ਪਲਿਆਲਾ: ਜ਼ਿਲ੍ਹੇ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਉਸਨੂੰ ਮਿਲਣ ਲਈ ਜ੍ਹੇਲ ਵਿੱਚ ਪਹੁੰਚੇ ਹਨ। ਇਸ ਮੁਲਾਕਾਤ ਵਿੱਚ ਉਨ੍ਹਾਂ ਵੱਲੋਂ ਭਰਾ ਨਾਲ ਸੰਗਰੂਰ ਦੀ ਜ਼ਿਮਨੀ ਚੋਣ ਲੜਨ ਸਬੰਧੀ ਚਰਚਾ ਕੀਤੀ ਜਾਵੇਗੀ। ਦੱਸ ਦਈਏ ਕਿ ਰਾਜੋਆਣਾ ਨਾਲ ਮੁਲਾਕਾਤ ਤੋਂ ਪਹਿਲਾਂ ਅਕਾਲੀ ਦਲ ਦੇ ਵਫਦ ਵੱਲੋਂ ਉਨ੍ਹਾਂ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨਾਲ ਮੁਲਾਕਾਤ ਕੀਤੀ ਗਈ ਸੀ। ਇਸ ਮੁਲਾਕਾਤ ਵਿੱਚ ਸੰਗਰੂਰ ਜ਼ਿਮਨੀ ਚੋਣ ਨੂੰ ਲੈਕੇ ਉਨ੍ਹਾਂ ਨੂੰ ਸਾਂਝੇ ਤੌਰ ਉੱਤੇ ਉਮੀਦਵਾਰ ਖੜ੍ਹਾ ਕਰਨ ਦੀ ਪੇਸ਼ਕਸ਼ ਕੀਤੀ ਗਈ ਹੈ।
ਰਾਜੋਆਣਾ ਨਾਲ ਮੁਲਾਕਾਤ ਤੋਂ ਬਾਅਦ ਕਮਲਜੀਤ ਕੌਰ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦੱਸਿਆ ਕਿ ਜ਼ਿਮਨੀ ਚੋਣ ਲੜਨ ਲਈ ਰਾਜੋਆਣਾ ਨੇ ਸਹਿਮਤੀ ਜਤਾ ਦਿੱਤੀ ਹੈ ਜੇਕਰ ਸਾਰੀਆਂ ਸਿੱਖ ਜਥੇਬੰਦੀਆਂ ਉਨ੍ਹਾਂ ਨੂੰ ਚੋਣ ਲੜਾਉਣਾ ਚਾਹੁੰਦੀਆਂ ਹਨ। ਇਸਦੇ ਨਾਲ ਹੀ ਉਨ੍ਹਾਂ ਇਹ ਸ਼ਰਤ ਰੱਖੀ ਹੈ ਕਿ ਉਹ ਚੋਣ ਤਾਂ ਹੀ ਲੜਨਗੇ ਜੇਕਰ ਸ਼੍ਰੋਮਣੀ ਅਕਾਲੀ ਦਲ ਪਾਰਟੀ ਵੱਲੋਂ ਉਨ੍ਹਾਂ ਨੂੰ ਉਮੀਦਵਾਰ ਬਣਾਇਆ ਜਾਂਦਾ ਹੈ।
ਸਿੱਖ ਜਥੇਬੰਦੀਆਂ ਵਿਚਕਾਰ ਉਨ੍ਹਾਂ ਨੂੰ ਸਾਂਝੇ ਉਮੀਦਵਾਰ ਵਜੋਂ ਚੋਣ ਲੜਾਉਣ ਲਈ ਸਹਿਮਤੀ ਬਣਾ ਲਈ ਗਈ ਹੈ। ਸੰਗਰੂਰ ਦੀ ਲੋਕਸਭਾ ਜ਼ਿਮਨੀ ਚੋਣ ਨੂੰ ਲੈਕੇ ਆਮ ਆਦਮੀ ਪਾਰਟੀ ਵੱਲੋਂ ਗੁਰਮੇਲ ਸਿੰਘ ਨੂੰ ਆਪਣੇ ਉਮੀਦਵਾਰ ਵਜੋਂ ਐਲਾਨ ਕੀਤਾ ਗਿਆ ਹੈ। ਉਥੇ ਹੀ ਬਾਕੀ ਸਿਆਸੀ ਪਾਰਟੀਆਂ ਵਲੋਂ ਆਪਣੇ ਪੱਤੇ ਤਾਂ ਨਹੀਂ ਖੋਲ੍ਹੇ ਗਏ ਪਰ ਚੋਣਾਂ ਨੂੰ ਲੈਕੇ ਢਾਅ ਭੰਨ ਸ਼ੁਰੂ ਕਰ ਦਿੱਤੀ ਹੈ।
ਇਸ ਵਿਚਾਲੇ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਿਮਰਨਜੀਤ ਸਿੰਘ ਮਾਨ ਨੂੰ ਉਨ੍ਹਾਂ ਦੀ ਸੰਗਰੂਰ ਵਿਖੇ ਰਿਹਾਇਸ਼ 'ਤੇ ਮਿਲਣ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਮੌਜੂਦ ਰਹੇ। ਇਸਦੇ ਨਾਲ ਹੀ ਅਕਾਲੀ ਦੀ ਸੀਨੀਅਰ ਲੀਡਰਸ਼ਿੱਪ ਵੀ ਮੌਜੂਦ ਰਹੀ।
ਇਸ ਮੁਲਾਕਾਤ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਧਾਮੀ ਦਾ ਅਹਿਮ ਬਿਆਨ ਸਾਹਮਣੇ ਆਇਆ ਸੀ। ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਇਹ ਅਪੀਲ ਕੀਤੀ ਗਈ ਸੀ ਬੰਦੀ ਸਿੰਘਾਂ ਲਈ ਸਮੁੱਚਾ ਪੰਥ ਇਕੱਠਾ ਹੋਵੇ ਅਤੇ ਲੋਕਸਭਾ ਜ਼ਿਮਨੀ ਚੋਣ ਲਈ ਇੱਕ ਹੀ ਉਮੀਦਵਾਰ ਦਾ ਐਲਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮਸਲੇ ਨੂੰ ਲੈਕੇ ਪੰਥਕ ਲੀਡਰਾਂ ਵੱਲੋਂ ਅਹਿਮ ਵਿਚਾਰ ਚਰਚਾ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨ੍ਹਾਂ ਵਿੱਚ ਇਸ ਸਬੰਧੀ ਆਖਰੀ ਫੈਸਲਾ ਵੀ ਲੈ ਲਿਆ ਜਾਵੇਗਾ। ਇੰਨ੍ਹਾਂ ਹੋਈਆਂ ਮੁਲਕਾਤਾਂ ਤੋਂ ਬਾਅਦ ਕਮਲਜੀਤ ਕੌਰ ਵੱਲੋਂ ਆਪਣੇ ਭਰਾ ਰਾਜੋਆਣਾ ਨਾਲ ਮੁਲਾਕਾਤ ਕੀਤੀ ਗਈ ਹੈ ਅਤੇ ਇਸ ਮੁਲਾਕਾਤ ਵਿੱਚ ਚੋਣ ਲੜਨ ਦੀ ਸਹਿਮਤੀ ਰਾਜੋਆਣਾ ਨੇ ਆਪਣੀ ਭੈਣ ਨੂੰ ਦੇ ਦਿੱਤੀ ਹੈ।
ਇਹ ਵੀ ਪੜ੍ਹੋ: ਕੀ ਕਾਂਗਰਸ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਲੜਾ ਸਕਦੀ ਹੈ ਸੰਗਰੂਰ ਦੀ ਜ਼ਿਮਨੀ ਚੋਣ ?