ਪਟਿਆਲਾ: ਪੰਜਾਬ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ਤਹਿਤ ਹੜਤਾਲ ਦੇ ਦੂਜੇ ਦਿਨ ਪਟਿਆਲਾ ਜਿਲ੍ਹੇ ਦੇ ਮੁਲਾਜ਼ਮਾਂ ਵੱਲੋਂ ਹੜਤਾਲ ਕਰਨ ਉਪਰੰਤ ਸਥਾਨਕ ਬੱਸ ਅੱਡੇ ਦੇ ਸਾਹਮਣੇ ਰੈਲੀ ਕਰਨ ਉਪਰੰਤ ਚੱਕਾ ਜਾਮ ਕੀਤਾ ਗਿਆ।
ਜਿਕਰਯੋਗ ਹੈ, ਕਿ ਪੰਜਾਬ ਸਰਕਾਰ ਦੁਆਰਾ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੇ ਜਾਣ ਕਾਰਨ ਪੰਜਾਬ ਦੇ ਮੁਲਾਜ਼ਮਾਂ ਦਾ ਰੋਹ ਲਗਾਤਾਰ ਵੱਧਦਾ ਜਾਂ ਰਿਹਾ ਹੈ। ਰੈਲੀ ਦੌਰਾਨ ਮੁਲਾਜ਼ਮਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ, ਮੁਲਾਜ਼ਮ ਆਗੂਆਂ ਦਰਸ਼ਨ ਲੁਬਾਣਾ, ਨੇ ਆਖਿਆ ਕਿ ਪੰਜਾਬ ਸਰਕਾਰ ਨੇ ਜਿੱਥੇ ਇੱਕ ਪਾਸੇ ਮੁਲਾਜ਼ਮ ਵਿਰੋਧੀ ਤਨਖਾਹ ਕਮਿਸ਼ਨ ਲਾਗੂ ਕਰਕੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਆਸਾਂ ਤੇ ਪਾਣੀ ਫੇਰੀ ਹੈ।
ਉੱਥੇ ਦੂਜੇ ਪਾਸੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਭਾਣਭੱਤਾ ਵਰਕਰਾਂ ਤੇ ਘੱਟ ਉਜਰਤਾਂ ਕਾਨੂੰਨ ਲਾਗੂ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਤੋਂ ਟਾਲਾ ਵੱਟਿਆ ਜਾਂ ਰਿਹਾ ਹੈ। ਇਸੇ ਤਰਾਂ ਪੰਜਾਬ ਸਰਕਾਰ ਵੱਲੋਂ ਵਿਭਾਗਾਂ ਦੇ ਪੁਨਰਗਠਨ ਤਹਿਤ ਹਜ਼ਾਰਾਂ ਅਸਾਮੀਆਂ ਖਤਮ ਕਰਕੇ ਵਿਭਾਗਾਂ ਦੀ ਆਕਾਰ ਘਟਾਈ ਕਰਕੇ ਲਗਾਤਾਰ ਨਿੱਜੀਕਰਨ ਵੱਲ ਕਦਮ ਪੁੱਟੇ ਜਾ ਰਹੇ ਹਨ।
ਪੰਜਾਬ ਸਰਕਾਰ ਜਿੱਥੇ ਇੱਕ ਪਾਸੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੱਬੀ ਬੈਠੀ ਹੈ ਉੱਥੇ ਮੁਲਾਜ਼ਮਾਂ ਉੱਤੇ 200 ਰੁਪਏ ਡਿਵੈਲਪਮੈਂਟ ਟੈਕਸ ਦੇ ਨਾਂ ਹੇਠ ਬੋਝ ਪਾਇਆ ਗਿਆ ਹੈ। ਆਗੂਆਂ ਨੇ ਆਖਿਆ, ਕਿ ਪੰਜਾਬ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਵੱਲੋਂ ਸੰਘਰਸ਼ ਦੇ ਅਗਲੇ ਪੜਾਅ ਤਹਿਤ 29 ਜੁਲਾਈ ਨੂੰ ਪਟਿਆਲਾ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ, ਜੋ ਕਿ ਪੰਜਾਬ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗੀ।
ਇਹ ਵੀ ਪੜ੍ਹੋ:-ਕੋਟਕਪੂਰਾ ਗੋਲੀਕਾਂਡ: ਪਹਿਲੀ ਵਾਰ ਮੀਡੀਆ ਸਾਹਮਣੇ ਆਏ ਸਾਬਕਾ ਆਈਜੀ ਉਮਰਾਨੰਗਲ