ਪਠਾਨਕੋਟ: ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਵੱਖ-ਵੱਖ ਥਾਵਾਂ 'ਤੇ ਬੋਰ ਕਰਵਾ ਕੇ ਲੋਕਾਂ ਨੂੰ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਦਾਅਵੇ ਕਰਦੀ ਹੈ ਪਰ ਜ਼ਮੀਨੀ ਪੱਧਰ 'ਤੇ ਸਰਕਾਰ ਦੇ ਇਹ ਦਾਅਵੇ ਝੂਠੇ ਪੈਂਦੇ ਨਜ਼ਰ ਆ ਰਹੇ ਹਨ। ਅਜਿਹਾ ਹੀ ਮਾਮਲਾ ਪਠਾਨਕੋਟ ਦੇ ਘੜਥੋਲੀ ਮੁਹੱਲੇ ਤੋਂ ਸਾਹਮਣੇ ਆਇਆ ਹੈ। ਇੱਥੇ ਦੇ ਲੋਕ ਗੰਦੇ ਪਾਣੀ ਦੀ ਸਪਲਾਈ ਕਾਰਨ ਬੇਹਦ ਪਰੇਸ਼ਾਨ ਹਨ।
ਸਥਾਨਕ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਵਿੱਚ ਵਾਟਰ ਸਪਲਾਈ ਪਾਈਪਾਂ ਵਿੱਚ ਸੀਵਰੇਜ ਦਾ ਗੰਦਾ ਪਾਣੀ ਰੱਲ ਗਿਆ ਹੈ। ਇਸ ਕਾਰਨ ਇਲਾਕੇ 'ਚ ਸਥਿਤ ਸਾਰੇ ਹੀ ਘਰਾਂ ਵਿੱਚ ਦੂਸ਼ਿਤ ਪਾਣੀ ਦੀ ਸਪਲਾਈ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪਾਣੀ ਤੋਂ ਬਿਨਾਂ ਕੋਈ ਵੀ ਵਿਅਕਤੀ ਜਿੰਦਾ ਨਹੀਂ ਰਹਿ ਸਕਦਾ ਤੇ ਰੋਜ਼ਮਰਾ ਦੇ ਜ਼ਰੂਰੀ ਕੰਮਾਂ ਲਈ ਵੀ ਪੀਣ ਯੋਗ ਪਾਣੀ ਦੀ ਵਰਤੋਂ ਹੁੰਦੀ ਹੈ।
ਅਜਿਹੀ ਸਥਿਤੀ 'ਚ ਨੇੜਲੇ ਇਲਾਕਿਆਂ ਤੋਂ ਪਾਣੀ ਢੋਹ ਕੇ ਲਿਆਉਣ ਲਈ ਮਜਬੂਰ ਹਨ ਅਤੇ ਉਨ੍ਹਾਂ ਨੂੰ ਕਈ ਬਿਮਾਰੀਆਂ ਹੋਣ ਦਾ ਖ਼ਤਰਾ ਹੈ। ਉਨ੍ਹਾਂ ਨਗਰ ਨਿਗਮ ਵਿਰੁੱਧ ਰੋਸ ਪ੍ਰਗਟਾਉਂਦੇ ਹੋਏ ਆਖਿਆ ਕਿ ਉਹ ਜਲ ਸਪਲਾਈ ਵਿਭਾਗ ਅਤੇ ਨਗਰ ਨਿਗਮ ਵਿਭਾਗ ਨੂੰ ਸੀਵਰੇਜ ਪਾਈਪਾਂ ਨੂੰ ਠੀਕ ਕਰਨ ਬਾਰੇ ਕਈ ਵਾਰ ਅਪੀਲ ਕਰ ਚੁੱਕੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ।
ਲੋਕਾਂ ਨੇ ਨਗਰ ਨਿਗਮ ਖਿਲਾਫ ਰੋਸ ਪ੍ਰਗਟਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੇ ਇਲਾਕੇ 'ਚ ਢੰਗ ਨਾਲ ਸਫਾਈ ਨਹੀਂ ਹੁੰਦੀ। ਇਸ ਕਾਰਨ ਉਨ੍ਹਾਂ ਨੂੰ ਪਾਣੀ ਦੇ ਨਾਲ-ਨਾਲ ਹੋਰਨਾਂ ਦਿੱਕਤਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਸਮੱਸਿਆ ਦਾ ਹੱਲ ਨਾ ਹੋਣ ਕਾਰਨ ਲੋਕ ਗੰਦਾ ਪਾਣੀ ਪੀਣ ਲਈ ਮਜਬੂਰ ਹਨ। ਉਨ੍ਹਾਂ ਜਲਦ ਤੋਂ ਜਲਦ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਉਨ੍ਹਾਂ ਦੀ ਸਮੱਸਿਆ ਹੱਲ ਕੀਤੇ ਜਾਣ ਦੀ ਮੰਗ ਕੀਤੀ ਹੈ।