ਰੂਪਨਗਰ: ਪੰਜਾਬ ਵਿੱਚ ਕੈਪਟਨ ਸਰਕਾਰ ਦੇ ਤਿੰਨ ਸਾਲ ਪੂਰੇ ਹੋ ਗਏ ਹਨ, ਪਰ ਵਿਕਾਸ ਦੇ ਨਾਂਅ 'ਤੇ ਕੈਪਟਨ ਨੇ ਰੂਪਨਗਰ ਵਿੱਚ ਕੁਝ ਨਹੀਂ ਕੀਤਾ। ਰੋਪੜ ਦੇ ਬੇਲਾ ਚੌਕ ਰੋਡ ਤੋਂ ਸ੍ਰੀ ਚਮਕੌਰ ਸਾਹਿਬ ਜਾਣ ਵਾਲੀ ਸੜਕ ਦਾ ਹਾਲ ਇੰਨਾ ਬੁਰਾ ਹੈ ਕਿ ਥਾਂ-ਥਾਂ 'ਤੇ ਟੋਏ ਪਏ ਹੋਏ ਹਨ, ਜਿਨ੍ਹਾਂ ਤੋਂ ਲੋਕ ਪੂਰੀ ਤਰ੍ਹਾਂ ਪਰੇਸ਼ਾਨ ਹੋ ਗਏ ਹਨ। ਇਸ ਦੇ ਚੱਲਦਿਆ ਅਕਾਲੀ ਦਲ ਤੇ ਭਾਜਪਾ ਵਰਕਰਾਂ ਨੇ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ।
ਇਸ ਸਥਾਨ 'ਤੇ ਅੱਜ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਸੜਕ ਜਾਮ ਕਰਕੇ ਪੰਜਾਬ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਕਿਹਾ ਕਿ ਸਰਕਾਰ ਆਪਣੇ ਤਿੰਨ ਸਾਲ ਦੀਆਂ ਪ੍ਰਾਪਤੀਆਂ ਦੇ ਮਹਿੰਗੇ ਇਸ਼ਤਿਹਾਰ ਅਖਬਾਰਾਂ ਵਿੱਚ ਛਪਾ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਜਦਕਿ, ਵਿਕਾਸ ਦੇ ਨਾਂਅ 'ਤੇ ਕੁਝ ਨਹੀਂ ਹੋਇਆ।
ਉਨ੍ਹਾਂ ਕਿਹਾ ਕਿ ਰੋਪੜ ਸ਼ਹਿਰ ਦੇ ਸਾਰੇ ਸਰਕਲ ਮਾਰਗਾਂ ਦੀਆਂ ਸੜਕਾਂ ਟੁੱਟੀਆਂ ਭੱਜੀਆਂ ਹਨ, ਜਿੱਥੇ ਲੋਕਾਂ ਲਈ ਆਉਣਾ-ਜਾਣਾ ਮੁਸ਼ਕਿਲ ਹੋਇਆ ਹੈ। ਮੱਕੜ ਨੇ ਕਾਂਗਰਸ ਦੇ ਸਥਾਨਕ ਨੇਤਾਵਾਂ ਦੇ ਉੱਪਰ ਵੀ ਕਈ ਨਿਸ਼ਾਨੇ ਵਿੰਨ੍ਹੇ। ਮੱਕੜ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਕੈਪਟਨ ਨੂੰ ਵੋਟਾਂ ਪਾ ਕੇ ਪਛਤਾ ਰਹੇ ਹਨ। ਉਧਰ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਪ੍ਰਧਾਨ ਨੇ ਵੀ ਕੈਪਟਨ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਦਾ ਬੁਰਾ ਹਾਲ ਹੈ। ਸਰਕਾਰ ਲੋਕਾਂ ਦਾ ਹੋਰ ਕੰਮਾਂ ਦੇ ਵਿੱਚ ਧਿਆਨ ਪਾ ਰਹੀ ਹੈ, ਪਰ ਸੜਕਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਬੀਬੀ ਨੇ ਕਾਂਗਰਸ ਦੇ ਸਥਾਨਕ ਆਗੂਆਂ 'ਤੇ ਵੀ ਸ਼ਬਦੀ ਵਾਰ ਕੀਤੇ।
ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਇਸ ਪ੍ਰਦਰਸ਼ਨ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਇਲਾਕੇ ਦੀਆਂ ਸੜਕਾਂ ਨੂੰ ਦਰੁਸਤ ਕਰਨ ਲਈ ਆਪਣਾ ਮੰਗ ਪੱਤਰ ਦਿੱਤਾ ਗਿਆ।
ਇਹ ਵੀ ਪੜ੍ਹੋ: ਕੋਰੋਨਾ ਵਾਇਰਸ ਨਾਲ ਭਾਰਤ ਵਿੱਚ ਤੀਜੀ ਮੌਤ