ਪਠਾਨਕੋਟ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਲਗਾਤਾਰ ਕੇਂਦਰ ਸਰਕਾਰ ਅਤੇ ਭਾਜਪਾ ਆਗੂਆਂ ਵਿਰੁੱਧ ਧਰਨੇ ਪ੍ਰਦਰਸ਼ਨ ਜਾਰੀ ਹਨ ਅਤੇ ਘਿਰਾਉ ਕੀਤਾ ਜਾ ਰਿਹਾ ਹੈ। ਸ਼ਨੀਵਾਰ ਨੂੰ ਲੋਕ ਇਨਸਾਫ਼ ਪਾਰਟੀ ਵੱਲੋਂ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਵਿੱਚ ਪਠਾਨਕੋਟ ਵਿਖੇ ਪੁੱਜ ਕੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਘਿਰਾਉ ਕੀਤਾ ਗਿਆ।
ਲੋਕ ਇਨਸਾਫ਼ ਪਾਰਟੀ ਦੇ ਵਰਕਰ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਦੇ ਘਿਰਾਉ ਲਈ ਪਠਾਨਕੋਟ ਪੁੱਜੇ ਹੋਏ ਸਨ। ਸਾਰੇ ਵਰਕਰਾਂ ਨੇ ਕਾਲੇ ਚੋਲੇ ਪਾ ਕੇ ਹੱਥਾਂ ਵਿੱਚ 'ਖੇਤੀ ਆਰਡੀਨੈਂਸ ਰੱਦ ਕਰੋ' ਦੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ ਅਤੇ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ।
ਇਸ ਮੌਕੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਦੇ ਧਰਨੇ ਦਾ ਉਦੇਸ਼ ਇਹ ਹੈ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਕਾਲੇ ਕਾਨੂੰਨਾਂ ਵਿਰੁੱਧ ਭਾਜਪਾ ਆਗੂ ਦੀਆਂ ਆਪਣੇ ਪੰਜਾਬ ਪ੍ਰਧਾਨ ਹੋਣ ਦੇ ਨਾਤੇ ਅੱਖਾਂ ਖੁੱਲ੍ਹ ਜਾਣ।
ਉਨ੍ਹਾਂ ਕਿਹਾ ਕਿ ਇਹ ਖੇਤੀ ਬਿੱਲ ਕਿਸਾਨ ਵਿਰੋਧੀ ਹੋਣ ਦੇ ਨਾਲ-ਨਾਲ ਲੋਕ ਵਿਰੋਧੀ ਵੀ ਹਨ। ਇਸ ਲਈ ਉਹ ਭਾਜਪਾ ਆਗੂ ਅਸ਼ਵਨੀ ਸ਼ਰਮਾ ਨੂੰ ਦੱਸਣ ਆਏ ਹਨ ਕਿ ਉਹ ਪੰਜਾਬੀ ਹਨ ਅਤੇ ਪੰਜਾਬੀ ਹੋਣ 'ਤੇ ਮਾਣ ਕਰਦੇ ਹੋਏ ਸਬੂਤ ਦਿੰਦੇ ਹੋਏ ਕੇਂਦਰ ਦੀ ਮੋਦੀ ਸਰਕਾਰ ਅਤੇ ਭਾਜਪਾ ਹਾਈ ਕਮਾਨ ਨੂੰ ਪੰਜਾਬ ਦੀ ਸਹੀ ਤਸਵੀਰ ਪੇਸ਼ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਭਾਜਪਾ ਪ੍ਰਧਾਨ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੀਆਂ ਮੰਗਾਂ ਨੂੰ ਪ੍ਰਧਾਨ ਮੰਤਰੀ ਤੱਕ ਪਹੁੰਚਾਉਣ ਤਾਂ ਜੋ ਕਿਸਾਨਾਂ ਨੂੰ ਇਨਸਾਫ਼ ਦਿਵਾਇਆ ਜਾ ਸਕੇ ਅਤੇ ਖੇਤੀ ਬਿੱਲਾਂ ਨੂੰ ਰੱਦ ਕਰਵਾਇਆ ਜਾਵੇ।