ਸ੍ਰੀ ਅਨੰਦਪੁਰ ਸਾਹਿਬ: ਸ੍ਰੋਮਣੀ ਕਮੇਟੀ ਦਾ ਮੁੜ ਪ੍ਰਧਾਨ ਬਣਨ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਵੱਲੋਂ ਸ਼੍ਰੋਮਣੀ ਕਮੇਟੀ ਦੇ ਅਹਿਮ ਮਹਿਕਮੇ ਸਿੱਖ ਇਤਿਹਾਸ ਰਿਸਰਚ ਬੋਰਡ (Sikh History Research Board) ਅਤੇ ਪਬਲੀਕੇਸ਼ਨ ਵਿਭਾਗ ਲਈ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੂੰ ਮੈਂਬਰ ਇੰਚਾਰਜ ਦੀ ਜ਼ਿੰਮੇਵਾਰੀ ਦਿੱਤੀ ਹੈ।
ਨਿਯੁਕਤੀ ਦਾ ਸੁਆਗਤ: ਇਸ ਤੋਂ ਇਲਾਵਾ ਅਮਰਜੀਤ ਸਿੰਘ ਚਾਵਲਾ (Amarjit Singh Chawla) ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅਧਿਕਾਰਿਤ ਸਪੋਕਸਮੈਨ ਵੀ ਨਿਯੁਕਤ ਕੀਤਾ ਗਿਆ ਹੈ। ਚਾਵਲਾ ਦੀ ਇਸ ਨਿਯੁਕਤੀ ਉੱਤੇ ਸ੍ਰੀ ਨੰਦਪੁਰ ਸਾਹਿਬ ਨਾਲ ਸਬੰਧਤ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਦੇ ਵਿਚ ਇਨ੍ਹਾਂ ਵਰਕਰਾਂ ਵੱਲੋਂ ਅਮਰਜੀਤ ਸਿੰਘ ਚਾਵਲਾ ਦਾ ਵਿਸ਼ੇਸ਼ ਤੌਰ ਉੱਤੇ ਸਨਮਾਨ ਵੀ ਕੀਤਾ ਗਿਆ।
ਮੈਂਬਰਾਂ ਵੱਲੋਂ ਸ਼ਲਾਘਾ: ਇਸ ਮੌਕੇ ਉੱਤੇ ਬੋਲਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਅਮਰਜੀਤ ਸਿੰਘ ਚਾਵਲਾ ਪਿਛਲੇ ਲੰਮੇ ਸਮੇਂ ਤੋਂ ਪੰਥ ਦੀ ਚੜ੍ਹਦੀ ਕਲਾ, ਇਲਾਕੇ ਵਿੱਚ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਦੇ ਲਈ ਨੌਜਵਾਨਾਂ ਨੂੰ ਸਿੱਖੀ ਦੀ ਲਹਿਰ ਦੇ ਨਾਲ ਜੋੜਨ ਦੇ ਲਈ ਲਗਾਤਾਰ ਯਤਨਸ਼ੀਲ ਹਨ । ਇਕੱਠੇ ਹੋਏ ਸਮੂਹ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਚਾਵਲਾ ਦੀ ਨਿਯੁਕਤੀ ਦੇ ਲਈ ਵਿਸ਼ੇਸ਼ ਤੌਰ ਉੱਤੇ ਧੰਨਵਾਦ ਵੀ ਕੀਤਾ।
ਇਹ ਵੀ ਪੜ੍ਹੋ: ਡੇਰਾ ਪ੍ਰੇਮੀ ਦੇ ਕਤਲ ਮਗਰੋਂ ਏਡੀਜੀਪੀ ਪਹੁੰਚੇ ਘਟਨਾ ਦਾ ਜਾਇਜ਼ਾ ਲੈਣ
ਪੰਥ ਵਿਰੋਧੀ ਹੋਏ ਫੇਲ੍ਹ: ਇਸ ਮੌਕੇ ਅਮਰਜੀਤ ਸਿੰਘ ਚਾਵਲਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਧਾਨ ਵੱਲੋਂ ਦਿੱਤੀ ਇਸ ਵੱਡੀ ਜ਼ਿੰਮੇਵਾਰੀ ਦੇ ਲਈ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕੀਤਾ। ਚਾਵਲਾ ਨੇ ਕਿਹਾ ਕਿ ਕੱਲ੍ਹ ਹੋਈ ਐਗਜ਼ੈਕਟਿਵ ਦੀ ਚੋਣ ਨੇ ਸਿੱਧ ਕਰ ਦਿੱਤਾ ਕਿ ਪੰਥ ਵਿਰੋਧੀ ਤਾਕਤਾਂ ਆਪਣੇ ਮਨਸੂਬਿਆਂ ਵਿੱਚ ਕਦੇ ਵੀ ਕਾਮਯਾਬ ਨਹੀਂ ਹੋਣਗੀਆਂ ਚਾਵਲਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੇ ਗਏ ਇਸ ਅਹਿਮ ਕਾਰਜ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ।