ਪਟਿਆਲਾ: ਜ਼ਿਲ੍ਹੇ ਚ ਮਾਨਸੂਨ ਦੀ ਪਹਿਲੇ ਮੀਂਹ ਨੇ ਪ੍ਰਸ਼ਾਸਨ ਦੀਆਂ ਪੋਲਾ ਖੋਲ੍ਹ ਕੇ ਰੱਖ ਦਿੱਤੀ ਹੈ। ਦੱਸ ਦਈਏ ਕਿ ਜ਼ਿਲ੍ਹੇ ਦੇ ਨਾਭਾ ਗੇਟ ਅਤੇ ਚਾਂਦਨੇ ਚੌਕ ਚ ਕਈ ਕਈ ਫੁੱਟ ਮੀਂਹ ਦਾ ਪਾਣੀ ਖੜ੍ਹਾ ਹੋਇਆ ਹੈ, ਜਿਸ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਨੂੰ ਗੰਦੇ ਪਾਣੀ ਚੋਂ ਹੀ ਲੰਘਣਾ ਪੈ ਰਿਹਾ ਹੈ। ਇੱਕ ਪਾਸੇ ਜਿੱਥੇ ਲੋਕਾਂ ਨੂੰ ਗੰਦੇ ਪਾਣੀ ਦੇ ਕਾਰਨ ਸੜਕ ਤੋਂ ਲੰਘਣ ਚ ਮੁਸ਼ਕਿਲਾਂ ਆ ਰਹੀਆਂ ਹਨ ਉੱਥੇ ਹੀ ਦੂਜੇ ਪਾਸੇ ਗੰਦਾ ਪਾਣੀ ਦੁਕਾਨਾਂ ਦੇ ਅੰਦਰ ਵੜਣ ਕਾਰਨ ਦੁਕਾਨਦਾਰਾਂ ਦਾ ਕਾਫੀ ਨੁਕਸਾਨ ਹੋ ਰਿਹਾ ਹੈ।
ਇਸ ਸਬੰਧ ’ਚ ਸਥਾਨਕਵਾਸੀਆਂ ਦਾ ਕਹਿਣਾ ਹੈ ਕਿ ਮੀਂਹ ਤੋਂ ਪਹਿਲਾਂ ਨਗਰ ਨਿਗਮ ਨੇ ਕਿਹਾ ਸੀ ਕਿ ਮੀਂਹ ਆਉਣ ’ਤੇ ਕਿਸੇ ਵੀ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਹੀਂ ਹੋਵੇਗੀ। ਪਰ ਮਾਨਸੂਨ ਦੀ ਪਹਿਲੀ ਬਰਸਾਤ ਸਮੇਂ ਹੀ ਪਾਣੀ ਥਾਂ ਥਾਂ ਖੜ ਗਿਆ ਹੈ। ਲੋਕਾਂ ਨੇ ਇਹ ਵੀ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਚ ਭਾਰੀ ਮੀਂਹ ਪੈਂਦੀ ਹੈ ਤਾਂ ਲੋਕਾਂ ਨੂੰ ਇਸ ਨਾਲ ਭਾਰੀ ਨੁਕਸਾਨ ਹੋਵੇਗਾ। ਥਾਂ ਥਾਂ ਪਾਣੀ ਖੜ੍ਹਾ ਹੋਣ ਕਾਰਨ ਉਨ੍ਹਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ।
ਕਾਬਿਲੇਗੌਰ ਹੈ ਕਿ ਬੇਸ਼ਕ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ ਪਰ ਬਰਸਾਤੀ ਪਾਣੀ ਦੇ ਸੜਕਾਂ ਤੇ ਖੜ੍ਹ ਜਾਣ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।