ਨਾਭਾ : ਪੰਜਾਬ ਸਰਕਾਰ ਉਚੇਰੀ ਸਿੱਖਿਆ ਵਿਭਾਗ ਦੀਆਂ ਗੈਸਟ ਫੈਕਲਟੀ/ ਪਾਰਟ ਟਾਈਮ/ਕੰਟਰੈਕਟ ਉੱਤੇ ਸਰਕਾਰੀ ਕਾਲਜਾਂ ਵਿੱਚ ਪਿੱਛਲੇ 15-20 ਸਾਲਾਂ ਤੋਂ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ ਵਿਰੁੱਧ ਅਪਣਾਈਆ ਮਾਰੂ ਨੀਤੀਆਂ ਕਾਰਨ, ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ 9ਵੇ ਦਿਨ ਵੀ ਧਰਨਾ ਪ੍ਰਦਰਸ਼ਨ ਜਾਰੀ ਰਿਹਾ। ਜਿਸ ਦੇ ਤਹਿਤ ਨਾਭਾ ਵਿਖੇ ਸਰਕਾਰੀ ਕਾਲਜ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਵੱਲੋਂ ਵੀ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਦੀ ਨਿਖੇਧੀ ਕੀਤੀ ਗਈ।
ਇਸ ਸਬੰਧੀ ਅਕਾਲੀ ਦਲ ਦੇ ਆਗੂ ਦਾ ਕਹਿਣਾ ਕਿ ਪੰਜਾਬ ਦੇ ਜਿਹੜੇ ਅਧਿਆਪਕ ਦੇਸ਼ ਦਾ ਭਵਿੱਖ ਬਣਾਉਣ ਵਿੱਚ ਮੋਹਰੀ ਸਾਬਤ ਹੋ ਰਹੇ ਹਨ, ਉਹ ਹੀ ਅਧਿਆਪਕ ਹੁਣ ਸੜਕਾਂ 'ਤੇ ਉਤਰਨ ਲਈ ਮਜਬੂਰ ਹਨ। ਪੰਜਾਬ ਵਿੱਚ 906 ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀਆਂ ਨੌਕਰੀਆਂ ਨੂੰ ਬਿਨਾਂ ਕਿਸੇ ਸ਼ਰਤ 'ਤੇ ਪੱਕੇ ਕਰਨ ਦੀ ਨੀਤੀ ਨੂੰ ਲੈ ਕੇ ਸਹਾਇਕ ਪ੍ਰੋਫੈਸਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰੋਫ਼ੈਸਰਾਂ ਦੀ ਮੰਗ ਹੈ ਕਿ ਅਸੀਂ ਪਿਛਲੇ ਵੀਹ, ਪੱਚੀ ਸਾਲਾਂ ਤੋਂ ਕੰਟਰੈਕਟ ਬੇਸ 'ਤੇ ਕੰਮ ਕਰ ਰਹੇ ਹਾਂ ਪਰ ਸਰਕਾਰਾਂ ਵੱਲੋਂ ਸਾਨੂੰ ਪੱਕਾ ਨਹੀਂ ਕੀਤਾ ਗਿਆ।ਸਰਕਾਰ 906 ਗੈਸਟ ਫੈਕਲਟੀ/ਪਾਰਟ ਟਾਈਮ/ਕੰਟਰੈਕਟ ਸਹਾਇਕ ਪ੍ਰੋਫੈਸਰਾਂ ਦੀਆਂ ਨੌਕਰੀਆਂ ਨੂੰ ਬਿਨਾਂ ਕਿਸੇ ਸ਼ਰਤ ਸੁਰੱਖਿਅਤ ਨਹੀਂ ਕਰਦੀ। ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ : 2022 ਤੋਂ ਪਹਿਲਾਂ ਗੁਰਨਾਮ ਚੜੂਨੀ ਦਾ ਵੱਡਾ ਐਲਾਨ
ਇਸ ਮੌਕੇ 'ਤੇ ਪ੍ਰੋ. ਕੁਲਦੀਪ ਸਿੰਘ ਅਤੇ ਪ੍ਰੋ. ਸੁਨੀਤਾ ਰਾਣੀ ਨੇ ਕਿਹਾ ਕਿ ਅਸੀਂ ਪਿਛਲੇ ਲੰਬੇ ਸਮੇਂ ਤੋਂ ਕੰਟਰੈਕਟ ਬੇਸ 'ਤੇ ਕੰਮ ਕਰ ਰਹੇ ਹਾਂ ਪਰ ਸਰਕਾਰਾਂ ਵੱਲੋਂ ਸਾਡੀ ਕੋਈ ਸਾਰ ਨਹੀਂ ਲਈ ਗਈ । ਇਕ ਪਾਸੇ ਤਾਂ ਕਾਂਗਰਸ ਸਰਕਾਰ ਘਰ-ਘਰ ਰੁਜ਼ਗਾਰ ਦੇਣ ਦਾ ਦਾਅਵਾ ਕਰ ਰਹੀ ਹੈ ਪਰ ਦੂਜੇ ਪਾਸੇ ਸਾਨੂੰ ਪੱਕਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਤਾਂ ਹੀ ਸਰਕਾਰ ਤੋਂ ਖਫਾ ਹੋ ਕੇ ਨੌਜਵਾਨ ਪੀੜ੍ਹੀ ਵਿਦੇਸ਼ਾਂ ਦਾ ਰੁਖ ਕਰ ਰਹੀ ਹੈ ਕਿਉਂਕਿ ਪੰਜਾਬ ਵਿੱਚ ਭਵਿੱਖ ਖ਼ਤਰੇ ਵਿਚ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਾਨੂੰ ਪੱਕਾ ਨਾ ਕੀਤਾ ਤਾਂ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ 'ਚ ਇੰਨਾਂ ਮੁੱਦਿਆਂ 'ਤੇ ਲੱਗੀ ਮੋਹਰ, ਦੇਖੋ ਤੁਹਾਨੂੰ ਮਿਲੇਗਾ ਲਾਭ !