ਨਾਭਾ: ਬੀਤੀ ਰਾਤ ਨੂੰ ਨਾਭਾ ਬਲਾਕ ਦੇ ਪਿੰਡ ਦੁਲੱਦੀ ਵਿਖੇ ਅਣਪਛਾਤੇ ਵਿਅਕਤੀ ਨੇ 22 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਮ੍ਰਿਤਕ ਨੌਜਵਾਨ ਦਾ ਨਾਂਅ ਅਜੇ ਹੈ। ਪੁਲਿਸ ਕਤਲ ਦੇ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।
ਮ੍ਰਿਤਕ ਦੀ ਮਾਤਾ ਨੇ ਕਿਹਾ ਕਿ ਅਜੇ ਬੀਤੀ ਸ਼ਾਮ ਨੂੰ ਆਪਣੇ ਘਰ ਤੋਂ ਦੂਜੇ ਘਰ ਵੱਲ ਜਾ ਰਿਹਾ ਸੀ ਕਿ ਰਸਤੇ ਵਿੱਚ ਹੀ ਅਣਪਛਾਤੇ ਵਿਅਕਤੀ ਨੇ ਉਸ ਦੀ ਗਰਦਨ ਦੇ ਪਿਛਲੇ ਪਾਸੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਤੇਜ਼ਧਾਰ ਨਾਲ ਹਮਲਾ ਹੋਣ ਨਾਲ ਉਹ ਖੂਨ ਨਾਲ ਲੱਥਪੱਥ ਹੋ ਗਿਆ। ਉਨ੍ਹਾਂ ਕਿਹਾ ਕਿ ਉਹ ਅਜੇ ਨੂੰ ਖੂਨ ਨਾਲ ਭਿੱਜਾ ਦੇਖ ਕੇ ਉਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਲੈ ਕੇ ਗਏ ਜਿਥੇ ਉਸ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਦਮ ਤੋੜ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕੁਝ ਵੀ ਨਹੀਂ ਪਤਾ ਕਿ ਅਜੇ ਉੱਤੇ ਕਿਸ ਨੇ ਹਮਲਾ ਕੀਤਾ।
ਐਸ.ਐਚ.ਓ. ਸੁਖਦੇਵ ਸਿੰਘ ਨੇ ਕਿਹਾ ਕਿ ਬੀਤੀ ਰਾਤ ਅਜੇ ਨਾਂਅ ਦੇ ਨੌਜਵਾਨ ਦਾ ਅਣਪਛਾਤੇ ਵਿਅਕਤੀ ਵੱਲੋਂ ਕਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਪੀੜਤ ਪਰਿਵਾਰ ਦੇ ਬਿਆਨ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।