ਪਠਾਨਕੋਟ: ਪਿੰਡ ਥਰਿਆਲ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਭਾਰਤ ਦੇ ਕ੍ਰਿਕਟਰ ਸੁਰੇਸ਼ ਰੈਨਾ ਦੀ ਭੂਆ ਦੇ ਘਰ ਕੀਤੇ ਗਏ ਹਮਲੇ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਹੋਇਆ ਹੈ। ਇਸ ਵਿਸ਼ੇਸ਼ ਜਾਂਚ ਟੀਮ ਲਗਾਤਾਰ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਨੂੰ ਲੈ ਕੇ ਪੁਲਿਸ ਲਗਾਤਾਰ ਖੋਜ ਅਭਿਆਨ ਵਿੱਚ ਲੱਗੀ ਹੋਈ ਹੈ।
ਜਾਂਚ ਬਾਰੇ ਗੱਲ ਕਰਦੇ ਹੋਏ ਪਠਾਨਕੋਟ ਦੇ ਸੀਨੀਅਰ ਪੁਲਿਸ ਕਪਤਾਨ ਗੁਨਲੀਨ ਸਿੰਘ ਖੁਰਾਣਾ ਨੇ ਦੱਸਿਆ ਕਿ ਵਿਸ਼ੇਸ਼ ਜਾਂਚ ਟੀਮ ਆਈਜੀ ਬਾਡਰ ਰੇਜ਼ ਦੀ ਅਗਵਾਈ ਵਿੱਚ ਲਗਾਤਾਰ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਵੱਖ-ਵੱਖ ਪਹਿਲੂਆਂ 'ਤੇ ਜਾਂਚ ਅੱਗੇ ਵਧਾਈ ਜਾ ਰਹੀ ਹੈ। ਉਨ੍ਹਾਂ ਕਿਹਾ ਹੁਣ ਤੱਕ 38 ਸ਼ੱਕੀਆਂ ਤੋਂ ਪੁੱਛਗਿੱਛ ਕੀਤੀ ਗਈ ਹੈ। ਇਸੇ ਨਾਲ ਹੀ ਪੰਜਾਬ ਅਤੇ ਹਿਮਾਚਲ ਵਿੱਚ ਵੀ ਇਸ ਮਾਮਲੇ ਨੂੰ ਲੈ ਕੇ ਛਾਪੇਮਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਾਲੇ ਕੱਛੇ ਵਾਲਿਆਂ ਦੇ ਨਾਲ ਹੀ ਹੋਰ ਪਹਿਲੂਆਂ ਨੂੰ ਵੀ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਪਿੰਡ ਦੇ ਆਲੇ-ਦੁਆਲੇ ਮੁੜ ਖੋਜ ਅਭਿਆਨ ਚਲਾਇਆ ਜਾ ਰਿਹਾ ਹੈ।
ਐਸਐਸਪੀ ਨੇ ਕਿਹਾ ਕਿ ਪੁਲਿਸ ਦੀ ਹੁਣ ਤੱਕ ਦੀ ਜਾਂਚ ਸਹੀ ਲੀਹ 'ਤੇ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਪੁਲਿਸ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਨੂੰ ਕਾਬੂ ਕਰੇਗੀ।
ਤੁਹਾਨੂੰ ਦੱਸ ਦਈਏ ਕਿ ਬੀਤੀ 19 ਅਗਸਤ ਨੂੰ ਪਠਾਨਕੋਟ ਦੇ ਥਰਿਆਲ ਵਿੱਚ ਰਹਿੰਦੀ ਸੁਰੇਸ਼ ਰੈਨਾ ਦੀ ਭੂਆ ਦੇ ਘਰ ਰਾਤ ਨੂੰ ਕੁਝ ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ, ਜਿਸ ਵਿੱਚ ਰੈਨਾ ਦੇ ਫੁੱਫੜ ਅਸ਼ੋਕ ਕੁਮਾਰ ਦੀ ਮੌਤ ਹੋ ਗਈ ਸੀ ਅਤੇ 31 ਅਗਸਤ ਦੀ ਰਾਤ ਨੂੰ ਰੈਨਾ ਦੀ ਭੂਆ ਦੇ ਮੁੰਡੇ ਦੀ ਵੀ ਮੌਤ ਹੋ ਗਈ ਹੈ। ਘਟਨਾ ਵਿੱਚ ਜਖ਼ਮੀ ਹੋਈ ਰੈਨਾ ਦੀ ਭੂਆ ਅਜੇ ਵੀ ਹਸਪਤਾਲ ਵਿੱਚ ਜ਼ੇਰੇ-ਇਲਾਜ ਹੈ। ਜ਼ਿਕਰਯੋਗ ਹੈ ਕਿ ਸੁਰੇਸ਼ ਰੈਨਾ ਚੇੱਨਈ ਸੁਪਰ ਕਿੰਗਜ਼ ਵੱਲੋਂ ਆਈਪੀਐਲ ਮੈਚ ਖੇਡਣ ਲ਼ਈ ਦੁਬਈ ਗਏ ਸਨ ਪਰ ਇਸ ਘਟਨਾ ਦੀ ਖ਼ਬਰ ਮਿਲਦੇ ਸਾਰ ਹੀ ਉਹ ਭਾਰਤ ਪਰਤ ਆਏ ਹਨ।