ਪਠਾਨਕੋਟ: ਕੋਰੋਨਾ ਮਹਾਂਮਾਰੀ ਨੂੰ ਵੇਖਦੇ ਹੋਏ ਅਤੇ ਅਨਲੌਕ-2 ਦੀ ਪ੍ਰਕਿਰਿਆ ਨੂੰ ਸਹੀ ਤਰੀਕੇ ਨਾਲ ਚਲਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਕਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚੋਂ ਇੱਕ ਹੈ ਕਿ ਜੋ ਵੀ ਸ਼ਖਸ ਪੰਜਾਬ ਤੋਂ ਬਾਹਰੋਂ ਆਉਂਦਾ ਹੈ ਉਸ ਨੂੰ ਕੋਵਾ ਐਪ ਚੈੱਕ ਕਰਨ ਤੋਂ ਬਾਅਦ ਹੀ ਪੰਜਾਬ ਵਿੱਚ ਦਾਖ਼ਲ ਹੋਣ ਦਿੱਤਾ ਜਾਵੇ।
ਇਸ ਦੇ ਨਾਲ ਹੀ ਜੇ ਕਿਸੇ ਨੇ 72 ਘੰਟੇ ਤੋਂ ਜ਼ਿਆਦਾ ਪੰਜਾਬ ਵਿੱਚ ਰੁਕਣਾ ਹੈ ਤਾਂ ਉਸ ਨੂੰ ਕੁਆਰੰਟੀਨ ਕੀਤਾ ਜਾ ਰਿਹਾ ਹੈ। ਲਗਾਤਾਰ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਿੱਚ ਹੋ ਰਹੇ ਵਾਧੇ ਦੇ ਚੱਲਦੇ ਇਹ ਨਿਰਦੇਸ਼ ਹੋਰ ਜ਼ਿਆਦਾ ਸਖ਼ਤੀ ਨਾਲ ਲਾਗੂ ਕੀਤੇ ਜਾ ਰਹੇ ਹਨ ਜਿਸ ਦੇ ਚੱਲਦੇ ਪਠਾਨਕੋਟ ਤੋਂ ਪੰਜਾਬ ਹਿਮਾਚਲ ਬਾਰਡਰ ਉੱਤੇ ਇਹ ਸਖਤੀ ਦੇਖਣ ਨੂੰ ਮਿਲੀ।
ਪੰਜਾਬ ਵਿੱਚ ਦਾਖ਼ਲ ਹੋਣ ਵਾਲੇ ਬਾਹਰੀ ਸੂਬਿਆਂ ਦੇ ਲੋਕਾਂ ਨੂੰ ਰੋਕ ਕੇ ਚੈੱਕ ਕੀਤਾ ਜਾ ਰਿਹਾ ਹੈ ਜੇ ਉਨ੍ਹਾਂ ਨੇ ਪੰਜਾਬ ਵਿੱਚ ਜ਼ਿਆਦਾ ਸਮਾਂ ਰੁਕਣਾ ਹੈ ਤਾਂ ਉਨ੍ਹਾਂ ਨੂੰ ਕੁਆਰੰਟੀਨ ਕੀਤਾ ਜਾ ਰਿਹਾ ਹੈ ਤਾਂ ਜੋ ਕੋਰੋਨਾ ਮਰੀਜ਼ਾਂ ਦੀ ਵਧ ਰਹੀ ਗਿਣਤੀ ਨੂੰ ਰੋਕਿਆ ਜਾ ਸਕੇ।
ਇਨ੍ਹਾਂ ਗੱਲਾਂ ਦਾ ਖੁਲਾਸਾ ਇੰਟਰ ਸਟੇਟ ਨਾਕੇ ਉੱਤੇ ਬੈਠੇ ਮੁਲਾਜ਼ਮਾਂ ਨੇ ਕੀਤਾ। ਉਨ੍ਹਾਂ ਦੱਸਿਆ ਕਿ ਬਾਹਰੀ ਸੂਬਿਆਂ ਤੋਂ ਆ ਰਹੇ ਲੋਕਾਂ ਨੂੰ ਰੋਕ ਕੇ ਕੋਵਾ ਐਪ ਚੈੱਕ ਕੀਤੀ ਜਾ ਰਹੀ ਹੈ ਅਤੇ ਜੇ ਕਿਸੇ ਨੇ ਕੋਵਾ ਐਪ ਡਾਊਨਲੋਡ ਨਹੀਂ ਕੀਤੀ ਤਾਂ ਕਰਵਾਈ ਜਾ ਰਹੀ ਹੈ। ਇਸ ਦੇ ਨਾਲ ਹੀ ਜੇ ਕਿਸੇ ਨੇ 72 ਘੰਟੇ ਤੋਂ ਜ਼ਿਆਦਾ ਰੁਕਣਾ ਹੈ ਤਾਂ ਉਸ ਨੂੰ ਕੁਆਰੰਟੀਨ ਕੀਤਾ ਜਾ ਰਿਹਾ ਹੈ।