ਰੂਪਨਗਰ: ਸ੍ਰੀ ਅਨੰਦਪੁਰ ਸਾਹਿਬ ਵਿੱਚ ਪੈਂਦੇ ਪਿੰਡ ਬੇਨਹਾਰਾ ਝੱਜ ਵਿੱਚ ਇੱਕ ਸ਼ਖ਼ਸ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਬਿਨ੍ਹਾਂ ਆਪਰੇਸ਼ਨ ਤੋਂ ਢਿੱਡ ’ਤੇ ਹੱਥ ਫੇਰ ਕੇ ਪਥਰੀਆਂ ਕੱਢਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਜਿਸ ਦਾ ਸਿੱਖ ਭਾਈਚਾਰੇ ਵੱਲੋਂ ਜੰਮਕੇ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦੇ ਹੀ ਸਿੱਖ ਜਥੇਬੰਦੀਆਂ ਅਤੇ ਸਿੱਖ ਭਾਈਚਾਰੇ ਦੇ ਲੋਕਾਂ ਵੱਲੋਂ ਸੜਕ ’ਤੇ ਬਾਬੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਸੰਗਤਾਂ ਨੇ ਰੋਸ ਜਤਾਉਂਦੇ ਕਿਹਾ ਕਿ ਇਸ ਬਾਬੇ ਵੱਲੋਂ ਗੁਰੂਘਰ ਵਿੱਚ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਕੇ ਪਾਖੰਡ ਕੀਤਾ ਜਾ ਰਿਹਾ ਹੈ ਅਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਹ ਬਿਨ੍ਹਾਂ ਆਪਰੇਸ਼ਨ ਤੋਂ ਹੱਥ ਨਾ ਪੱਥਰੀ ਕੱਢਦਾ ਹੈ।
ਵੱਡੀ ਗਿਣਤੀ ਵਿੱਚ ਸੜਕ ਤੇ ਆਈ ਸੰਗਤ ਕਾਰਨ ਮਾਹੌਲ ਕਾਫੀ ਤਣਾਅਪੂਰਨ ਬਣ ਗਿਆ ਜਿਸਦੇ ਚੱਲਦੇ ਭਾਰੀ ਗਿਣਤੀ ਵਿੱਚ ਪੁਲਿਸ ਬਲ ਮੌਕੇ ’ਤੇ ਪਹੁੰਚ ਗਿਆ। ਪੁਲਿਸ ਵੱਲੋਂ ਮੁਸ਼ੱਕਤ ਤੋਂ ਬਾਅਦ ਮਾਹੌਲ ਨੂੰ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਕੀਤੀ। ਪ੍ਰਦਰਸ਼ਨਕਾਰੀ ਸੰਗਤ ਵੱਲੋਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਕਿ ਗੁਰਦੁਆਰਾ ਸਾਹਿਬ ਵਿੱਚੋਂ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਚੁੱਕਿਆ ਜਾਣਾ ਚਾਹੀਦਾ ਹੈ ਅਤੇ ਮੁਲਜ਼ਮ ਬਾਬੇ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਸੰਗਤ ਨੇ ਕਿਹਾ ਕਿ ਮੁਲਜ਼ਮ ਬਾਬੇ ਖ਼ਿਲਾਫ਼ ਧਾਰਾ 295ਏ ਤਹਿਤ ਕਾਰਵਾਈ ਹੋਣੀ ਚਾਹੀਦੀ ਹੈ।
ਇਸ ਮਾਮਲੇ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਐਸਜੀਪੀਸੀ ਵੱਲੋਂ ਗੁਰੂ ਮਰਿਆਦਾ ਅਨੁਸਾਰਾ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਲਿਜਾਇਆ ਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸੜਕ ਨੂੰ ਵੀ ਚੱਲਦਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ ਜੋ ਵੀ ਸ਼ਿਕਾਇਤ ਦਰਜ ਕਰਵਾਈ ਜਾਵੇਗੀ।
ਇਹ ਵੀ ਪੜ੍ਹੋ: ਹੁਣ ਸਾਬਕਾ ਸੀਐੱਮ ਚੰਨੀ ਮਾਨ ਸਰਕਾਰ ਦੇ ਨਿਸ਼ਾਨੇ ’ਤੇ, 142 ਕਰੋੜ ਦੀ ਗ੍ਰਾਂਟ ਵੰਡਣ ਦੀ ਹੋਵੇਗੀ ਜਾਂਚ