ਪਟਿਆਲਾ:ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ' ਵੱਲੋਂ ਛੇਵੇਂ ਤਨਖਾਹ ਕਮਿਸ਼ਨ ਵਿੱਚ ਮੁਲਾਜ਼ਮ (Employees) ਹਿੱਤਾਂ ਅਨੁਸਾਰ ਸੋਧਾਂ ਕਰਵਾਉਣ, ਸਮੂਹ ਕੱਚੇ ਮੁਲਾਜ਼ਮਾਂ ਨੂੰ ਵਿਭਾਗੀ ਪੋਸਟਾਂ ਤੇ ਰੈਗੂਲਰ ਕਰਵਾਉਣ, ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਮਾਣ ਭੱਤਾ ਵਰਕਰਾਂ 'ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਵਾਉਣ, ਨਵੇਂ ਭਰਤੀ ਕੀਤੇ ਜਾ ਰਹੇ ਮੁਲਾਜ਼ਮਾਂ 'ਤੇ ਕੇਂਦਰੀ ਤਨਖਾਹ ਸਕੇਲਾਂ ਦੇ ਬਜਾਏ ਪੰਜਾਬ ਦੇ ਸਕੇਲ ਲਾਗੂ ਕਰਵਾਉਣ ਅਤੇ ਪੁਨਰਗਠਨ ਦੇ ਨਾਂ ਹੇਠ ਵੱਖ-ਵੱਖ ਵਿਭਾਗਾਂ ਅੰਦਰ ਕੀਤੇ ਜਾ ਰਹੇ ਅਸਾਮੀਆਂ ਦੇ ਖਾਤਮੇ ਨੂੰ ਰੁਕਵਾਉਣ ਲਈ ਪੰਜਾਬ ਦੇ ਕੋਨੇ ਕੋਨੇ 'ਚੋਂ ਪੁੱਜੇ ਹਜ਼ਾਰਾਂ ਮੁਲਾਜ਼ਮਾਂ/ ਪੈਨਸ਼ਨਰਾਂ ਤੇ ਕੱਚੇ ਕੰਟਰੈਕਟ ਵਰਕਰਾਂ ਵੱਲੋਂ ਸਥਾਨਕ ਅਨਾਜ਼ ਮੰਡੀ ਵਿੱਚ ਵਿਸ਼ਾਲ 'ਹੱਲਾ ਬੋਲ-ਮਹਾਂ ਰੈਲੀ' ਕਰਨ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਵੱਲ ਰੋਸ ਮਾਰਚ ਕੀਤਾ।
ਪ੍ਰਦਰਸ਼ਨਕਾਰੀਆ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਛੇਵੇਂ ਤਨਖਾਹ ਕਮਿਸ਼ਨ ਰਾਹੀਂ ਮੁਲਾਜ਼ਮਾਂ ਨੂੰ ਗੱਫੇ ਦਿੱਤੇ ਜਾਣ ਦੇ ਬਿਆਨ ਜਾਰੀ ਕਰਕੇ ਆਮ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ।ਆਗੂਆਂ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਤਨਖਾਹ ਅਨਾਮਲੀ ਕਮੇਟੀ ਵੱਲੋਂ 24 ਅਤੇ ਕੈਬਨਿਟ ਸਬ ਕਮੇਟੀ ਵੱਲੋਂ 239 ਕੈਟਾਗਰੀਆਂ ਦੇ ਗ੍ਰੇਡਾਂ ਵਿੱਚ 2011 ਦੌਰਾਨ ਕੀਤੇ ਵਾਧੇ ਨੂੰ ਰੱਦ ਕਰਕੇ ਅਤੇ ਅਨ ਰਿਵਾਇਜਡ ਕੈਟਾਗਰੀਆਂ ਦੇ ਗ੍ਰੇਡ ਨਾ ਵਧਾ ਕੇ ਮੁਲਾਜ਼ਮਾਂ ਦੀ ਤਨਖਾਹ ਕਟੌਤੀ ਲਈ ਰਾਹ ਪੱਧਰਾ ਕੀਤਾ ਹੈ।
ਮੁਲਾਜ਼ਮ ਆਗੂਆਂ ਨੇ ਆਖਿਆ ਕਿ ਪੰਜਾਬ ਸਰਕਾਰ ਮਿਡ-ਡੇ-ਮੀਲ, ਆਸ਼ਾ ਵਰਕਰਾਂ ਤੇ ਫੇਸਿਲੀਟੇਟਰਾਂ ਅਤੇ ਆਂਗਨਵਾੜੀ ਦਾ ਸੋਸ਼ਣ ਕਰਦਿਆਂ ਇਹਨਾਂ 'ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਨਾ ਕਰਕੇ ਬਹੁਤ ਨਿਗੂਣਾ ਮਾਣ ਭੱਤਾ ਦੇ ਰਹੀ ਹੈ।ਜਿਸਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮੁਲਾਜ਼ਮ ਆਗੂਆਂ ਨੇ ਸਰਕਾਰ ਵੱਲੋਂ ਵਿਭਾਗਾਂ ਦੇ ਪੁਨਰਗਠਨ ਦੇ ਨਾਂ ਹੇਠ ਕੀਤੇ ਜਾ ਰਹੇ ਪੋਸਟਾਂ ਦੇ ਖਾਤਮੇ ਅਤੇ ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਉੱਤੇ ਕੇਂਦਰੀ ਤਨਖਾਹ ਸਕੇਲ ਲਾਗੂ ਕੀਤੇ ਜਾਣ ਦੇ ਖਿਲਾਫ਼ ਵੀ ਆਵਾਜ਼ ਬੁਲੰਦ ਕੀਤੀ।