ਪਟਿਆਲਾ: ਬੀਤੇ ਦਿਨ ਜੰਮੂ ਕਸ਼ਮੀਰ ਦੇ ਪੁਲਵਾਮਾ ਵਿੱਚ ਸ਼ਹੀਦ ਹੋਏ ਸਮਾਣਾ ਨੇੜਲੇ ਪਿੰਡ ਦੋਦੜਾ ਦੇ ਵਸਨੀਕ ਨਾਇਕ ਰਾਜਵਿੰਦਰ ਸਿੰਘ ਦਾ ਬੁੱਧਵਾਰ ਨੂੰ ਦੇਰ ਸ਼ਾਮ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ।
ਪਰਿਵਾਰ ਦੀ ਦੁੱਖ ਦੀ ਘੜੀ 'ਚ ਸ਼ਾਮਲ ਹੋਏ ਹਰ ਸ਼ਖ਼ਸ ਨੇ ਭਾਵੁਕ ਹੁੰਦਿਆਂ ਨਮ ਅੱਖਾਂ ਨਾਲ ਸ਼ਹੀਦ ਨੂੰ ਅੰਤਿਮ ਵਿਦਾਈ ਦਿੱਤੀ। ਅੱਜ ਕਸ਼ਮੀਰ ਤੋਂ ਭਾਰਤੀ ਫ਼ੌਜ ਦੇ ਵਿਸ਼ੇਸ਼ ਜਹਾਜ਼ ਰਾਹੀਂ ਨਾਇਕ ਰਾਜਵਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਲਿਆਉਣ ਤੋਂ ਬਾਅਦ ਪਟਿਆਲਾ ਮਿਲਟਰੀ ਸਟੇਸ਼ਨ ਲਿਆਂਦਾ ਗਿਆ, ਜਿਥੋਂ ਸੜਕ ਰਸਤੇ ਰਾਹੀਂ ਵੱਡੇ ਕਾਫ਼ਲੇ ਨਾਲ ਪਿੰਡ ਦੋਦੜਾ ਵਿਖੇ ਲਿਆਂਦਾ ਗਿਆ। ਇਸ ਮਗਰੋਂ ਪੂਰੇ ਸਰਕਾਰੀ ਤੇ ਫ਼ੌਜੀ ਸਨਮਾਨਾਂ ਸਮੇਤ ਧਾਰਮਿਕ ਰਹੁ ਰੀਤਾਂ ਨਾਲ ਨਾਇਕ ਰਾਜਵਿੰਦਰ ਸਿੰਘ ਦੀ ਦੇਹ ਨੂੰ ਅਗਨੀ ਦਿਖਾਈ ਗਈ। ਸ਼ਹੀਦ ਦੇ ਪਿਤਾ ਅਵਤਾਰ ਸਿੰਘ, ਮਾਤਾ ਮਹਿੰਦਰ ਕੌਰ, ਵੱਡੇ ਭਰਾ ਬਲਵੰਤ ਸਿੰਘ ਨੇ ਸ਼ਹੀਦ ਰਾਜਵਿੰਦਰ ਸਿੰਘ ਨੂੰ ਸਲਾਮੀ ਦਿੱਤੀ।
ਇਹ ਵੀ ਪੜੋ: ਅਕਾਲੀ ਦਲ ਕਿਸਾਨਾਂ ਦੀ ਭਲਾਈ ਲਈ ਕੋਈ ਵੀ ਕੁਰਬਾਨੀ ਦੇਣ ਨੂੰ ਤਿਆਰ: ਸੁਖਬੀਰ ਬਾਦਲ
ਸ਼ਹੀਦ ਰਾਜਵਿੰਦਰ ਸਿੰਘ ਦੇ ਅੰਤਿਮ ਸਸਕਾਰ ਮੌਕੇ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਦੀ ਤਰਫ਼ੋਂ ਐਸਡੀਐਮ ਨਾਭਾ ਕਾਲਾ ਰਾਮ ਕਾਂਸਲ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫ਼ੋਂ ਹਲਕਾ ਸ਼ੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ ਨੇ ਸ਼ਹੀਦ ਦੀ ਦੇਹ 'ਤੇ ਰੀਥ ਰੱਖ ਕੇ ਸ਼ਰਧਾ ਦੇ ਫ਼ੁੱਲ ਭੇਟ ਕੀਤੇ।