ਪਟਿਆਲਾ: ਗੁਰਦੁਆਰਾ ਸ੍ਰੀ ਦੁੱਖਨਿਵਾਰਨ ਸਾਹਿਬ ਅਤੇ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਸੰਗਤਾਂ ਵੱਲੋਂ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਪੁਰਬ ਅਤੇ ਪੰਚਮੀ ਦਾ ਦਿਹਾੜਾ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰੂ ਸਾਹਿਬ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਮੋਤੀ ਬਾਗ ਸਾਹਿਬ ਰੱਖੇ ਗਏ ਸ੍ਰੀ ਆਖੰਡਪਾਠ ਸਾਹਿਬ ਦੇ ਭੋਗ ਪਾਏ ਗਏ।
ਪੰਚਮੀ ਦੇ ਦਿਹਾੜੇ 'ਤੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਪੁੱਜੀਆਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਨਤਮਸਤਕ ਹੋਈਆਂ। ਕੇਵਾੜ ਖੁੱਲ੍ਹਣ ਮਗਰੋਂ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਿੱਖੀ ਦੇ ਨਿਆਰਪੇਣ ਅਤੇ ਖਾਲਸਾ ਪੰਥ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ। ਇਸ ਮੌਕੇ ਹਜ਼ੂਰੀ ਰਾਗੀ ਕੀਰਤਨੀ ਜਥਿਆਂ ਨੇ ਗੁਰਬਾਣੀ ਸਰਵਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਕਥਾਵਾਚਕਾਂ ਨੇ ਜਿੱਥੇ ਸੰਗਤਾਂ ਨੂੰ ਸ਼ਬਦ ਗੁਰੂ ਦੇ ਲੜਨ ਲੱਗਣ ਦੀ ਪ੍ਰੇਰਨਾ ਦਿੱਤੀ, ਉਥੇ ਹੀ ਢਾਡੀ ਕਵੀਸ਼ਰੀ ਜੱਥਿਆਂ 'ਨੇ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾਇਆ।
ਦੀਵਾਨ ਹਾਲ 'ਚ ਜੁੜੀ ਸੰਗਤ ਨੂੰ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਆਗਮਨ ਪੁਰਬ ਦੇ ਸਬੰਧ 'ਚ ਰੌਸ਼ਨੀ ਪਾਉਂਦਿਆਂ ਦੱਸਿਆ ਕਿ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਤੋਂ ਬਾਅਦ ਅੱਜ ਦੇ ਦਿਨ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਪਹੁੰਚ ਕੇ ਸੰਗਤਾਂ ਨੂੰ ਮਿਲੇ ਸਨ ਅਤੇ ਆਪਣੇ ਮੁਖਬਿੰਦ ਤੋਂ ਗੁਰਬਾਣੀ ਦੀ ਰਚਨਾ ਰਾਹੀਂ ਪ੍ਰਮਾਤਮਾ ਨਾਲ ਲਿਵ ਲਾਉਣ ਲਈ ਆਖਿਆ ਸੀ। ਉਨ੍ਹਾਂ ਕਿਹਾ ਕਿ ਅੱਜ ਇਸ ਮਹਾਨ ਪੁਰਬ ਮੌਕੇ ਗੁਰੂ ਸਾਹਿਬ ਦੇ ਵਿਖਾਏ ਮਾਰਗ 'ਤੇ ਚੱਲ ਕੇ ਧਰਮ 'ਚ ਦ੍ਰਿੜ ਅਤੇ ਅਡੋਲ ਰਹਿਣ ਦੀ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਿਧਾਤਾਂ 'ਤੇ ਚੱਲ ਕੇ ਹੀ ਗੁਰਮਤਿ ਸੱਭਿਆਚਾਰ ਦੀ ਮਹਾਨ ਵਿਰਾਸਤ ਨੂੰ ਸਾਂਭਿਆ ਜਾ ਸਕਦਾ ਹੈ।