ਪਟਿਆਲਾ : ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ ਅੱਜ ਸ਼ੇਰਾਂ ਵਾਲਾ ਗੇਟ ਨੇੜੇ ਮੰਗਾਂ ਦੇ ਸਬੰਧ ਵਿੱਚ ਸੂਬਾਈ ਰੈਲੀ ਕੀਤੀ ਅਤੇ ਮੋਤੀ ਮਹਿਲ ਵੱਲ ਮਾਰਚ ਕੀਤਾ ਗਿਆ । ਮਾਰਚ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਔਰਤਾਂ ਤੇ ਮਰਦਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਮੁਲਾਜ਼ਮਾਂ ਨੇ ਜਦੋਂ ਮੋਤੀ ਮਹਿਲ ਵਲ ਕੂਚ ਕੀਤਾ ਤਾਂ ਪੁਲਿਸ ਨੇ ਬਲ ਦਾ ਪ੍ਰਯੋਗ ਕਰਦਿਆਂ ਲਾਠੀਚਾਰਜ ਵੀ ਕੀਤਾ। ਲਾਠੀਚਾਰਜ ਦੀਆਂ ਸ਼ਿਕਾਰ ਮਹਿਲਾ ਮੁਲਾਜ਼ਮਾਂ ਨੇ ਕਿਹਾ ਕਿ ਕੱਲ ਨੂੰ ਕੌਮਾਂਤਰੀ ਮਹਿਲਾ ਦਿਵਸ ਹੈ ਜਿਸ ਤੋਂ ਪਹਿਲਾਂ ਸਰਕਾਰ ਨੇ ਸਬੂਤ ਦੇ ਦਿੱਤਾ ਹੈ ਕਿ ਸਰਕਾਰ ਮਹਿਲਾਵਾਂ ਪ੍ਰਤੀ ਕਿੰਨੀ ਕੁ ਸੰਜੀਦਾ ਹੈ।
ਰੈਲੀ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਚੋਣ ਵਾਅਦਿਆਂ ਮੁਤਾਬਕ ਕੱਚੇ ਅਤੇ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ। ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀਂ ਕੀਤੀ ਗਈ ਤੇ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਵੀ ਲਾਗੂ ਨਹੀਂ ਕੀਤੀ।
ਨਾ ਹੀ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਜੁਲਾਈ 2017 ਤੋਂ ਬਾਅਦ ਡੀ.ਏ. ਦੀ ਕਿਸ਼ਤ ਦਿੱਤੀ ਗਈ ਹੈ। ਆਸ਼ਾ ਵਰਕਰਾਂ ਅਤੇ ਮਿਡ-ਡੇ-ਮੀਲ ਵਰਕਰਾਂ ‘ਤੇ ਘੱਟੋ ਘੱਟ ਉਜ਼ਰਤਾਂ ਲਾਗੂ ਕੀਤੀਆਂ ਜਾਣ ਅਤੇ ਫੈਸਿਲੀਟੇਟਰਾਂ ਨੂੰ ਘੱਟੋ ਘੱਟ 21000/-ਰੁਪਏ ਮਾਸਿਕ ਤਨਖਾਹ ਦਿੱਤੀ ਜਾਵੇ। ਸਹਿਕਾਰੀ ਅਦਾਰਿਆ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਮੁਲਾਜ਼ਮਾਂ ਨੂੰ ਵੀ ਸਰਕਾਰੀ ਵਿਭਾਗਾਂ ਵਾਂਗ ਪੈਨਸ਼ਨ ਤੇ ਮੈਡੀਕਲ ਸਹੂਲਤਾਂ ਦਿੱਤੀਆਂ ਜਾਣ।
ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।