਚਨਾ ਦੇਣ ਵਾਲੇ ਨੂੰ ਮਿਲੇਗਾ ਇਨਾਮ
ਰੇਲਵੇ ਸਟੇਸ਼ਨ ਉਤੇ ਯਾਤਰੀਆਂ ਦੇ ਸਾਮਾਨ ਦੀ ਚੈਕਿੰਗ : ਵਿਸਾਖੀ ਦੇ ਤਿਉਹਾਰ ਦੇ ਮੱਦੇਨਜ਼ਰ ਪੁਲਿਸ ਵੱਲੋਂ ਪੰਜਾਬ ਵਿੱਚ ਆਉਣ ਤੋਂ ਬਾਹਰ ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਕਸ਼ਮੀਰ ਤੋਂ ਆਉਣ ਵਾਲੀਆਂ ਰੇਲ ਗੱਡੀਆਂ ਨੂੰ ਵੀ ਰੋਕ ਯਾਤਰੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਇਨ੍ਹਾਂ ਰੂਟਾਂ ਦੀ ਵਰਤੋਂ ਕਰ ਕੇ ਪੰਜਾਬ ਵਿੱਚ ਦਾਖਲ ਹੋ ਕੇ ਕੋਈ ਵਾਰਦਾਤ ਨਾ ਕਰ ਸਕੇ। ਡੀਐਸਪੀ ਰੇਲਵੇ ਨੇ ਦੱਸਿਆ ਕਿ ਵਿਸਾਖੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪੁਲਿਸ ਨੇ ਆਪਣੀ ਚੌਕਸੀ ਵਧਾ ਦਿੱਤੀ ਹੈ, ਜਿਸ ਦੇ ਮੱਦੇਨਜ਼ਰ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ 'ਤੇ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਯਾਤਰੀਆਂ ਦੇ ਸਮਾਨ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ। ਕਿਸੇ ਵੀ ਸ਼ਰਾਰਤੀ ਅਨਸਰ ਨੂੰ ਪੁਲਿਸ ਵੱਲੋਂ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਹਾਨੂੰ ਕਿਸੇ ਵੀ ਵਿਅਕਤੀ ਜਾਂ ਵਸਤੂ ਉਤੇ ਸ਼ੱਕ ਪੈਂਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।
ਇਹ ਵੀ ਪੜ੍ਹੋ : ਵਿਸਾਖੀ ਮੌਕੇ ਸ੍ਰੀ ਅਨੰਦਪੁਰ ਸਾਹਿਬ 'ਚ ਸੰਗਤ ਦਾ ਆਇਆ ਹੜ੍ਹ, ਪੁਲਿਸ ਨੇ ਵੀ ਸੁਰੱਖਿਆ ਦੇ ਮੱਦੇਨਜ਼ਰ ਕੀਤੇ ਪ੍ਰਬੰਧ