ਸ੍ਰੀ ਅਨੰਦਪੁਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦਾ ਕਾਂਗਰਸ ਦੀ ਚੱਲ ਰਹੀ ਖਿੱਚੋਤਾਣ ਨੂੰ ਲੈਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਕਾਂਗਰਸ ਵੱਲੋਂ ਪੰਜਾਬ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਪਾਰਟੀ ਦੀ ਵਾਗਡੋਰ ਸੌਂਪਣ ਬਾਰੇ ਬੋਲਦਿਆਂ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੀ ਕੇਂਦਰੀ ਲੀਡਰਸ਼ਿਪ ਨੂੰ ਇਹ ਅਹਿਸਾਸ ਹੋ ਰਿਹਾ ਹੈ ਕਿ ਪੰਜਾਬ ਦਾ ਮੁੱਖ ਮੰਤਰੀ ਪੰਜਾਬ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋਇਆ ਹੈ।
ਜੋ ਵਾਅਦਾ ਉਨ੍ਹਾਂ ਵੱਲੋਂ ਲੋਕਾਂ ਨਾਲ ਕੀਤਾ ਗਿਆ ਸੀ ਸਰਕਾਰ ਇਸ ਨੂੰ ਪੂਰਾ ਨਹੀਂ ਕਰ ਸਕੀ ਅਤੇ ਸੱਤਾ ਨੂੰ ਆਪਣੇ ਹੱਥਾਂ ਵਿਚ ਰੱਖਣ ਲਈ ਇਹ ਤਬਦੀਲੀਆਂ ਕੇਂਦਰੀ ਕਾਂਗਰਸ ਲੀਡਰਸ਼ਿਪ ਵੱਲੋਂ ਪੰਜਾਬ ਵਿਚ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਦਾ ਆਮ ਲੋਕਾਂ ਨਾਲ ਕੋਈ ਲੈਣਾ ਦੇਣਾ ਨਹੀਂ ਹੈ।
ਇਸ ਦੌਰਾਨ ਚੰਦੂਮਾਜਰਾ ਨੇ ਕਿਹਾ ਕਿ ਸੰਸਦ ਦੇ ਜਲਦੀ ਹੋਣ ਵਾਲੇ ਸੈਸ਼ਨ ਵਿੱਚ ਕੇਂਦਰ ਵੱਲੋਂ ਪਾਸ ਕੀਤੇ ਕਾਨੂੰਨਾਂ ਨੂੰ ਵਾਪਸ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਇੱਕ ਮੁਲਤਵੀ ਮਤਾ ਲਿਆਏਗਾ ਅਤੇ ਜਿਸ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਕ ਪੱਤਰ ਦਾ ਖਰੜਾ ਦਿੱਤਾ ਗਿਆ ਹੈ। ਚੰਦੂਮਾਜਰਾ ਨੇ ਕਿਹਾ ਕਿ ਉਹ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਬੇਨਤੀ ਕਰਨਗੇ ਕਿ ਉਹ ਇਸ ਮਤਾ ਲਿਆਉਣ ਲਈ ਸ਼੍ਰੋਮਣੀ ਅਕਾਲੀ ਦਲ ਨਾਲ ਹੱਥ ਮਿਲਾਉਣ ਤਾਂ ਜੋ ਇਸ ਕਾਨੂੰਨ ਨੂੰ ਜਲਦੀ ਤੋਂ ਜਲਦੀ ਵਾਪਸ ਲਿਆ ਜਾ ਸਕੇ।
ਛੇਵੇਂ ਪੇਅ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਸਹੀ ਤਰੀਕੇ ਨਾਲ ਲਾਗੂ ਨਾ ਕਰਨ ਲਈ ਪੰਜਾਬ ਸਰਕਾਰ ਖਿਲਾਫ਼ ਪੰਜਾਬ ਦੇ ਡਾਕਟਰ ਅਤੇ ਹੋਰ ਕਰਮਚਾਰੀ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਸਬੰਧੀ ਬੋਲਦਿਆਂ ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਸਮੂਹ ਕਰਮਚਾਰੀਆਂ ਦੇ ਨਾਲ ਹੈ ਅਤੇ ਉਹ ਚਾਹੁੰਦਾ ਹੈ ਕਿ ਪੰਜਾਬ ਸਰਕਾਰ ਤੁਰੰਤ ਇਨ੍ਹਾਂ ਕਰਮਚਾਰੀਆਂ ਦੀਆਂ ਸਾਰੀਆਂ ਮੰਗਾਂ ਨੂੰ ਸਵੀਕਾਰ ਕਰੇ।
ਇਹ ਵੀ ਪੜ੍ਹੋ: ਸਿੱਧੂ ਦੀ ਪ੍ਰਧਾਨਗੀ ਵਾਲੇ ਬਿਆਨ 'ਤੇ ਰਾਵਤ ਦਾ ਸਪੱਸ਼ਟੀਕਰਨ