ਪਟਿਆਲਾ: ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਬ੍ਰਹਮ ਮਹਿੰਦਰਾ ਨੇ ਅੱਜ ਪਿੰਡ ਲੰਗ ਦੇ ਕਿਸਾਨ ਕੇਸਰ ਸਿੰਘ (56), ਜਿਸ ਦਾ ਕਿਸਾਨ ਸੰਘਰਸ਼ ਦੌਰਾਨ ਦੇਹਾਂਤ ਹੋ ਗਿਆ ਸੀ, ਉਸ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਐਲਾਨੀ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਸੌਂਪਿਆ। ਮਹਿੰਦਰਾ ਨੇ ਕੇਸਰ ਸਿੰਘ ਨਮਿਤ ਪਿੰਡ ਲੰਗ ਦੇ ਗੁਰਦੁਆਰਾ ਖਿਰਨੀ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਹੋਈ ਅੰਤਿਮ ਅਰਦਾਸ 'ਚ ਸ਼ਾਮਲ ਹੁੰਦਿਆਂ ਉਨ੍ਹਾਂ ਦੀ ਮਾਤਾ ਸੁਰਜੀਤ ਕੌਰ, ਸੁਪਤਨੀ ਬਲਬੀਰ ਕੌਰ, ਪੁੱਤਰਾਂ ਜਗਦੇਵ ਸਿੰਘ ਤੇ ਕੁਲਵਿੰਦਰ ਸਿੰਘ ਨਾਲ ਦੁੱਖ ਸਾਂਝਾ ਕੀਤਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫ਼ੋਂ ਪਰਿਵਾਰ ਨਾਲ ਹਮਦਰਦੀ ਵੀ ਪ੍ਰਗਟਾਈ।
ਗ਼ੈਰਰਸਮੀ ਗੱਲਬਾਤ ਕਰਦਿਆਂ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਪੰਜਾਬ ਸਰਕਾਰ, ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਇਸ ਸੰਕਟ ਦੀ ਘੜੀ 'ਚ ਸੂਬੇ ਅਤੇ ਇਸ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸਾਰੇ ਕਦਮ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਵਿਸ਼ੇਸ਼ ਮੀਟਿੰਗ ਸੱਦ ਕੇ ਕਿਸਾਨੀ ਅੰਦੋਲਨ ਦੌਰਾਨ ਫੌਤ ਹੋ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਦਿੰਦਿਆਂ ਕਿਸਾਨਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਸੀ, ਕਿਉਂਕਿ ਇਸ ਕਿਸਾਨੀ ਸੰਘਰਸ਼ ਦੌਰਾਨ ਲਗਭਗ 78 ਕਿਸਾਨ ਆਪਣੀ ਜਾਨ ਗਵਾ ਚੁੱਕੇ ਹਨ।
ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਪੰਜਾਬ ਮੰਤਰੀ ਮੰਡਲ ਨੇ ਇਸ ਗੱਲ 'ਤੇ ਵੀ ਦਿੱਤਾ ਸੀ ਕਿ ਇਸ ਸੰਘਰਸ਼ ਦੌਰਾਨ ਹੋਰ ਜਾਨੀ ਨੁਕਸਾਨ ਤੋਂ ਬਚਣ ਲਈ ਕੇਂਦਰੀ ਖੇਤੀ ਕਾਨੂੰਨਾਂ ਨੂੰ ਲੈਕੇ ਪੈਦਾ ਹੋਈ ਸਮੱਸਿਆ ਦਾ ਛੇਤੀ ਨਿਪਟਾਰਾ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ 5 ਲੱਖ ਰੁਪਏ ਦੀ ਰਕਮ ਇਨਸਾਨੀ ਜਾਨ ਦੇ ਬਦਲੇ ਕੁਝ ਵੀ ਨਹੀਂ ਹੈ ਪਰੰਤੂ ਜਿਵੇਂ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਇਹ ਆਖ ਚੁੱਕੇ ਹਨ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਸੰਘਰਸ਼ 'ਚ ਕਿਸਾਨਾਂ ਦੇ ਨਾਲ ਖੜ੍ਹੀ ਹੈ, ਇਸ ਲਈ ਸਰਕਾਰ ਨੇ ਆਪਣਾ ਇਖ਼ਲਾਕੀ ਫ਼ਰਜ਼ ਸਮਝਦੇ ਹੋਏ ਇਸ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਸੀ।