ਪਟਿਆਲਾ: ਸ਼ਹਿਰ ’ਚ ਜ਼ਿਲ੍ਹਾ ਕਚਿਹਰੀਆਂ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਦੌਰਾਨ ਕਈ ਆਪਸੀ ਝਗੜਿਆਂ ਦਾ ਸਹਿਮਤੀ ਨਾਲ ਨਿਪਟਾਰਾ ਕਰਵਾਉਣ ਲਈ ਮਦਦ ਕੀਤੀ ਗਈ। ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਰਾਜਿੰਦਰ ਅਗਰਵਾਲ ਨੇ ਵੱਖ-ਵੱਖ ਬੈਂਚਾਂ ਦਾ ਜਾਇਜ਼ਾ ਲੈਂਦਿਆਂ ਪੇਸ਼ ਹੋਈਆਂ ਧਿਰਾਂ ਨੂੰ ਆਪਸੀ ਸਹਿਮਤੀ ਬਣਾਕੇ ਆਪਸੀ ਝਗੜੇ ਨਿਪਟਾਉਣ ਲਈ ਪ੍ਰੇਰਿਤ ਕੀਤਾ।
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਰਾਜਿੰਦਰ ਅਗਰਵਾਲ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ, ਜਸਟਿਸ ਅਜੇ ਤਿਵਾੜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਸ ਕੌਮੀ ਲੋਕ ਅਦਾਲਤ ਲਗਾਈ ਗਈ। ਇਹ ਲੋਕ ਅਦਾਲਤਾਂ ਪਟਿਆਲਾ ਦੇ ਨਾਲ ਨਾਲ ਨਾਭਾ, ਸਮਾਣਾ ਅਤੇ ਰਾਜਪੁਰਾ ਵਿਖੇ ਸਥਾਪਤ ਕੀਤੇ ਗਏ ਜਿਨ੍ਹਾਂ ’ਚ 31 ਬੈਂਚਾਂ ਨੇ ਲੋਕਾਂ ਦੇ 3900 ਕੇਸਾਂ ਦੀ ਸੁਣਵਾਈ ਕਰਕੇ 3000 ਦੇ ਲਗਭਗ ਕੇਸਾਂ ਦਾ ਨਿਪਟਾਰਾ ਕੀਤਾ।
ਜੱਜ ਰਾਜਿੰਦਰ ਅਗਰਵਾਲ ਨੇ ਸੁਣਵਾਈ ਲਈ ਆਏ ਕੁਝ ਮਾਮਲਿਆਂ ਦਾ ਹਵਾਲਾ ਦਿੰਦਿਆਂ ਲੋਕਾਂ ਨੂੰ ਸੁਨੇਹਾ ਦਿੱਤਾ ਕਿ ਉਹ ਆਪਣੇ ਬਜ਼ੁਰਗ ਮਾਪਿਆਂ ਦਾ ਪੂਰਾ ਸਤਿਕਾਰ ਕਰਨ ਤਾਂ ਕਿ ਉਨ੍ਹਾਂ ਨੂੰ ਅਦਾਲਤਾਂ 'ਚ ਚੱਕਰ ਨਾ ਕੱਟਣੇ ਪੈਣ। ਉਨ੍ਹਾਂ ਨੇ ਨਾਲ ਹੀ ਕਈ ਬੈਂਚਾਂ ਮੂਹਰੇ ਪੇਸ਼ ਹੋਏ ਪਤੀ-ਪਤਨੀ ਦੇ ਘਰੇਲੂ ਝਗੜਿਆਂ ਦੇ ਮਾਮਲਿਆਂ ਨੂੰ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਏ ਜਾਣ 'ਤੇ ਜ਼ੋਰ ਦਿੱਤਾ।
ਜ਼ਿਲ੍ਹਾ ਅਤੇ ਸ਼ੈਸਨਜ ਜੱਜ ਨੇ ਦੱਸਿਆ ਕਿ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਜ਼ਿਲ੍ਹੇ ਅੰਦਰ ਅਦਾਲਤਾਂ ਵਕੀਲਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਿੱਦਤ ਤੇ ਲਗਾਤਾਰਤਾ ਨਾਲ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਚੈਕ ਬਾਊਂਸ, ਹਾਦਸਿਆਂ ਦੇ ਕਲੇਮ ਅਤੇ ਰਾਜ਼ੀਨਾਮਾ ਹੋਣ ਯੋਗ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਸਫ਼ਲਤਾ ਨਾਲ ਹੋਣ ਨਾਲ ਲੋਕਾਂ ਨੂੰ ਜਲਦੀ ਅਤੇ ਸਸਤਾ ਨਿਆਂ ਮਿਲਦਾ ਹੈ।
ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਦਾ ਜਿੱਥੇ ਆਮ ਲੋਕਾਂ ਨੂੰ ਲਾਭ ਹੁੰਦਾ ਹੈ, ਉਥੇ ਹੀ ਆਪਸੀ ਰਜ਼ਾਮੰਦੀ ਨਾਲ ਨਿਪਟਣਯੋਗ ਮਾਮਲੇ ਨਿਪਟਾ ਕੇ ਅਦਾਲਤਾਂ ਹੋਰ ਅਹਿਮ ਮਾਮਲਿਆਂ ਲਈ ਵਾਧੂ ਸਮਾਂ ਕੱਢ ਸਕਦੀਆਂ ਹਨ।
ਇਹ ਵੀ ਪੜੋ: ਪੰਜਾਬ ‘ਚ ਅੱਜ ਤੋਂ ਚੋਣ ਜ਼ਾਬਤਾ ਖਤਮ