ਪਟਿਆਲਾ: ਪੰਜਾਬੀ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਯੰਗ ਸਕਾਲਰ ਕਾਨਫਰੰਸ ਦੀ ਸ਼ੁਰੂਆਤ ਸੰਸਥਾ ਦੇ ਉਪ ਕੁਲਪਤੀ ਬੀ.ਐੱਸ ਘੁਮਾਣ ਵੱਲੋਂ ਕੀਤੀ ਗਈ। ਦੱਸ ਦਈਏ, ਕਿ ਗੁਰੂ ਨਾਨਕ ਦੇਵ ਸਿੱਖ ਸਟਡੀ ਦਾ ਪੱਧਰ ਉੱਚਾ ਚੁੱਕਣ ਤੇ ਗੁਰੂ ਨਾਨਕ ਦੇਵ ਨਾਲ ਜੁੜੀਆਂ ਖੋਜਾਂ ਨੂੰ ਨਵੀਂ ਰਫ਼ਤਾਰ ਦੇਣ ਲਈ ਪੰਜਾਬੀ ਯੂਨੀਵਰਸਿਟੀ ਵੱਲੋਂ ਸਮੇਂ-ਸਮੇਂ 'ਤੇ ਉਪਰਾਲੇ ਕੀਤੇ ਜਾਂਦੇ ਹਨ। ਇਸ ਤਹਿਤ ਇਹ ਯੰਗ ਸਕਾਲਰ ਕਾਨਫਰੰਸ ਕਰਵਾਈ ਜਾ ਰਹੀ ਹੈ ਜਿਸ ਵਿੱਚ 40 ਸਾਲ ਤੋਂ ਘੱਟ ਉਮਰ ਦੇ ਸਕਾਲਰਾਂ ਵੱਲੋਂ ਗੁਰੂ ਨਾਨਕ ਦੇਵ ਜੀ ਬਾਰੇ ਵੱਖ-ਵੱਖ ਤੱਥ ਨਸ਼ਰ ਕੀਤੇ ਜਾਂਦੇ ਹਨ।
ਇਹ ਕਾਨਫਰੰਸ ਪੰਜਾਬ ਸਰਕਾਰ ਵੱਲੋਂ ਉਲੀਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਦੇ ਪ੍ਰੋਗਰਾਮ ਤਹਿਤ ਗੁਰੂ ਗੋਬਿੰਦ ਸਿੰਘ ਵਿਭਾਗ 'ਚ ਕਰਵਾਈ ਜਾ ਰਹੀ ਹੈ। ਇਸ ਮੌਕੇ ਵਿਭਾਗ ਦੇ ਮੁਖੀ ਗੁਰਮੀਤ ਸਿੰਘ ਸਿੱਧੂ ਨੇ ਦੱਸਿਆ ਕਿ ਨੌਜਵਾਨਾਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚਲਣ ਲਈ ਪ੍ਰੇਰਿਤ ਕਰਨਾ ਤੇ ਉਨ੍ਹਾਂ ਬਾਰੇ ਵੱਖ-ਵੱਖ ਸਮੇਂ 'ਤੇ ਲਿਖੀਆਂ ਕਿਤਾਬਾਂ ,ਜੀਵਨੀ 'ਤੇ ਪੁਨਰ ਵਿਚਾਰ ਕਰਨਾ ਅਤੇ ਖੋਜ ਕਰਨੀ ਇਸ ਕਾਨਫਰੰਸ ਦਾ ਮੁੱਖ ਮਕਸਦ ਹੈ।
ਉਨ੍ਹਾਂ ਦੱਸਿਆ ਕਿ ਇਹ ਪਹਿਲੀ ਕਾਨਫਰੰਸ ਹੈ ਜਿਸ ਵਿਚ 40 ਸਾਲ ਤੋਂ ਘੱਟ ਉਮਰ ਵਾਲੇ ਸਕਾਲਰ ਆਪਣੇ-ਆਪਣੇ ਵਿਚਾਰ ਪੇਸ਼ ਕਰ ਰਹੇ ਹਨ।