ਪਠਾਨਕੋਟ: ਸ਼੍ਰੋਮਣੀ ਅਕਾਲੀ ਦਲ ਮੁਲਾਜ਼ਮ ਵਿੰਗ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡੀ.ਸੀ. ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਦੇ ਖ਼ਿਲਾਫ਼ ਧਰਨਾ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਧਰਨਾਕਾਰੀਆਂ ਵੱਲੋਂ 6ਵੇਂ ਪੇ ਕਮਿਸ਼ਨ, ਆਉਟਸੋਰਸਿੰਗ ਮੁਲਾਜ਼ਮ ਨੂੰ ਸੂਬਾ ਸਰਕਾਰ ਵੱਲੋਂ ਕੱਢਣਾ ਤੇ ਕਈ ਹੋਰ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ।
ਪੰਜਾਬ 'ਚ ਕਾਂਗਰਸ ਦੀ ਸਰਕਾਰ ਨੂੰ 3 ਸਾਲ ਦਾ ਸਮਾਂ ਬੀਤ ਚੁੱਕਿਆ ਹੈ ਪਰ ਚੋਣਾਂ ਦੌਰਾਨ ਕਾਂਗਰਸ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਹੁਣ ਤੱਕ ਪੂਰਾ ਨਹੀਂ ਕੀਤਾ ਗਿਆ। ਇਸ ਦੇ ਚਲਦਿਆਂ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਮੁਲਾਜ਼ਮ ਵਿੰਗ ਵੱਲੋਂ ਡੀ.ਸੀ. ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨੇ ਸਰਕਾਰ ਨੂੰ ਕੋਸਦਿਆਂ ਹੋਇਆਂ ਵਾਅਦੇ ਮੁਤਾਬਕ ਮੰਗਾਂ ਪੂਰੀਆਂ ਕਰਨ ਦੀ ਅਪੀਲ ਕੀਤੀ ਤੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਛੇਤੀ ਪੂਰੀਆਂ ਨਹੀਂ ਕੀਤੀਆਂ ਗਈਆਂ ਤਾਂ ਪ੍ਰਦਰਸ਼ਨ ਹੋਰ ਤੇਜ਼ ਕੀਤਾ ਜਾਵੇਗਾ।
ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਪ੍ਰਧਾਨ ਕਰਮਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰ ਰਹੀ ਹੈ, ਪਿਛਲੀ ਅਕਾਲੀ ਦਲ ਸਰਕਾਰ ਵੇਲੇ ਜਿਹੜੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਗਿਆ ਸੀ, ਮੌਜੂਦਾ ਸਰਕਾਰ ਉਨ੍ਹਾਂ ਨੂੰ ਕੱਢ ਰਹੀ ਹੈ ਤੇ 6ਵੇਂ ਪੇ ਕਮਿਸ਼ਨ ਨੂੰ ਵੀ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਤੋਂ ਇਲਾਵਾ ਵੀ ਕਈ ਮੰਗਾਂ ਹਨ ਜਿਨ੍ਹਾਂ ਸਬੰਧੀ ਧਰਨਾ ਦਿੱਤਾ ਗਿਆ ਤੇ ਕੱਲ੍ਹ ਗੁਰਦਾਸਪੁਰ ਧਰਨਾ ਦਿੱਤਾ ਜਾਵੇਗਾ।