ਪਟਿਆਲਾ: ਪਿਛਲੇ 7 ਦਿਨਾਂ ਤੋਂ ਜਲ ਸਪਲਾਈ ਤੇ ਸੈਨੀਟੇਸ਼ਨ ਯੂਨੀਅਨ ਦੇ ਵਰਕਰ ਆਪਣੀਆਂ ਮੰਗਾਂ ਨੂੰ ਲੈ ਕੇ ਕੱਪੜੇ ਲਾਹ ਕੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਵਰਕਰਾਂ ਨੇ ਇਹ ਸੰਘਰਸ਼ ਨਾਭਾ ਚੌਕ ਤੋਂ ਹੁੰਦਾ ਲੀਲਾ ਭਵਨ ਚੌਕ ਤੱਕ ਕੀਤਾ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਸਬੰਧੀ ਯੂਨੀਅਨ ਦੇ ਸੂਬਾ ਪ੍ਰਧਾਨ ਸੰਦੀਪ ਕੁਮਾਰ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨਾਲ ਇਸ ਸੰਘਰਸ਼ ਵਿੱਚ ਮੀਤ ਪ੍ਰਧਾਨ ਮਨਦੀਪ ਸਿੰਘ ਅੰਮ੍ਰਿਤਸਰ ਤੋਂ ਪਹੁੰਚੇ ਹੋਏ ਜੋ ਕਿ ਲੰਮੇ ਸਮੇਂ ਤੋਂ ਉਨ੍ਹਾਂ ਦਾ ਸਾਥ ਦੇ ਰਹੇ ਹਨ।
ਸਰਕਾਰ ਰੈਗੂਲਰ ਦੀ ਥਾਂ ਕਰ ਰਹੀ ਟਾਲ ਮਟੋਲ
ਸੱਤ ਦਿਨਾਂ ਤੋਂ ਲਗਾਤਾਰ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਵਿਭਾਗ ਵਿੱਚ ਲਿਸਟਮੈਂਟ ਤੇ ਆਊਟ ਸੋਰਸਿੰਗ ਰਾਹੀਂ ਕੰਮ ਕਰ ਰਹੇ ਫੀਲਡ ਤੇ ਦਫ਼ਤਰੀ ਸਟਾਫ਼ ਨੂੰ ਵਿਭਾਗ ਵਿੱਚ ਰੈਗੂਲਰ ਕਰਨ ਦੀ ਥਾਂ ਟਾਲ ਮਟੋਲ ਵਾਲੀ ਨੀਤੀ ਅਪਣਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕੰਮ ਤਾਂ ਕਰਵਾ ਰਹੇ ਨੇ ਪਰ ਤਨਖ਼ਾਹ ਰੈਗੂਲਰ ਵਰਕਰਾਂ ਦੇ ਮੁਤਾਬਿਕ ਨਹੀਂ ਦਿੱਤੀ ਜਾ ਰਹੀ ਹੈ ਤੇ ਉਨ੍ਹਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਇਸ ਦੇ ਚਲਦਿਆਂ ਉਹ ਲਗਾਤਾਰ ਸੰਘਰਸ਼ ਕਰ ਰਹੇ ਹਨ। ਵਰਕਰਾਂ ਨੇ ਪ੍ਰਦਰਸ਼ਨ ਦੌਰਾਨ ਕਾਲੀਆਂ ਝੰਡੀਆਂ ਦਿਖਾ ਕੇ ਮੈਨੇਜਮੈਂਟ ਦਾ ਢਿੱਡ ਸਾਫ਼ ਕਰਨ ਦੀ ਗੱਲ ਕਹੀ ਤੇ ਨਾਲ ਹੀ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਉਹ ਆਪਣਾ ਸੰਘਰਸ਼ ਤੇਜ਼ ਕਰਨਗੇ।
ਇੱਥੇ ਦੱਸਣਾ ਬਣਦਾ ਹੈ ਕਿ ਮੁੱਖ ਮੰਤਰੀ ਕੈਪਟਮਨ ਅਮਰਿੰਦਰ ਸਿੰਘ ਦੇ ਸ਼ਹਿਰ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਦੇ ਵਰਕਰ 7 ਦਿਨਾਂ ਤੋਂ ਆਪਣੇ ਹੱਕ ਲਈ ਸੰਘਰਸ਼ ਕਰ ਰਹੇ ਹਨ ਪਰ ਹਾਲੇ ਤੱਕ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ। ਇਸ ਦੇ ਨਾਲ ਹੀ ਉਨ੍ਹਾਂ ਦੀ ਕੋਈ ਸਾਰ ਲੈਣ ਤੱਕ ਨਹੀਂ ਪਹੁੰਚਿਆ। ਹੁਣ ਆਉਣ ਵਾਲੇ ਸਮੇਂ ਵਿੱਚ ਪਤਾ ਲੱਗੇਗਾ ਕਿ ਕੀ ਵਰਕਰਾਂ ਦੀ ਮੁਸ਼ਕਿਲ ਦਾ ਹੱਲ ਹੁੰਦਾ ਹੈ ਜਾਂ ਨਹੀਂ?