ਰੂਪਨਗਰ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਪੁਲਿਸ ਮੁਲਾਜ਼ਮਾਂ ਤੇ ਡਾਕਟਰਾਂ ਦੇ ਐਨਪੀਏ 'ਚ ਕਟੌਤੀ ਕੀਤੀ ਜਾ ਰਹੀ ਹੈ। ਸੂਬਾ ਸਰਕਾਰ ਦੀ ਇਸ ਕਾਰਵਾਈ 'ਤੇ ਵਿਰੋਧੀ ਪਾਰਟੀਆਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਖ਼ਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਇਸੇ ਕੜੀ 'ਚ ਈਟੀਵੀ ਭਾਰਤ ਨਾਲ ਗੱਲ ਕਰਦਿਆਂ ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਆਗੂ ਰਣਜੀਤ ਸਿੰਘ ਨੇ ਸੂਬਾ ਸਰਕਾਰ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਨਵੇਂ ਸਾਲ ਮੌਕੇ ਬਿਜਲੀ ਦੇ ਰੇਟ ਵਧਾ ਕੇ ਲੋਕਾਂ ਉੱਤੇ ਵਾਧੂ ਬੋਝ ਪਾਇਆ ਗਿਆ ਹੈ। ਹੁਣ ਕੈਪਟਨ ਸਰਕਾਰ ਸੂਬੇ ਦੇ ਸਰਕਾਰੀ ਪੁਲਿਸ ਮੁਲਾਜ਼ਮਾਂ ਤੇ ਡਾਕਟਰਾਂ ਦੇ ਐਨਪੀਏ 'ਚ ਕਟੌਤੀ ਕਰਨ ਜਾ ਰਹੀ ਹੈ ਜੋ ਕਿ ਗ਼ਲਤ ਹੈ।
ਰਣਜੀਤ ਸਿੰਘ ਨੇ ਕਿਹਾ ਕਿ ਜ਼ਿਆਦਾਤਰ ਪੁਲਿਸ ਮੁਲਾਜ਼ਮ ਮੰਤਰੀਆਂ ਦੀ ਹੀ ਸੁਰੱਖਿਆ 'ਚ ਤਾਇਨਾਤ ਰਹਿੰਦੇ ਹਨ ਅਤੇ ਸਾਰਾ ਦਿਨ ਡਿਊਟੀ ਕਰਦੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਤੇ ਡਾਕਟਰਾਂ ਨੂੰ ਛੁੱਟੀ ਨਹੀਂ ਮਿਲਦੀ, ਜਿਸ ਕਾਰਨ ਉਨ੍ਹਾਂ ਨੂੰ ਸਾਲ ਦੀ ਤੇਰ੍ਹਾਂ ਤਨਖ਼ਾਹਾਂ ਮਿਲਦੀਆਂ ਹਨ। ਹੁਣ ਸੂਬਾ ਸਰਕਾਰ ਇਸ 'ਤੇ ਕੈਂਚੀ ਮਾਰਨ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਵੇਂ ਵਿਕਾਸ ਕਾਰਜਾਂ ਲਈ ਵੀ ਸਰਕਾਰੀ ਖ਼ਜਾਨੇ ਨੂੰ ਬੰਦ ਕਰ ਦਿੱਤਾ ਗਿਆ ਹੈ।
ਹੋਰ ਪੜ੍ਹੋ : ਬਿਜਲੀ ਦੀਆਂ ਦਰਾਂ 'ਚ ਵਾਧੇ ਖ਼ਿਲਾਫ਼ ਲੋਕਾਂ 'ਚ ਰੋਸ
ਰਣਜੀਤ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਖ਼ਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦੇ ਦੋਵੇਂ ਗੁਰਦੇ ਖ਼ਰਾਬ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਨੂੰ ਚਲਾਉਣ ਵਾਲੇ ਦੋਵੇਂ ਮੰਤਰੀ ਪੂਰੀ ਤਰ੍ਹਾਂ ਫੇਲ ਹੋ ਚੁੱਕੇ ਹਨ।