ਪਟਿਆਲਾ: ਨਿਹੰਗਾਂ ਵੱਲੋਂ ਪੁਲਿਸ 'ਤੇ ਕੀਤੇ ਹਮਲੇ ਦੀ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਨਿਖੇਧੀ ਕੀਤੀ ਹੈ ਉੱਥੇ ਹੀ ਆਪ ਦੇ ਸਾਬਕਾ ਵਿਧਾਇਕ ਤੇ ਸੀਨੀਅਰ ਵਕੀਲ ਐਚ.ਐਸ ਫੂਲਕਾ ਨੇ ਨਿੰਦਾ ਪ੍ਰਗਟਾਈ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਸ ਸਕੰਟ ਭਰੇ ਸਮੇਂ 'ਚ ਇਸ ਤਰ੍ਹਾਂ ਦੀ ਘਟਨਾ ਦਾ ਹੋਣਾ ਮੰਦਭਾਗਾ ਹੈ। ਉਨ੍ਹਾਂ ਨੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਤੋਂ ਅਪੀਲ ਕੀਤੀ ਆਪਣੇ ਨਿਹੰਗਾਂ ਨੂੰ ਕਾਬੂ ਵਿੱਚ ਰੱਖਣ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਖ਼ਿਲਾਫ਼ ਇਕਮੁੱਠ ਹੋ ਕੇ ਲੜਣ ਦੀ ਜ਼ਰੂਰਤ ਹੈ।
ਇਹ ਵੀ ਪੜ੍ਹੋ:ਭਗਵੰਤ ਮਾਨ ਨੇ ਪੁਲਿਸ 'ਤੇ ਕੀਤੇ ਨਿਹੰਗਾਂ ਦੇ ਹਮਲੇ ਦੀ ਕੀਤੀ ਨਿਖੇਧੀ, ਸਖ਼ਤ ਕਾਰਵਾਈ ਦੀ ਕੀਤੀ ਮੰਗ
ਇਸ ਮਾਮਲੇ 'ਤੇ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਤੇ ਸੀਨੀਅਰ ਵਕੀਲ ਐਚ.ਐਸ ਫੂਲਕਾ ਨੇ ਦੱਸਿਆ ਕਿ ਜੇਕਰ ਕਰਫਿਊ ਦੇ ਸਮੇਂ ਡਿਊਟੀ ਨਿਭਾਉਣ ਵਾਲੇ ਮੁਲਾਜ਼ਮਾਂ ਉੱਤੇ ਅਟੈਕ ਹੋਣ ਲੱਗੇ ਤਾਂ ਇਹ ਬੇਹੱਦ ਗ਼ਲਤ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਘਟਨਾ ਨੂੰ ਲੈ ਕੇ ਪੰਜਾਬ ਦੇ ਡੀਜੀਪੀ ਨੂੰ ਸੰਦੇਸ਼ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਚੁੱਕੀ ਹੈ ਤੇ ਇਸ ਸਬੰਧ 'ਚ ਦੋ ਦਿਨਾਂ ਦੇ ਅੰਦਰ-ਅੰਦਰ ਚਾਰਜਸ਼ੀਟ ਦਾਖਲ ਕਰਕੇ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹਾ ਕਰਨ ਨਾਲ ਹੋਰਨਾਂ ਲੋਕਾਂ ਨੂੰ ਸਬਕ ਮਿਲੇਗਾ।