ਪਟਿਆਲਾ: ਕੋਰੋਨਾ ਵਾਇਰਸ ਨੂੰ ਲੈ ਕੇ ਜਿੱਥੇ ਵਿਸ਼ਵ ਭਰ ਵਿੱਚ ਬਚਾਅ ਕਾਰਜ ਲਈ ਕਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਉੱਥੇ ਹੀ, ਪੰਜਾਬ ਸਰਕਾਰ ਵਲੋਂ ਲੋਕਾਂ ਦੇ ਬਚਾਅ ਲਈ ਭੀੜ ਵਾਲੇ ਇਲਾਕਿਆਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਹੁਣ ਸਰਕਾਰ ਨੇ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਨਾਲ ਮੁਲਾਕਾਤ ਵੀ 16 ਤਰੀਕ ਤੋਂ ਬੰਦ ਕਰ ਦਿੱਤੀ ਹੈ। ਉੱਥੇ ਹੀ, ਕੈਦੀਆਂ ਦੇ ਪਰਿਵਾਰਕ ਮੈਂਬਰ ਜੋ ਮੁਲਾਕਾਤ ਕਰਨ ਪਹੁੰਚੇ, ਉਨ੍ਹਾਂ ਨੂੰ ਨਿਰਾਸ਼ ਹੋਣਾ ਪਿਆ ਤੇ ਪਰੇਸ਼ਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਫਿਲਹਾਲ, ਜੋ ਮੁਲਾਕਾਤੀ ਕੈਦੀਆਂ ਨੂੰ ਮਿਲਣ ਲਈ ਆ ਰਹੇ ਹਨ, ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪਹਿਲਾਂ ਨਹੀਂ ਪਤਾ ਸੀ। ਉਹ ਦੂਰੋਂ-ਦੂਰੋਂ ਆਏ ਹਨ ਤੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕਰੋਨਾ ਵਾਇਰਸ ਦੇ ਕਹਿਰ ਕਾਰਨ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਅਗਲੇ ਆਦੇਸ਼ਾਂ ਤੱਕ ਬੰਦ ਕਰ ਦਿੱਤੀ ਗਈ ਹੈ। ਇਸ ਸਬੰਧੀ ਜੇਲ੍ਹ ਦੇ ਮੁੱਖ ਗੇਟ ਉੱਪਰ ਪੋਸਟਰ ਲਾ ਦਿੱਤੇ ਗਏ ਹਨ। ਇਹ ਫ਼ੈਸਲਾ ਕੈਦੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਕੀਤਾ ਗਿਆ ਹੈ। ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੀ ਦਹਿਸ਼ਤ ਫੈਲੀ ਹੋਈ ਹੈ ਜਿਸ ਦੇ ਚੱਲਦੇ ਹੋਏ ਪੰਜਾਬ ਸਰਕਾਰ ਵੱਲੋਂ ਸਿਨੇਮਾ ਹਾਲ, ਸ਼ਾਪਿੰਗ ਮਾਲ, ਰੇਸਤਰਾਂ ਤੇ ਜਿੰਮ ਆਦਿ 31 ਮਾਰਚ ਤੱਕ ਬੰਦ ਕੀਤੇ ਗਏ ਹਨ ਅਤੇ ਜਨਤਕ ਥਾਵਾਂ ਉੱਪਰ ਇਕੱਠ ਕਰਨ ਤੋਂ ਵੀ ਰੋਕ ਲਗਾਈ ਗਈ ਹੈ।
ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਨੂੰ ਮਹਾਂਮਾਰੀ ਐਲਾਨ ਕਰਦੇ ਹੋਏ ਇਹ ਹੁਕਮ ਜਾਰੀ ਕਰਦਿਆਂ ਆਖਿਆ ਕਿ ਜਿਨ੍ਹਾਂ ਸਕੂਲਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਸਿਰਫ਼ ਉਹੀ ਸਕੂਲ ਖੁੱਲ੍ਹੇ ਰਹਿਣਗੇ। ਜਦਕਿ, ਬਾਕੀ ਸਾਰੇ ਸਕੂਲ 31 ਮਾਰਚ ਤੱਕ ਬੰਦ ਰਹਿਣਗੇ। ਉਸੇ ਹੁਕਮਾਂ ਦੇ ਮੱਦੇਨਜ਼ਰ ਪੰਜਾਬ ਦੀਆਂ ਸਾਰੀ ਕੇਂਦਰੀ ਜੇਲ੍ਹਾਂ ਦੇ ਬਾਹਰ ਪੋਸਟਰ ਲਗਾ ਦਿੱਤੇ ਗਏ ਹਨ ਕਿ ਕੈਦ ਕੱਟ ਰਹੇ ਕੈਦੀਆਂ ਨਾਲ 16 ਤਰੀਕ ਤੋਂ 31 ਮਾਰਚ ਤੱਕ ਮੁਲਾਕਾਤ ਕਿਸੇ ਵੀ ਪਰਿਵਾਰਕ ਮੈਂਬਰ ਦੀ ਨਹੀਂ ਹੋਵੇਗੀ। ਜਦੋਂ ਤੱਕ ਅਗਲੇ ਆਦੇਸ਼ ਨਹੀਂ ਆਉਂਦੇ ਉਦੋਂ ਤੱਕ ਇਹ ਹੁਕਮ ਜਾਰੀ ਰਹਿਣਗੇ।
ਇਹ ਵੀ ਪੜ੍ਹੋ: ਭਾਰਤ ਵਿੱਚ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ ਹੋਈ 126