ਪਠਨਾਕੋਟ: ਯੋਗ ਗੁਰੂ ਬਾਬਾ ਰਾਮਦੇਵ ਪਠਾਨਕੋਟ ਪਹੁੰਚੇ, ਜਿਥੇ ਉਨ੍ਹਾਂ ਵਲੋਂ ਨਿੱਜੀ ਮੈਡੀਕਲ ਕਾਲਜ ਦਾ ਉਦਘਾਟਨ ਕੀਤਾ ਗਿਆ। ਇਸ ਦੇ ਨਾਲ ਹੀ ਕੋਰੋਨਾ ਨੂੰ ਲੈਕੇ ਬੋਲਦਿਆਂ ਕਿਹਾ ਕਿ ਸੂਬਾ ਸਰਕਾਰਾਂ ਅਤੇ ਕੇਂਦਰ ਸਰਕਾਰ ਨੂੰ ਮਿਲ ਕੇ ਮਹਾਂਮਾਰੀ ਨਾਲ ਨਜਿੱਠਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਗਰੀਬ ਪਰਿਵਾਰਾਂ ਨੂੰ ਕੋਰੋਨਾ ਦੀ ਮੁਫ਼ਤ ਵੈਕਸੀਨੇਸ਼ਨ ਕਰਨੀ ਚਾਹੀਦੀ ਹੈ।
ਇਸ ਮੌਕੇ ਬੋਲਦਿਆਂ ਬਾਬਾ ਰਾਮਦੇਵ ਨੇ ਕਿਹਾ ਕਿ ਜੋ ਕੋਰੋਨਾ ਦਾ ਨਵਾਂ ਸਟ੍ਰੇਨ ਆਇਆ ਹੈ ਉਸ ਦੀ ਰਫ਼ਤਾਰ ਬਹੁਤ ਜ਼ਿਆਦਾ ਤੇਜ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਵਕਤ ਉਹ ਇੱਕ ਰਾਜਨੀਤਕ ਵਿਅਕਤੀ ਨਹੀਂ ਹੈ ਅਤੇ ਨਾ ਹੀ ਕਿਸੇ ਪਾਰਟੀ ਦੇ ਪੱਖ ਜਾਂ ਵਿਰੋਧੀ ਪੱਖ ਵਿੱਚ ਬੋਲਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਨਾ ਹੀ ਸੂਬਾ ਸਰਕਾਰਾਂ ਅਤੇ ਨਾ ਹੀ ਕੇਂਦਰ ਸਰਕਾਰ ਨੂੰ ਇਸ ਗੱਲ ਦਾ ਅੰਦਾਜਾ ਸੀ, ਕਿ ਜੋ ਕੋਰੋਨਾ ਦਾ ਨਵਾਂ ਸਟ੍ਰੇਨ ਆਇਆ ਹੈ, ਉਹ ਇੰਨ੍ਹਾਂ ਜ਼ਿਆਦਾ ਖਤਰਨਾਕ ਹੋਵੇਗਾ।
ਇਸ ਕਾਰਨ ਇਸ ਨਾਲ ਲੜਨ ਦੀ ਤਿਆਰੀ ਹੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚੱਲਦੇ ਸਾਰੀ ਦੁਨੀਆ ਇਸ ਨਾਲ ਪ੍ਰਭਾਵਿਤ ਹੈ ਅਤੇ ਇਸ ਰੋਗ ਦਾ ਇਲਾਜ ਬਚਾਅ 'ਚ ਛੁਪਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਚਾਹੀਦਾ ਹੈ ਕਿ ਇਸ ਰੋਗ ਤੋਂ ਬਚਾਅ ਲਈ ਤੰਦਰੁਸਤ ਰਹਿਣ ਅਤੇ ਉਸ ਲਈ ਯੋਗ ਕਰਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਨੂੰ ਰਾਜਨੀਤੀ ਤੋਂ ਪਾਸੇ ਹੋ ਕੇ ਇੱਕ ਮੰਚ 'ਤੇ ਇਕੱਠਾ ਹੋਣ ਦੀ ਲੋੜ ਹੈ ਤਾਂ ਜੋ ਇਸ ਮਹਾਂਮਾਰੀ 'ਤੇ ਕਾਬੂ ਪਾਇਆ ਜਾ ਸਕੇ।