ਪਟਿਆਲਾ : ਪਟਿਆਲਾ ਵਿੱਚ ਮੁੱਖ ਮੰਤਰੀ ਦੀ ਆਮਦ ਤੋਂ ਕਰੀਬ 8 ਤੋਂ 10 ਘੰਟੇ ਪਹਿਲਾਂ ਦੋ ਕਤਲਾਂ ਦੀ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਬਸ ਸਟੈਂਡ ਦੇ ਨੇੜੇ ਦੋ ਨੌਜਵਾਨਾਂ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦਿੱਤੀ ਗਈ ਹੈ। ਇਨ੍ਹਾਂ ਦੀ ਉਮਰ 19 ਸਾਲ ਅਤੇ 23 ਸਾਲ ਸੀ। ਹੈਰਾਨੀ ਵਾਲੀ ਗੱਲ ਹੈ ਕਿ ਪੁਲਿਸ ਪੂਰੀ ਤਰ੍ਹਾਂ ਨਾਲ ਮੁਸ਼ਤੈਦ ਹੈ। ਕਿਉਂਕਿ ਮੁੱਖ ਮੰਤਰੀ ਦੀ ਪਟਿਆਲਾ ਫੇਰੀ ਕਾਰਨ ਥਾਂ-ਥਾਂ ਉੱਤੇ ਨਾਕੇ ਲਗਾਏ ਗਏ ਹਨ। ਇਸਦੇ ਬਾਵਜੂਦ ਦੋ ਨੌਜਵਾਨਾਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਵੱਡੇ ਸਵਾਲ ਖੜ੍ਹੇ ਕਰਦੀ ਹੈ।
ਹੈਰਾਨੀ ਵਾਲੀ ਗੱਲ ਇਹ ਵੀ ਹੈ ਕਿ ਸੂਬੇ ਵਿਚ ਕਾਨੂੰਨ ਪ੍ਰਬੰਧ ਨੂੰ ਬਰਕਰਾਰ ਰੱਖਣ ਲਈ ਜਿੱਥੇ ਪੰਜਾਬ ਪੁਲਿਸ ਵੱਲੋਂ ਕਈ ਤਰ੍ਹਾਂ ਦੀਆਂ ਕੋਸ਼ਿਸ਼ਾਂ ਕਰਕੇ ਆਪਸੀ ਭਾਈਚਾਰਕ ਸਾਂਝ ਬਣਾ ਕੇ ਰੱਖਣ ਦੀ ਅਪੀਲ ਕੀਤੀ ਜਾਂਦੀ ਹੈ ਪਰ ਇਸ ਦੇ ਬਾਵਜੂਦ ਵੀ ਸੂਬੇ ਵਿੱਚ ਆਏ ਦਿਨ ਹੋ ਰਹੀਆਂ ਲੁੱਟਾਂ ਖੋਹਾਂ ਅਤੇ ਕਤਲ ਦੀਆਂ ਵਾਰਦਾਤਾਂ ਹੋ ਰਹੀਆਂ ਹਨ। ਦਰਅਸਲ ਪਟਿਆਲਾ ਦੇ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਲਾਗੇ ਬੀਤੀ ਰਾਤ 2 ਨੌਜਵਾਨਾਂ ਦਾ ਕਤਲ ਹੋ ਗਿਆ ਹੈ। ਕਤਲ ਕੀਤੇ ਗਏ ਨੌਜਵਾਨ ਦਾ ਨਾਂ ਨਕੂਲ ਅਤੇ ਅਨਿੱਲ ਦੱਸਿਆ ਜਾ ਰਿਹਾ ਹੈ। ਉਥੇ ਇਕ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੇ ਬੇਟੇ ਨੂੰ ਰਾਤ ਸਮੇਂ ਕਿਸੇ ਦਾ ਫੋਨ ਆਇਆ ਸੀ, ਜਿਸ ਤੋਂ ਬਾਅਦ ਉਹ ਘਰੋਂ ਮੋਟਰਸਾਈਕਲ ਉੱਤੇ ਸਵਾਰ ਹੋ ਕੇ ਨਿਕਲੇ ਸੀ ਕਿਉਂਕਿ ਉਹਨਾਂ ਦਾ ਕਿਸੇ ਨੌਜਵਾਨਾਂ ਨਾਲ ਝਗੜਾ ਚੱਲ ਰਿਹਾ ਸੀ। ਨੌਜਵਾਨਾਂ ਦੇ ਪਰਿਵਾਰ ਨੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਨੂੰ ਸਖਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਦੂਜੇ ਪਾਸੇ ਪੁਲਿਸ ਵੀ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : Morinda Sacrilege case: ਮੋਰਿੰਡਾ ਬੇਅਦਬੀ ਮਾਮਲੇ ਵਿੱਚ ਧਰਨਾ ਪ੍ਰਦਰਸ਼ਨ, ਆਪ ਵਿਧਾਇਕ ਨੇ ਨਿਹੰਗ ਸਿੰਘਾਂ ਨਾਲ ਕੀਤੀ ਮੁਲਾਕਾਤ
ਇਸ ਪੂਰੇ ਮਾਮਲੇ ਉੱਤੇ ਪਟਿਆਲਾ ਪੁਲਿਸ ਦੇ ਡੀਐਸਪੀ ਸਿਟੀ ਸੰਦੀਪ ਸਿੰਗਲਾ ਨੇ ਕਿਹਾ ਕਿ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੋ ਗੁੱਟਾਂ ਵਿੱਚ ਝਗੜਾ ਹੋਇਆ ਹੈ, ਜਿਸ ਵਿੱਚ ਦੋ ਨੌਜਵਾਨਾਂ ਦੀ ਮੌਤ ਹੋਈ ਹੈ। ਇੱਕ ਨੌਜਵਾਨ ਪਟਿਆਲਾ ਲਾਹੌਰੀ ਗੇਟ ਦਾ ਰਹਿਣ ਵਾਲਾ ਹੈ ਅਤੇ ਦੂਜਾ ਬਿਸ਼ਨ ਨਗਰ ਦਾ ਨਿਵਾਸੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮੁਲਜ਼ਮਾਂ ਨੂੰ ਜਲਦ ਕਾਬੂ ਕਰ ਲਵੇਗੀ।