ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦੇਸ਼ 'ਚ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕਰ ਦਿੱਤਾ ਗਿਆ ਹੈ। ਇਸੇ ਲੜੀ 'ਚ ਪੰਜਾਬ 'ਚ ਪੁਲਿਸ ਵੱਲੋਂ ਥਾਂ-ਥਾਂ ਨਾਕੇਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਦੌਰਾਨ ਰਾਜਪੁਰਾ 'ਚ ਚੈਕਿੰਗ ਦੌਰਾਨ ਪੁਲਿਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ। ਪੁਲਿਸ ਨੇ ਇੱਕ ਗੱਡੀ 'ਚੋਂ ਇੱਕ ਕਰੋੜ ਦੀ ਪੁਰਾਣੀ ਕਰੰਸੀ ਬਰਾਮਦ ਕੀਤੀ ਹੈ। ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਉਨ੍ਹਾਂ ਕੋਲੋਂ ਹਥਿਆਰ ਵੀ ਮਿਲੇ ਹਨ।
ਐੱਸਐੱਸਪੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਨੇ ਰਾਜਪੁਰਾ ਨੇੜੇ ਨਾਕਾ ਲਾਇਆ ਹੋਇਆ ਸੀ। ਪੁਲਿਸ ਨੇ ਅੰਬਾਲਾ ਤੋਂ ਆਈ ਇੱਕ ਗੱਡੀਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਇੱਕ ਕਰੋੜ ਰੁਪਏ ਦੀ ਪੁਰਾਣੀ ਕਰੰਸੀ ਅਤੇ ਇੱਕ ਲੱਖ 554 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਹੋਈ। ਗੱਡੀ ਵਿੱਚੋਂ ਪਿਸਤੌਲ ਦੇ ਨਾਲ-ਨਾਲ ਚੱਲੇ ਹੋਏ ਕਾਰਤੂਸ ਵੀ ਮਿਲੇ ਹਨ।
ਜਾਣਕਾਰੀ ਅਨੁਸਾਰ ਤਿੰਨ ਮੁਲਜ਼ਮਾਂ 'ਚੋਂ ਦੋ ਦਾ ਪਿਛੋਕੜ ਹਰਿਆਣਾ ਦੇ ਕੁਰੂਕਸ਼ੇਤਰ ਅਤੇ ਅੰਬਾਲਾ ਦੱਸਿਆ ਜਾ ਰਿਹਾ ਹੈ ਅਤੇ ਇੱਕ ਵਿਅਕਤੀ ਮੋਲੀ ਜਾਗਰਾ ਨਾਲ ਸਬੰਧ ਰੱਖਦਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਹ ਇਸ ਦੀ ਜਾਣਕਾਰੀ ਚੋਣ ਕਮਿਸ਼ਨ ਪੰਜਾਬ ਅਤੇ ਜ਼ਿਲ੍ਹਾ ਚੋਣ ਅਫ਼ਸਰ ਨੂੰ ਵੀ ਦੇਣਗੇ ਅਤੇ ਇਸ ਮਾਮਲੇ ਦੀ ਬਹੁਤ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।