ਸ੍ਰੀ ਅਨੰਦਪੁਰ ਸਾਹਿਬ: ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਤੇ ਅਕਾਲੀ ਦਲ ਦੇ ਯੂਥ ਪ੍ਰਧਾਨ ਬੰਟੀ ਰੁਮਾਣਾ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇ। ਅੱਜ ਉਨ੍ਹਾਂ ਦਾ ਇੱਥੇ 100 ਸਾਲਾ ਸਥਾਪਨਾ ਦਿਵਸ ਨੂੰ ਲੈ ਕੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
ਇਸ ਮੌਕੇ ਚੀਮਾ ਨੇ ਦੱਸਿਆ ਕਿ 12-14 ਦਸੰਬਰ ਤੱਕ ਤਿੰਨ ਦਿਨ ਸ਼੍ਰੋਮਣੀ ਅਕਾਲੀ ਦਲ ਦਾ 100 ਵਾਂ ਸਥਾਪਨਾ ਦਿਵਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਤਿੰਨ ਦਿਨ ਦੇ ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਐਸਜੀਪੀਸੀ ਪ੍ਰਧਾਨ ਤੇ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਹਾਜ਼ਰ ਰਹੇਗੀ ਤੇ ਕਈ ਵਿਚਾਰ-ਵਟਾਂਦਰੇ ਹੋਣਗੇ ।
ਡਾ. ਚੀਮਾ ਨੇ ਗੱਲਬਾਤ ਦੌਰਾਨ ਜਿੱਥੇ ਸਮਾਗਮਾਂ ਬਾਰੇ ਜਾਣਕਾਰੀ ਦਿੱਤੀ ਉੱਥੇ ਹੀ ਕਿਸਾਨੀ ਸੰਘਰਸ਼ ਬਾਰੇ ਬੋਲਦਿਆਂ ਕਿਹਾ ਕਿ ਕੇਂਦਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਸੁਹਿਰਦ ਨਹੀਂ ਹੈ, ਉਹ ਆਪਣੀ ਜ਼ਿੱਦ ਪੁਗਾਉਣਾ ਚਾਹੁੰਦੀ ਹੈ। ਚੀਮਾ ਨੇ ਕਿਹਾ ਕਿ ਭਾਰਤ ਇੱਕ ਲੋਕਤੰਤਰਿਕ ਦੇਸ਼ ਹੈ ਲੋਕਤੰਤਰ ਦੇ ਮੁਤਾਬਿਕ ਕੇਂਦਰ ਨੂੰ ਕਿਸਾਨਾਂ ਦੀ ਗੱਲ ਸੁਣਨੀ ਚਾਹੀਦੀ ਹੈ।
ਉੱਥੇ ਅੱਜ ਇਸ ਮੀਟਿੰਗ ਦੇ ਵਿੱਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਪਰਮ ਬੰਸ ਸਿੰਘ ਬੰਟੀ ਰੋਮਾਣਾ ਨੇ ਪੱਤਰਕਾਰਾਂ ਦੇ ਨਾਲ ਗੱਲ ਕਰਦਿਆਂ ਕਿਹਾ ਕਿ ਪੰਜਾਬ ਦੀ ਸਭ ਤੋਂ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਖ਼ਾਲਸੇ ਦੇ ਜਨਮ ਅਸਥਾਨ ਵਿਖੇ ਆਪਣੇ 100 ਸਾਲ ਪੂਰੇ ਹੋਣ 'ਤੇ ਇੱਕ ਵੱਡਾ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿੱਪ ਪਹੁੰਚ ਰਹੀ ਹੈ।