ਪਟਿਆਲਾ: ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy Chief Minister Sukhjinder Singh Randhawa) ਪੁਲਿਸ ਲਾਈਨ (Police line) ਵਿਖੇ ਰਾਜ ਦੇ ਥਾਣਿਆਂ 'ਚ ਪਏ ਲੋਕਾਂ ਦੇ ਸਮਾਨ ਨੂੰ ਲੋਕਾਂ ਦੇ ਸਪੁਰਦ ਕਰਨ ਲਈ ਪੰਜਾਬ ਪੁਲਿਸ ਵੱਲੋਂ ਅਰੰਭੀ ਰਾਜ ਪੱਧਰੀ ਮੁਹਿੰਮ ਦੀ ਸ਼ੁਰੂਆਤ ਕਰਵਾਉਣ ਪੁੱਜੇ ਹੋਏ ਸਨ।
ਇਸ ਮੌਕੇ ਰੰਧਾਵਾ ਨੇ ਪਟਿਆਲਾ ਜ਼ਿਲ੍ਹੇ 'ਚ 248 ਮੁਕੱਦਮਿਆਂ ਨਾਲ ਸਬੰਧਤ 32.5 ਕਰੋੜ ਰੁਪਏ ਦੇ ਸਮਾਨ ਸਮੇਤ 184 ਵਹੀਕਲ ਵੀ ਲੋਕਾਂ ਦੇ ਸਪੁਰਦ ਕੀਤਾ। ਉਨ੍ਹਾਂ ਦੱਸਿਆ ਕਿ ਹਰ ਜ਼ਿਲ੍ਹੇ 'ਚ ਹੁਣ ਅਜਿਹੇ ਪ੍ਰਬੰਧ ਕਰ ਦਿੱਤੇ ਗਏ ਹਨ ਕਿ ਦਾਜ ਦਹੇਜ ਦੇ ਮਾਮਲਿਆਂ 'ਚ ਪਿਆ ਸਮਾਨ ਵੀ ਤੁਰੰਤ ਲੋਕਾਂ ਦੇ ਸਪੁਰਦ ਕੀਤਾ ਜਾਵੇ ਅਤੇ ਮਾਲਖ਼ਾਨੇ ਖਾਲੀ ਕੀਤੇ ਜਾਣ ਤਾਂ ਕਿ ਲੋਕਾਂ ਦਾ ਸਮਾਨ ਖ਼ਰਾਬ ਨਾ ਹੋਵੇ।
ਰੰਧਾਵਾ ਨੇ ਕਿਹਾ ਕਿ ਪੁਲਿਸ ਦਾ ਕੰਮ ਹੈ ਕਿ ਲੋਕਾਂ ਨੂੰ ਇਨਸਾਫ਼ ਦੁਆਇਆ ਜਾਵੇ, ਜਿਸ ਲਈ ਸੂਬੇ ਦੇ ਲੋਕਾਂ ਨੂੰ ਸਮਾਂਬੱਧ ਇਨਸਾਫ਼ ਦੁਆਉਣ ਲਈ ਦਰਖ਼ਾਸਤਾਂ ਦਾ ਨਿਪਟਾਰਾ 5 ਦਿਨ੍ਹਾਂ ਦੇ ਅੰਦਰ-ਅੰਦਰ ਕਰਨ ਲਈ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਜਾਂਚ ਦਾ ਕੰਮ ਕੇਵਲ ਇੱਕ ਏਜੰਸੀ ਨੂੰ ਸੌਂਪਿਆ ਗਿਆ ਹੈ ਤਾਂ ਕਿ ਲੋਕਾਂ ਦੀਆਂ ਦਰਖਾਸਤਾਂ ਤੇ ਸ਼ਿਕਾਇਤਾਂ ਇੱਕ ਤੋਂ ਦੂਜੀ ਏਜੰਸੀ ਕੋਲ ਨਾ ਜਾਣ। ਉਨ੍ਹਾਂ ਦੱਸਿਆ ਕਿ ਇਕੱਲੇ ਪਟਿਆਲਾ ਜ਼ਿਲ੍ਹੇ 'ਚ 19 ਹਜ਼ਾਰ ਦਰਖਾਸਤਾਂ ਲੰਬਿਤ ਸਨ, ਜਿਨ੍ਹਾਂ 'ਚੋਂ 6500 ਦਰਖਾਸਤਾਂ ਦਾ ਨਿਪਟਾਰਾ ਕੀਤਾ ਹੈ।
ਰੰਧਾਵਾ ਨੇ ਦੱਸਿਆ ਕਿ ਜਿਹੜੇ ਲੋਕਾਂ ਦੀ ਜਾਨ ਨੂੰ ਖ਼ਤਰਾ ਹੈ ਉਨ੍ਹਾਂ ਨੂੰ ਸੁਰੱਖਿਆ ਛੱਤਰੀ ਮੁਹੱਈਆ ਕਰਵਾਉਣ ਲਈ ਜਾਂ ਵੀ.ਆਈ.ਪੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਸੁਰੱਖਿਆ ਵਿੰਗ (Police security wing) ਵੱਖਰਾ ਬਣਾਇਆ ਜਾ ਰਿਹਾ ਹੈ। ਜਿਸ ਤਹਿਤ ਜ਼ਿਲ੍ਹਿਆਂ ਦੀ ਬਜਾਏ ਹੁਣ ਮੁੱਖ ਦਫ਼ਤਰ ਚੰਡੀਗੜ੍ਹ ਤੋਂ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਇਸ ਫੋਰਸ ਨੂੰ ਵੱਖਰੀ ਵਰਦੀ, ਸਿਖਲਾਈ ਤੇ ਆਧੁਨਿਕ ਹਥਿਆਰ ਵੀ ਮੁਹੱਈਆ ਕਰਵਾਏ ਜਾਣਗੇ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਪੁਲਿਸ (Punjab Police) ਲਈ ਅਜਿਹੇ ਪ੍ਰਬੰਧ ਕੀਤੇ ਜਾ ਰਹੇ ਹਨ ਕਿ ਡਿਊਟੀ 'ਤੇ ਖੜ੍ਹੇ ਮੁਲਾਜਮਾਂ ਲਈ ਲੰਗਰ 'ਤੇ ਚਾਹ-ਪਾਣੀ ਦਾ ਬੰਦੋਬਸਤ ਵੀ ਹੁਣ ਖ਼ੁਦ ਪੁਲਿਸ ਵੱਲੋਂ ਕੀਤਾ ਜਾਵੇਗਾ।
ਰੰਧਾਵਾ ਨੇ ਦੱਸਿਆ ਕਿ ਪੁਲਿਸ ਵੱਲੋਂ ਅਜਿਹੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਕਿ ਆਨਲਾਈਨ ਠੱਗੀ ਦੇ ਮਾਮਲਿਆਂ ਸਮੇਤ ਸਾਈਬਰ ਕ੍ਰਾਈਮ (Cyber Crime) ਦੇ ਮਾਮਲਿਆਂ ਨੂੰ ਨਿਰਧਾਰਤ ਸਮੇਂ 'ਚ ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਰੱਦ ਕੀਤੀ ਗਈ ਸਬ ਇੰਸਪੈਕਟਰਾਂ (Sub Inspectors) ਦੀ ਭਰਤੀ ਮੁੜ ਕਰਵਾਈ ਜਾਵੇਗੀ।
ਰੰਧਾਵਾ ਨੇ ਇਸ ਮੌਕੇ ਪਟਿਆਲਾ ਪੁਲਿਸ ਲਾਇਨ ਦੇ ਸਟੇਡੀਅਮ ਲਈ 2 ਕਰੋੜ ਰੁਪਏ 'ਤੇ ਪੁਲਿਸ ਵੈਲਫੇਅਰ ਫੰਡ ਲਈ 20 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਪੀਸੀਆਰ (PCR) ਲਈ ਨਵੇਂ ਵਹੀਕਲ ਵੀ ਦਿੱਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਗ੍ਰਹਿ ਵਿਭਾਗ ਖ਼ੁਦ ਰੱਖਣ ਦੀ ਥਾਂ ਉਨ੍ਹਾਂ ਨੂੰ ਦਿੱਤਾ ਹੈ ਅਤੇ ਉਹ ਕੈਂਸਰ ਦੀ ਬਿਮਾਰੀ ਵਾਂਗ ਸਮਾਜ ਨੂੰ ਚਿੰਬੜੇ ਗੁੰਡਾ ਅਨਸਰਾਂ ਦਾ ਸਫ਼ਾਇਆ ਕਰਨ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗਾਇਕਾਂ ਨੂੰ ਅਜਿਹੇ ਗੁੰਡਾ ਅਨਸਰਾਂ ਨੂੰ ਉਤਸ਼ਾਹਿਤ ਕਰਨ ਦੀ ਥਾਂ ਗੁਰੂਆਂ ਪੀਰਾਂ ਦੇ ਗੀਤ ਗਾਉਣੇ ਚਾਹੀਦੇ ਹਨ।
ਰੰਧਾਵਾ ਨੇ ਕਿਹਾ ਕਿ ਪੰਜਾਬ ਪੁਲਿਸ (Punjab Police) ਨੇ ਪੰਜਾਬ 'ਚ ਮਾੜੇ ਦੌਰ ਦੌਰਾਨ 1700 ਸ਼ਹੀਦੀਆਂ ਦਿੱਤੀਆਂ ਜਦਕਿ ਪੰਜਾਬ ਦੇ ਲੋਕਾਂ ਨੇ ਅਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ। ਜਿਸ ਲਈ ਕੇਂਦਰ ਸਰਕਾਰ ਇਸ ਗੱਲ ਨੂੰ ਸਮਝੇ ਕਿ ਪੰਜਾਬ ਪੁਲਿਸ ਪੰਜਾਬ ਦੀ ਹਰ ਪੱਖੋਂ ਸੁਰੱੱਖਿਆ ਯਕੀਨੀ ਬਣਾਉਣ ਦੇ ਸਮਰੱਥ ਹੈ। ਉਨ੍ਹਾਂ ਨੇ ਪੰਜਾਬ ਵਾਸੀਆਂ ਤੋਂ ਸੂਬੇ ਦੀ ਅਮਨ ਕਾਨੂੰਨ ਦੀ ਰਾਖੀ ਲਈ ਸਹਿਯੋਗ ਦੀ ਮੰਗ ਕੀਤੀ। ਇਸ ਤੋਂ ਬਿਨ੍ਹਾਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਲੋਕ ਖ਼ੁਦ ਇਮਾਨਦਾਰੀ ਦਿਖਾਉਂਦੇ ਹੋਏ ਰਿਸ਼ਵਤ ਦੇਣੀ ਬੰਦ ਕਰਨ।
ਇਸ ਤੋਂ ਪਹਿਲਾਂ ਪੰਜਾਬ ਪੁਲਿਸ (Punjab Police) ਦੇ ਮੁਖੀ ਇਕਬਾਲ ਪ੍ਰੀਤ ਸਿੰਘ ਸਹੋਤਾ (Chief Iqbal Preet Singh Sahota) ਨੇ ਦੱਸਿਆ ਕਿ ਲੋਕਾਂ ਨੂੰ ਨਿਆਂ ਦਿਵਾਉਣ ਲਈ ਪੰਜਾਬ ਪੁਲਿਸ (Punjab Police) ਨਿਰੰਤਰ ਉਪਰਾਲੇ ਕਰ ਰਹੀ ਹੈ। ਸਹੋਤਾ ਨੇ ਕਿਹਾ ਕਿ ਪੰਜਾਬ ਪੁਲਿਸ ਪੂਰੀ ਤਰ੍ਹਾਂ ਮੁਸ਼ਤੈਦ ਹੈ। ਇਸ ਤੋਂ ਬਾਅਦ ਆਈ.ਜੀ. ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ ਨੇ ਰੰਧਾਵਾ ਅਤੇ ਸਹੋਤਾ ਦਾ ਧੰਨਵਾਦ ਕਰਦਿਆਂ ਵਿਸ਼ਵਾਸ਼ ਦਵਾਇਆ ਕਿ ਪੁਲਿਸ ਆਪਣੀ ਡਿਊਟੀ ਪੂਰੀ ਤਨਦੇਹੀ 'ਤੇ ਇਮਾਨਦਾਰੀ ਨਾਲ ਨਿਭਾਏਗੀ।
ਐਸਐਸਪੀ ਹਰਚਰਨ ਸਿੰਘ ਭੁੱਲਰ (SSP Harcharan Singh Bhullar) ਨੇ ਸਾਰਿਆਂ ਦਾ ਸਵਾਗਤ ਕਰਦਿਆਂ ਪਟਿਆਲਾ ਪੁਲਿਸ ਦੀ ਕਾਰਗੁਜ਼ਾਰੀ ਦੀ ਰਿਪੋਰਟ ਪੇਸ਼ ਕੀਤੀ। ਭੁੱਲਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ 'ਚ ਕਰੀਬ 10 ਸਾਲਾਂ ਬਾਅਦ ਇਹ ਸਮਾਨ ਲੋਕਾਂ ਨੂੰ ਸਪੁਰਦ ਕੀਤਾ ਗਿਆ ਹੈ। ਜਦਕਿ ਆਮ ਲੋਕਾਂ ਵਿੱਚੋਂ ਅਮਰਜੀਤ ਸਿੰਘ ਨੌਗਾਵਾਂ ਨੇ ਪਟਿਆਲਾ ਪੁਲਿਸ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਆਪਣਾ ਤਜ਼ਰਬਾ ਸਾਂਝਾ ਕੀਤਾ।
ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Punjab Deputy Chief Minister Sukhjinder Singh Randhawa) ਨੇ ਕਿਹਾ ਹੈ ਕਿ ਪੰਜਾਬ ਪੁਲਿਸ, ਹਿੰਦੁਸਤਾਨ ਦੀ ਸਭ ਤੋਂ ਬਿਹਤਰ ਪੁਲਿਸ ਹੈ ਅਤੇ ਇਹ ਪੰਜਾਬ ਦੀ ਸੁਰੱਖਿਆ ਕਰਨ ਸਮੇਤ ਹਰ ਪੱਖੋਂ ਅਮਨ-ਅਮਾਨ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਸਮਰੱਥ ਹੈ।
ਉਨ੍ਹਾਂ ਦੇ ਨਾਲ ਪੰਜਾਬ ਪੁਲਿਸ ਦੇ ਮੁਖੀ ਇਕਬਾਲ ਪ੍ਰੀਤ ਸਿੰਘ ਸਹੋਤਾ ਵੀ ਮੌਜੂਦ ਸਨ। ਸਮਾਗਮ ਮੌਕੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਵਿਧਾਇਕ ਮਦਨ ਲਾਲ ਜਲਾਲਪੁਰ, ਨਿਰਮਲ ਸਿੰਘ ਸ਼ੁਤਰਾਣਾ, ਰਜਿੰਦਰ ਸਿੰਘ ਸਮਾਣਾ, ਕੁਲਬੀਰ ਸਿੰਘ ਜੀਰਾ, ਹਰਿੰਦਰ ਪਾਲ ਸਿੰਘ ਹੈਰੀਮਾਨ, ਪੰਜਾਬ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ ਵੀ ਮੌਜੂਦ ਸਨ।
ਇਹ ਵੀ ਪੜ੍ਹੋ: 2022 ਵਿਧਾਨ ਸਭਾ ਚੋਣਾਂ 'ਚ ਨਵੀਆਂ ਸਿਆਸੀ ਪਾਰਟੀਆਂ ਕੀ ਕਰਨਗੀਆਂ ਰੋਲ ਅਦਾ ?