ਪਟਿਆਲਾ: ਈ.ਟੀ.ਟੀ ਅਤੇ ਟੈੱਟ ਪਾਸ ਯੂਨੀਅਨ ਦੇ ਅਧਿਆਪਕਾਂ ਨੇ ਇਕੱਠੇ ਹੋ ਕੇ ਕੈਪਟਨ ਅਮਰਿੰਦਰ ਸਿੰਘ ਦੇ ਮਹਿਲ ਦੇ ਬਾਹਰ ਧਰਨਾ ਲਾ ਦਿੱਤਾ ਹੈ। ਇਸ ਦੌਰਾਨ ਕਈ ਪ੍ਰਦਰਸ਼ਕਾਰੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਵੀ ਲੈ ਲਿਆ।
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਈ ਸਾਲਾਂ ਤੋਂ ਉਹ ਆਪਣੀਆਂ ਮੰਗਾਂ ਲਈ ਅੜੇ ਹੋਏ ਹਨ ਪਰ ਸਰਕਾਰ ਕਿਸੇ ਵੀ ਤਰ੍ਹਾਂ ਉਨ੍ਹਾਂ ਦੀ ਸਾਰ ਨਹੀਂ ਲੈ ਰਹੀ ਹੈ। ਕਈ ਵਾਰ ਮੀਟਿੰਗਾਂ ਕਰ ਲਈਆਂ ਅਤੇ ਕਈ-ਕਈ ਮਹੀਨੇ ਪਾਣੀ ਦੀਆਂ ਟੈਂਕੀਆਂ ਉੱਪਰ ਬੈਠ ਕੇ ਪ੍ਰਦਰਸ਼ਨ ਕਰ ਲਿਆ ਹੈ ਪਰ ਸਰਕਾਰ ਉਨ੍ਹਾਂ ਦੀ ਕੋਈ ਸਾਰ ਨਹੀ ਲੈਂਦੀ।
ਇਸ ਦੇ ਚਲਦੇ ਹੋਏ ਬੇਰੁਜ਼ਗਾਰ ਅਧਿਆਪਕ ਕੈਪਟਨ ਅਮਰਿੰਦਰ ਸਿੰਘ ਦੇ ਮਹਿਲ ਦੇ ਗੇਟ ਦੇ ਵਿੱਚ ਵੀ ਪਹੁੰਚ ਗਏ ਪਰ ਉੱਥੇ ਪੁਲਿਸ ਬਲ ਦੀ ਤੈਨਾਤੀ ਕਰ ਕੇ ਉਨ੍ਹਾਂ ਨੂੰ ਅੰਦਰ ਜਾਣ ਤੋਂ ਰੋਕਿਆ ਗਿਆ।
ਪ੍ਰਦਰਸ਼ਨ ਕਰਨ ਆਏ ਅਧਿਆਪਕਾਂ ਵਿੱਚੋਂ ਕਈਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਜਿਸ ਤੋਂ ਬਾਅਦ ਬਾਕੀ ਦੇ ਅਧਿਆਪਕਾਂ ਨੇ ਇਕੱਠੇ ਹੋ ਕੇ ਵਾਈਪੀਐਸ ਚੌਕ ਵਿੱਚ ਧਰਨਾ ਲਾ ਕੇ ਨਾਅਰੇਬਾਜ਼ੀ ਕੀਤੀ।
ਇਸ ਤੋਂ ਬਾਅਦ ਪ੍ਰਦਰਸ਼ਨ ਦੇ ਕੁਝ ਆਗੂਆਂ ਨੇ ਮੁੱਖ ਮੰਤਰੀ ਦੀ ਪਤਨੀ ਅਤੇ ਪਟਿਆਲਾ ਤੋਂ ਸਾਂਸਦ ਪ੍ਰਨੀਤ ਕੌਰ ਨਾਲ ਮੁਲਾਕਤ ਕੀਤੀ। ਮੀਟਿੰਗ ਤੋਂ ਮਿਲੇ ਭਰੋਸੇ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਧਰਨਾ ਖ਼ਤਮ ਕਰ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਧਰਨੇ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਪ੍ਰਦਰਸ਼ਨਕਾਰੀਆਂ ਨੂੰ ਰਿਹਾਅ ਕੀਤਾ ਜਾਵੇ।
ਇਸ ਦੌਰਾਨ ਇਹ ਵੀ ਕਿਹਾ ਕਿ ਜੇ ਉਨ੍ਹਾਂ ਦੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਇਸ ਤੋਂ ਵੀ ਵੱਡਾ ਪ੍ਰਦਰਸ਼ਨ ਕਰਨਗੇ।