ਪਟਿਆਲਾ: ਨਾਭਾ-ਪਟਿਆਲਾ ਰੋਡ ਨਜ਼ਦੀਕ ਘਮਰੋਦਾ ਵਿਖੇ ਦੋ ਕਾਰਾਂ ਅਤੇ ਮੋਟਰ ਸਾਈਕਲ ਵਿਚਕਾਰ ਟੱਕਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਵਿੱਚ ਮੋਟਰ ਸਾਈਕਲ ਸਵਾਰ ਪਿਓ-ਪੁੱਤ ਦੀ ਮੌਤ ਹੋ ਗਈ ਹੈ।
ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸੜਕ ਹਾਦਸੇ ਦੀ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਹੀ ਉਹ ਘਟਨਾ ਵਾਲੀ ਥਾਂ 'ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪਿਓ-ਪੁੱਤਰ ਦੀ ਪਟਿਆਲਾ ਵਿੱਚ ਆਪਣੀ ਕਪੜਿਆਂ ਦੀ ਦੁਕਾਨ ਹੈ ਜਿਥੋਂ ਦੀ ਉਹ ਰਾਤ ਨੂੰ ਵਾਪਸ ਆ ਰਹੇ ਸਨ ਤੇ ਰਾਹ ਵਿੱਚ ਇਹ ਹਾਦਸਾ ਵਾਪਰ ਗਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੁਲਿਸ ਉਨ੍ਹਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕਰਦੀ ਉਹ ਮ੍ਰਿਤਕ ਦੇਹਾਂ ਦਾ ਸਸਕਾਰ ਨਹੀਂ ਕਰਨਗੇ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ।
ਜਾਂਚ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਘਮਰੋਦਾ ਵਿਖੇ ਸੜਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਉਹ ਆਪਣੀ ਟੀਮ ਨਾਲ ਮੌਕੇ ਉੱਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਇਸ ਸੜਕ ਹਾਦਸੇ ਵਿੱਚ ਇੱਕ ਸਵਿਫਟ ਕਾਰ ਨੇ ਪਹਿਲਾਂ ਮੋਟਰ ਸਾਈਕਲ ਨੂੰ ਟਕੱਰ ਮਾਰੀ ਬਾਅਦ ਵਿੱਚ ਬ੍ਰਿਜ਼ਾ ਕਾਰ ਨੂੰ ਵੀ ਟਕੱਰ ਮਾਰੀ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਸਵਫਿਟ ਕਾਰ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਨੂੰ ਕਾਰ ਵਿੱਚੋਂ ਸ਼ਰਾਬ ਦੀ ਬੋਤਲ ਬਰਾਮਦ ਹੋਈ ਜਿਸ ਤੋਂ ਸਾਫ਼ ਜ਼ਾਹਿਰ ਹੋ ਰਿਹਾ ਸੀ ਕਿ ਕਾਰ ਚਾਲਕ ਨੇ ਸ਼ਰਾਬ ਪੀਤੀ ਹੋਈ ਸੀ।
ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਸ਼ਨਾਖਤ ਜਸਪਾਲ ਸਿੰਘ 55 ਸਾਲ ਅਤੇ ਪਲਵਿੰਦਰ ਸਿੰਘ 22 ਸਾਲ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਕਾਰਵਾਈ ਕੀਤੀ ਜਾ ਰਹੀ ਹੈ।