ਪਟਿਆਲਾ: ਵੋਕੇਸ਼ਨਲ ਅਧਿਆਪਕਾਂ (Vocational teachers) ਵੱਲੋਂ ਪਿਛਲੇ ਕਾਫੀ ਲੰਬੇ ਸਮੇਂ ਤੋਂ ਦੁੱਖ ਨਿਵਾਰਨ ਗੁਰਦੁਆਰਾ ਸਾਹਿਬ ਦੇ ਸਾਹਮਣੇ ਪੱਕਾ ਮੋਰਚਾ ਲਗਾਇਆ ਗਿਆ ਹੈ। ਅਧਿਆਪਕਾਂ ਵੱਲੋਂ ਸਰਕਾਰ ਨੂੰ ਜਗਾਉਣ ਦੇ ਲਈ ਲਗਾਤਾਰ ਵੱਖ-ਵੱਖ ਤਰੀਕਿਆਂ ਦੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹੁਣ ਅਧਿਆਪਕਾਂ ਵੱਲੋਂ ਆਪਣੇ ਗਲਾਂ ਦੇ ਵਿੱਚ ਜੰਜ਼ੀਰਾਂ ਪਾ ਕੇ ਸੂਬਾ ਸਰਕਾਰ ਦੇ ਖਿਲਾਫ਼ ਜਬਰਦਸਤ ਪ੍ਰਦਰਸ਼ਨ ਕੀਤਾ ਗਿਆ। ਅਧਿਆਪਕਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਰਕਾਰ ਨੂੰ ਜਗਾਉਣ ਦੇ ਲਈ ਅਜਿਹੇ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।
ਇਸ ਮੌਕੇ ‘ਤੇ ਗੱਲਬਾਤ ਦੌਰਾਨ ਪ੍ਰਦਰਸ਼ਨਕਾਰੀ ਨੇ ਆਖਿਆ ਕਿ ਅਸੀਂ ਪਿਛਲੇ ਕਾਫੀ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਤੋਂ ਇੱਕੋ ਹੀ ਮੰਗ ਕਰ ਰਹੇ ਹਾਂ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ। ਉਨ੍ਹਾਂ ਨਾਲ ਹੀ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿੱਚ ਪ੍ਰਾਈਵੇਟ ਕੰਪਨੀਆਂ ਦੇ ਦਖਲ ਨੂੰ ਖਤਮ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਸਾਡੀਆਂ ਮੰਗਾਂ ਦੇ ਵੱਲ ਧਿਆਨ ਨਹੀਂ ਦੇ ਰਹੀ ਤੇ ਪਿਛਲੇ ਡੇਢ ਮਹੀਨੇ ਤੋਂ ਅਸੀਂ ਇੱਥੇ ਧਰਨਾ ਦੇ ਕੇ ਬੈਠੇ ਹਾਂ।
ਇਸ ਪ੍ਰਦਰਸ਼ਨ ਦੌਰਾਨ ਵੋਕੇਸ਼ਨਲ ਮਹਿਲਾ ਅਧਿਆਪਕ ਨੇ ਆਖਿਆ ਕਿ ਪੰਜਾਬ ਸਰਕਾਰ ਦਾਅਵੇ ਕਰ ਰਹੀ ਹੈ ਕਿ ਅਸੀਂ 16 ਲੱਖ ਬੇਰੁਜ਼ਗਾਰਾਂ ਨੂੰ ਨੌਕਰੀ ਦਿੱਤੀ ਹੈ ਪਰ ਹਰ ਪਾਸੇ ਹੀ ਅਧਿਆਪਕ ਸੜਕਾਂ ‘ਤੇ ਨੌਕਰੀ ਮੰਗ ਰਹੇ ਹਨ। ਉਨ੍ਹਾਂ ਸਰਕਾਰ ਖਿਲਾਫ਼ ਰੋਸ ਜਤਾਉਂਦੇ ਕਿਹਾ ਕਿ ਕਿਸੇ ਨੂੰ ਵੀ ਸਰਕਾਰ ਵੱਲੋਂ ਨੌਕਰੀ ਨਹੀਂ ਦਿੱਤੀ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅਸੀਂ ਵੀ ਪਿਛਲੇ ਕਾਫੀ ਲੰਬੇ ਸਮੇਂ ਤੋਂ ਸਰਕਾਰ ਤੋਂ ਮੰਗ ਕਰ ਰਹੇ ਹਾਂ । ਉਨ੍ਹਾਂ ਕਿਹਾ ਕਿ ਸਾਨੂੰ 11 ਸਾਲ ਹੋ ਚੁੱਕੇ ਹਨ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਹਨ ਤੇ ਸਾਨੂੰ ਹੁਣ ਪੱਕਾ ਕੀਤਾ ਜਾਵੇ ਪਰ ਪੰਜਾਬ ਸਰਕਾਰ ਹਰ ਵਾਰ ਲਾਰੇ ਲਾ ਰਹੀ ਹੈ ਤੇ ਅਸੀਂ ਇਹਨਾਂ ਲਾਰਿਆਂ ਤੋਂ ਹੁਣ ਪਰੇਸ਼ਾਨ ਹੋ ਚੁੱਕੇ ਹਾਂ। ਉਨ੍ਹਾਂ ਕਿਹਾ ਕਿ ਇਸੇ ਕਰਕੇ ਸਾਨੂੰ ਕੈਦੀਆਂ ਦੇ ਵਾਂਗੂ ਜੰਜ਼ੀਰਾਂ ਪਾਉਣੀਆਂ ਪੈ ਰਹੀਆਂ ਹਨ ਤਾਂ ਜੋ ਸਰਕਾਰ ਤੱਕ ਉਨ੍ਹਾਂ ਦੀ ਆਵਾਜ਼ ਪਹੁੰਚ ਸਕੇ।
ਇਹ ਵੀ ਪੜ੍ਹੋ: LPG Cylinder : ਨਹੀਂ ਆਏ ਚੰਗੇ ਦਿਨ, ਰਸੋਈ ਗੈਸ ਦੀ ਮੁੜ ਵਧੀ ਕੀਮਤ