ਪਟਿਆਲਾ: ਅੱਜ ਵਿਸਾਖੀ ਦਾ ਪਵਿੱਤਰ ਦਿਹਾੜਾ ਹੈ, ਅੱਜ ਦੇ ਦਿਨ ਹੀ ਗੁਰੂ ਗੋਬਿੰਦ ਸਿੰਘ ਜੀ ਨੇ ਆਨੰਦਪੁਰ ਸਾਹਿਬ ਵਿਖੇ ਖ਼ਾਲਸੇ ਦੀ ਸਿਰਜਣਾ ਕੀਤੀ ਸੀ। ਇਸ ਦਿਹਾੜੇ ਨੂੰ ਪੂਰੀ ਦੁਨੀਆਂ ਵਿੱਚ ਜਿੱਥੇ-ਜਿੱਥੇ ਸਿੱਖ ਵੱਸਦੇ ਹਨ, ਬੜੀ ਹੀ ਧੂਮ-ਧਾਮ ਨਾਲ ਮਨਾਉਂਦੇ ਹਨ।
ਵਿਸਾਖੀ ਦੇ ਪਵਿੱਤਰ ਤਿਉਹਾਰ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਰਿਹਾਇਸ਼ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਪੰਜਾਬ ਦੇ ਲਈ ਚੰਗੇ ਹਲਾਤਾਂ ਅਤੇ ਲੋਕਾਂ ਦੀ ਸਿਹਤ ਲਈ ਅਰਦਾਸ ਕਰਵਾਈ। ਉਨ੍ਹਾਂ ਨੇ ਟਵਿੱਟਰ ਉੱਤੇ ਇਸ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਵਿਸਾਖੀ ਦੇ ਪਵਿੱਤਰ ਦਿਹਾੜੇ ਉੱਤੇ ਸਮੂਹ ਪੰਜਾਬ ਵਾਸੀਆਂ ਦੀ ਚੰਗੀ ਸਿਹਤ ਲਈ ਅਰਦਾਸ ਕਰੀਏ ਅਤੇ ਇਸ ਔਖੇ ਸਮੇਂ ਵਾਹਿਗੁਰੂ ਬਲ ਬਖ਼ਸ਼ੇ।
ਦੱਸਦਈਏ ਕਿ ਕੋਰੋਨਾ ਵਾਇਰਸ ਦਾ ਕਹਿਰ ਸੂਬੇ ਉੱਤੇ ਹੈ ਅਤੇ ਧਾਰਮਿਕ ਸਥਾਨਾਂ ਉੱਤੇ ਵੀ ਕਿਸੇ ਤਰ੍ਹਾਂ ਦੇ ਇਕੱਠ ਉੱਤੇ ਰੋਕ ਲੱਗੀ ਹੋਈ ਹੈ। ਇਸ ਲਈ ਹਰ ਪੰਜਾਬ ਵਾਸੀ ਘਰਾਂ ਵਿੱਚ ਰਹਿ ਕੇ ਹੀ ਵਿਸਾਖੀ ਦਾ ਦਿਹਾੜਾ ਮਨਾ ਰਿਹਾ ਹੈ।