ਪਟਿਆਲਾ : ਬੀਤੇ ਦਿਨੀਂ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੇ ਘਰ ਦੀ ਛੱਤ ਉੱਤੇ ਕਈ ਅਣਪਛਾਤਾ ਵਿਅਕਤੀ ਦੇਖਿਆ ਗਿਆ। ਨਵਜੋਤ ਸਿੰਘ ਸਿੱਧੂ ਵਲੋਂ ਇਸਦੀ ਜਾਣਕਾਰੀ ਟਵੀਟ ਕਰ ਕੇ ਸਾਂਝੀ ਕੀਤੀ ਗਈ ਸੀ। ਨਵਜੋਤ ਸਿੱਧੂ ਵਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ ਉਨ੍ਹਾਂ ਦੇ ਪਟਿਆਲਾ ਵਾਲੇ ਘਰ ਦੀ ਛੱਤ 'ਤੇ ਇੱਕ ਸ਼ੱਕੀ ਵਿਅਕਤੀ ਦੇਖਿਆ ਗਿਆ ਸੀ। ਨਵਜੋਤ ਸਿੰਘ ਸਿੱਧੂ ਨੇ ਜੋ ਟਵੀਟ ਕੀਤਾ ਹੈ ਉਸਦੇ ਅਨੁਸਾਰ ਸਵੇਰੇ 7 ਵਜੇ ਦੇ ਕਰੀਬ ਉਨ੍ਹਾਂ ਦੇ ਘਰ ਦੀ ਛੱਤ 'ਤੇ ਸਲੇਟੀ ਰੰਗ ਦੇ ਕੰਬਲ 'ਚ ਲਪੇਟਿਆ ਇੱਕ ਅਣਪਛਾਤਾ ਸ਼ੱਕੀ ਵਿਅਕਤੀ ਦੇਖਿਆ ਗਿਆ ਹੈ। ਸਿੱਧੂ ਨੇ ਕਿਹਾ ਕਿ ਮੇਰੇ ਨੌਕਰ ਨੇ ਅਲਾਰਮ ਵਜਾਇਆ ਤਾਂ ਉਹ ਤੁਰੰਤ ਮੌਕੇ ਤੋਂ ਫਰਾਰ ਹੋ ਗਿਆ। ਸਿੱਧੂ ਵਲੋਂ ਡੀਜੀਪੀ ਅਤੇ ਐਸਐਸਪੀ ਪਟਿਆਲਾ ਨੂੰ ਵੀ ਇਸ ਬਾਰੇ ਸੂਚਿਤ ਕੀਤਾ ਗਿਆ। ਇਸ ਸਬੰਧੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
ਪੁਲਿਸ ਨੇ ਮਾਮਲਾ ਕੀਤਾ ਦਰਜ : ਉਧਰ ਮਾਮਲੇ ਦੀ ਜਾਂਚ ਕਰ ਰਹੀ ਪੁਲਿਸ ਆਲੇ ਦੁਆਲੇ ਸੀਸੀਟੀਵੀ ਫੁਟੇਜ ਨੂੰ ਖੰਗਾਲ ਰਹੀ ਹੈ। ਜਾਣਕਾਰੀ ਦਿੰਦਿਆਂ ਪਟਿਆਲਾ ਪੁਲਿਸ ਨੇ ਕਿਹਾ ਕਿ ਇਸ ਪੂਰੇ ਮਾਮਲੇ ਵਿੱਚ ਸਾਨੂੰ ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਸਿੱਧੂ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਨੌਕਰ ਰਾਜੂ ਵੱਲੋਂ ਕਿਹਾ ਗਿਆ ਸੀ ਕਿ ਕੋਈ ਵਿਅਕਤੀ ਘਰ ਵਿੱਚ ਆਇਆ ਸੀ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਉਥੇ ਹੀ ਪਟਿਆਲਾ ਦੇ ਡੀਐਸਪੀ ਸੰਦੀਪ ਸਿੰਗਲਾ ਵੱਲੋਂ ਦੱਸਿਆ ਗਿਆ ਕਿ ਸਿੱਧੂ ਦੇ ਨੌਕਰ ਦੇ ਬਿਆਨਾਂ ਦੇ ਆਧਾਰ ਉਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਆਲੇ-ਦੁਆਲੇ ਲੱਗੇ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਭਾਜਪਾ ਆਗੂ ਉੱਤੇ ਗੋਲੀਬਾਰੀ ਕਰਨ ਵਾਲੇ ਦੀ ਸੀਸੀਟੀਵੀ ਆਈ ਸਾਹਮਣੇ, ਗੇਟ ਅੱਗੇ ਖੜ੍ਹ ਵਰ੍ਹਾਈਆਂ ਗੋਲ਼ੀਆਂ
ਜ਼ਿਕਰਯੋਗ ਹੈ ਕਿ 1 ਅਪ੍ਰੈਲ ਨੂੰ ਨਵਜੋਤ ਸਿੰਘ ਸਿੱਧੂ 1988 ਦੇ ਰੋਡ ਰੇਜ ਮਾਮਲੇ 'ਚ 317 ਦਿਨ ਪਟਿਆਲਾ ਜੇਲ 'ਚ ਰਹਿਣ ਤੋਂ ਬਾਅਦ ਬਾਹਰ ਆਏ ਹਨ। ਇਸ ਤੋਂ ਬਾਅਦ ਉਨ੍ਹਾਂ ਵਲੋਂ ਸੂਬੇ ਦੀ 'ਆਪ' ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਤਿੱਖਾ ਨਿਸ਼ਾਨਾ ਵੀ ਲਾਇਆ ਗਿਆ ਹੈ।ਸਿੱਧੂ ਨੇ ਕਿਹਾ ਹੈ ਕਿ ਪੰਜਾਬ ਨੂੰ ਕਮਜ਼ੋਰ ਕਰਕੇ ਕੋਈ ਵੀ ਸਰਕਾਰ ਮਜ਼ਬੂਤ ਨਹੀਂ ਬਣ ਸਕਦੀ ਹੈ। ਇਹ ਵੀ ਯਾਦ ਰਹੇ ਕਿ ਨਵਜੋਤ ਸਿੰਘ ਸਿੱਧੂ ਨੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਵੀ ਕੀਤੀ ਸੀ। ਪਿਛਲੇ ਸਾਲ ਮਈ ਮਹੀਨੇ 'ਚ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੀ 'ਆਪ' ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਕੀਤੇ।